ਢਾਹਾਂ ਕਲੇਰਾਂ ਸੀਨੀਅਰ ਸੈਕੰਡਰੀ ਸਕੂਲ 'ਚ ਬਣੇਗਾ 2 ਕਰੋੜ ਦਾ ਸ਼ਾਨਦਾਰ ਮਲਟੀਪਰਪਜ਼ ਹਾਲ, ਸੰਤ ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਅਨੰਦਗੜ੍ਹ ਨੇ ਲਾਇਆ ਪਹਿਲਾ ਟੱਕ
ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਤੇ ਮਿਆਰੀ ਸਹੂਲਤਾਂ ਪ੍ਰਦਾਨ ਕਰਨਾ ਸਾਡਾ ਮੁੱਖ ਉਦੇਸ਼ - ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ
ਬੰਗਾ 11 ਨਵੰਬਰ 2026- ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਵਿਸ਼ਾਲ ਮਲਟੀਪਰਪਜ਼ ਹਾਲ ਦੀ ਉਸਾਰੀ ਦੇ ਕੰਮ ਦੀ ਸ਼ੁਰੂਆਤ ਪੂਰੇ ਉਤਸ਼ਾਹ ਅਤੇ ਧਾਰਮਿਕ ਮਰਿਆਦਾ ਨਾਲ ਹੋਈ । ਇਸ ਮਲਟੀਪਰਪਜ਼ ਹਾਲ ਬਣਾਉਣ ਦੇ ਕੰਮ ਦੀ ਆਰੰਭਤਾ ਸੰਤ ਬਾਬਾ ਸਤਨਾਮ ਸਿੰਘ ਜੀ, ਮੁੱਖ ਸੇਵਾਦਾਰ ਕਾਰ ਸੇਵਾ ਸੰਤ ਬਾਬਾ ਸੇਵਾ ਸਿੰਘ ਜੀ, ਕਿਲ੍ਹਾ ਅਨੰਦਗੜ੍ਹ, ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਕਰ-ਕਮਲਾਂ ਨਾਲ ਟੱਕ ਲਗਾ ਕੇ ਕੀਤੀ । ਇਸ ਮੌਕੇ ਬਾਬਾ ਜੀ ਨੇ ਮਲਟੀਪਰਪਜ਼ ਹਾਲ ਦੀ ਨਿਰਵਿਘਨ ਉਸਾਰੀ ਅਤੇ ਸੰਪੂਰਨਤਾ ਲਈ ਅਰਦਾਸ ਕੀਤੀ ਤੇ ਸਮੂਹ ਸਕੂਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਵਧਾਈਆਂ ਦਿੱਤੀਆਂ ।
ਸਕੂਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦਾ ਢਾਂਚਾ ਅਤੇ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਟਰੱਸਟ ਹਮੇਸ਼ਾ ਹੀ ਵਚਨਬੱਧ ਰਿਹਾ ਹੈ । ਅਜੋਕੇ ਸਮੇਂ ਵਿੱਚ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ, ਧਾਰਮਿਕ, ਸੱਭਿਆਚਾਰਕ ਅਤੇ ਹੋਰ ਸਿੱਖਿਆ ਸਹਾਇਕ ਗਤੀਵਿਧੀਆਂ ਦੀ ਜ਼ਰੂਰਤ ਹੁੰਦੀ ਹੈ । ਇਸ ਲਈ ਵਿਦਿਆਰਥੀਆਂ ਦੀ ਜ਼ਰੂਰਤ ਨੂੰ ਮੁੱਖ ਰੱਖਦੇ ਹੋਏ ਸਕੂਲ ਵਿਚ ਵਿਸ਼ਾਲ ਮਲਟੀਪਰਪਜ਼ ਹਾਲ ਤਿਆਰ ਕੀਤਾ ਜਾਵੇਗਾ, ਜਿਸ ਵਿਚ 6 ਲੈਬਾਂ ਵੀ ਹੋਣਗੀਆਂ ਅਤੇ ਇਨ੍ਹਾਂ ਦੀ ਉਸਾਰੀ ਉੱਤੇ 2 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ । ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸੰਤ ਬਾਬਾ ਸਤਨਾਮ ਸਿੰਘ ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਕਾਰਜ ਵਿੱਚ ਆਪਣਾ ਵਿਸ਼ੇਸ਼ ਸਹਿਯੋਗ ਦਿੱਤਾ । ਇਸ ਮੌਕੇ ਸਮੂਹ ਟਰੱਸਟ ਵੱਲੋਂ ਸੰਤ ਬਾਬਾ ਸਤਨਾਮ ਸਿੰਘ ਜੀ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਦਰਸ਼ਨ ਸਿੰਘ ਮਾਹਿਲ ਸੀਨੀਅਰ ਮੈਂਬਰ, ਦਵਿੰਦਰ ਸਿੰਘ ਢਿੱਲੋਂ ਮੈਂਬਰ, ਮਲਕੀਅਤ ਸਿੰਘ ਬਾਹੜੋਵਾਲ ਸਾਬਕਾ ਪ੍ਰਧਾਨ, ਸਤਵਿੰਦਰ ਸਿੰਘ ਰਾਜੂ ਨੌਰਾ, ਕਰਨਵੀਰ ਸਿੰਘ ਢਾਹਾਂ ਯੂ.ਐਸ.ਏ., ਗਿਆਨੀ ਜਗਬੀਰ ਸਿੰਘ ਗੁਰੂ ਗੋਬਿੰਦ ਸਿੰਘ ਲੋਹ ਲੰਗਰ ਸਟੋਰ ਨੌਰਾ, ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡੀ.ਐਮ.ਐਸ. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸਕੂਲ ਪ੍ਰਿੰਸੀਪਲ ਵਨੀਤਾ ਚੋਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ, ਭਾਈ ਮਨਜੀਤ ਸਿੰਘ, ਕਮਲਜੀਤ ਸਿੰਘ, ਭੁਪਿੰਦਰ ਸਿੰਘ, ਵੱਖ-ਵੱਖ ਸੰਸਥਾਵਾਂ ਦੇ ਵਿਭਾਗਾਂ ਦੇ ਮੁਖੀ, ਸਮੂਹ ਸਕੂਲ ਸਟਾਫ, ਵਿਦਿਆਰਥੀ ਵੀ ਹਾਜ਼ਰ ਸਨ ।
- Download Babushahi App
-
-