SGPC ਦੇ ਜਨਰਲ ਇਜਲਾਸ ਵਾਲੇ ਦਿਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਲੀ 'ਚ ਵਿਰੋਧ ਪ੍ਰਦਰਸ਼ਨ ਦਾ ਐਲਾਨ, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਬੁਲੰਦ
Babushahi Network
ਲੁਧਿਆਣਾ/ਚੰਡੀਗੜ੍ਹ, 10 ਨਵੰਬਰ 2026- ਲੁਧਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਇੱਕ ਪ੍ਰਮੁੱਖ ਅਤੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ 'ਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਿਰਕਤ ਕੀਤੀ। ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਨੇ ਕਈ ਮਹੱਤਵਪੂਰਨ ਸਿਆਸੀ ਅਤੇ ਪੰਥਕ ਮੁੱਦਿਆਂ 'ਤੇ ਆਪਣੇ ਵਿਚਾਰ ਸਾਹਮਣੇ ਰੱਖੇ। ਉਹਨਾਂ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਹੁਤ ਜਲਦ ਪੂਰੀ ਕਰ ਲਈ ਜਾਵੇਗੀ। ਇਸ ਤੋਂ ਇਲਾਵਾ ਉਹਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਆਮ ਚੋਣਾਂ ਦੀ ਮੰਗ ਨੂੰ ਲੈ ਕੇ ਇੱਕ ਵੱਡੇ ਰੋਸ ਵਿਖਾਵੇ ਦਾ ਵੀ ਐਲਾਨ ਕੀਤਾ।
ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਦੌਰਾਨ ਕਿਹਾ ਕਿ ਜਿਸ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਇਜਲਾਸ ਹੋਵੇਗਾ, ਉਸੇ ਦਿਨ ਉਹ ਆਪਣੀ ਟੀਮ ਅਤੇ ਸੰਗਤ ਦੇ ਨਾਲ ਦਿੱਲੀ ਵਿਖੇ ਜਾ ਕੇ ਪੂਰੇ ਜੋਰ-ਸ਼ੋਰ ਨਾਲ ਰੋਸ ਪ੍ਰਦਰਸ਼ਨ ਕਰਨਗੇ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ ਅਤੇ ਇਹ ਚੋਣਾਂ ਸਮੇਂ ਸਿਰ ਕਰਵਾਉਣਾ ਪੰਥਕ ਹਿੱਤਾਂ ਲਈ ਬਹੁਤ ਜ਼ਰੂਰੀ ਹੈ। ਉਹਨਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਜਲਦ ਤੋਂ ਜਲਦ ਚੋਣਾਂ ਕਰਵਾਉਣ ਦੀ ਮੰਗ ਨੂੰ ਕੇਂਦਰ ਅਤੇ ਸਬੰਧਤ ਪ੍ਰਸ਼ਾਸਨ ਤੱਕ ਪਹੁੰਚਾਉਣ ਦਾ ਅਹਿਦ ਲਿਆ।
- Download Babushahi App
-
-