ਮੌਸਮ ਨੂੰ ਦੇਖਦਿਆਂ ਮੇਅਰ ਪਦਮਜੀਤ ਮਹਿਤਾ ਨੇ ਸੜਕਾਂ ਨੂੰ ਖੱਡਾ ਮੁਕਤ ਕਰਨ ਦੀ ਮੁਹਿੰਮ ਕਰਵਾਈ ਤੇਜ਼
ਅਸ਼ੋਕ ਵਰਮਾ
ਬਠਿੰਡਾ, 11 ਨਵੰਬਰ 2026 : ਸ਼ਹਿਰ ਦੇ ਵਿਕਾਸ ਨੂੰ ਨਵੀਂ ਪਹਿਚਾਣ ਦੇਣ ਅਤੇ ਬਠਿੰਡਾ ਨੂੰ ਖੱਡਾ ਮੁਕਤ ਬਣਾਉਣ ਦੇ ਉਦੇਸ਼ ਨਾਲ ਨਗਰ ਨਿਗਮ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਨਗਰ ਨਿਗਮ ਕੌਂਸਲਰ ਮੈਡਮ ਮਨਦੀਪ ਕੌਰ ਰਾਮਗੜ੍ਹੀਆ ਦੇ ਵਾਰਡ ਨੰਬਰ 7 ਵਿੱਚ ਨਾਮਦੇਵ ਰੋਡ ਤੋਂ ਪ੍ਰੀਮਿਕਸ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕਰਵਾਇਆ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੌਸਮ ਨੂੰ ਦੇਖਦਿਆਂ ਇਸ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸੜਕਾਂ ਨੂੰ ਜਲਦੀ ਤੋਂ ਜਲਦੀ ਖੱਡਾ ਮੁਕਤ ਕੀਤਾ ਜਾ ਸਕੇ।ਇਸ ਦੌਰਾਨ ਬਲਾਕ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ, ਸ੍ਰੀ ਜਸਪਾਲ ਸਿੰਘ, ਮੈਡਮ ਬਬਲੀ ਸਮੇਤ ਹੋਰ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਇਸ ਮੌਕੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਬਠਿੰਡਾ ਸ਼ਹਿਰ ਨੂੰ ਆਧੁਨਿਕ, ਸਾਫ਼-ਸੁਥਰਾ ਅਤੇ ਬਿਹਤਰ ਸਹੂਲਤਾਂ ਨਾਲ ਲੈਸ ਸ਼ਹਿਰ ਬਣਾਉਣ ਲਈ ਲਗਾਤਾਰ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸ਼ਹਿਰ ਵਾਸੀਆਂ ਨੂੰ ਚੰਗੀਆਂ ਅਤੇ ਸੁਖਾਲੀਆਂ ਸੜਕ ਸਹੂਲਤਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਉਦੇਸ਼ ਨਾਲ ਸ਼ਹਿਰ ਵਿੱਚ ਸੜਕਾਂ ਦੀ ਮੁਰੰਮਤ ਅਤੇ ਪ੍ਰੀਮਿਕਸ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ।
ਮੇਅਰ ਨੇ ਕਿਹਾ ਕਿ ਖਰਾਬ ਅਤੇ ਖੱਡਿਆਂ ਵਾਲੀਆਂ ਸੜਕਾਂ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਨਗਰ ਨਿਗਮ ਪੂਰੀ ਗੰਭੀਰਤਾ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਦਾ ਯਤਨ ਹੈ ਕਿ ਬਠਿੰਡਾ ਦੀ ਹਰ ਸੜਕ ਬਿਹਤਰ ਬਣੇ ਅਤੇ ਸ਼ਹਿਰ ਵਾਸੀਆਂ ਨੂੰ ਆਵਾਜਾਈ ਦੌਰਾਨ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਸਿਰਫ਼ ਸੜਕਾਂ ਤੱਕ ਹੀ ਸੀਮਤ ਨਹੀਂ ਹਨ, ਸਗੋਂ ਸ਼ਹਿਰ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਟੀਚਾ ਬਠਿੰਡਾ ਨੂੰ ਇੱਕ ਆਧੁਨਿਕ ਅਤੇ ਸੁੰਦਰ ਸ਼ਹਿਰ ਵਜੋਂ ਨਵੀਂ ਪਹਿਚਾਣ ਦਿਵਾਉਣਾ ਹੈ। ਇਸ ਲਈ ਜਨ ਪ੍ਰਤੀਨਿਧੀਆਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਲੋੜੀਂਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।
- Download Babushahi App
-
-