ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਬਾਰੇ ਰਾਸ਼ਟਰੀ ਸੈਮੀਨਾਰ
ਸਦੀਆਂ ਬਾਅਦ ਪੈਦਾ ਹੁੰਦੇ ਹਨ ਡਾ. ਜੱਗੀ ਜਿਹੇ ਵਿਦਵਾਨ: ਡਾ. ਜਗਦੀਪ ਸਿੰਘ
ਪਟਿਆਲਾ, 11 ਨਵੰਬਰ
ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੀ ਸ਼ਖ਼ਸੀਅਤ ਅਤੇ ਸਿਰਜਣਾ ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰੀਟੇਬਲ ਫਾਊਂਡੇਸ਼ਨ, ਪਟਿਆਲਾ ਦੇ ਸਹਿਯੋਗ ਨਾਲ਼ ਕਰਵਾਏ ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ।
ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਸ਼ਬਦਾਂ ਵਿੱਚ ਕਿਹਾ ਕਿ ਪਦਮਸ਼੍ਰੀ ਡਾ. ਰਤਨ ਸਿੰਘ ਜੱਗੀ ਦਾ ਪੰਜਾਬੀ ਸਾਹਿਤ, ਸਭਿਆਚਾਰ ਅਤੇ ਸਿੱਖ ਅਧਿਐਨ ਦੇ ਖੇਤਰ ਵਿੱਚ ਪਾਇਆ ਗਿਆ ਯੋਗਦਾਨ ਅਣਮੁੱਲਾ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਡਾ. ਜੱਗੀ ਵਰਗੇ ਵਿਦਵਾਨ ਸਦੀਆਂ ਬਾਅਦ ਪੈਦਾ ਹੁੰਦੇ ਹਨ ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਖੋਜ ਕਾਰਜਾਂ ਅਤੇ ਮੌਲਿਕ ਲੇਖਣ ਨੂੰ ਸਮਰਪਿਤ ਕਰ ਦਿੱਤੀ। ਉਨ੍ਹਾਂ ਵੱਲੋਂ ਤਿਆਰ ਕੀਤਾ ਗਿਆ ਕੋਸ਼ਕਾਰੀ ਸਬੰਧੀ ਕਾਰਜ ਅਤੇ ਧਾਰਮਿਕ ਸਾਹਿਤ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਮਾਰਗ-ਦਰਸ਼ਨ ਦਾ ਕੰਮ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਡਾ. ਜੱਗੀ 'ਤੇ ਹਮੇਸ਼ਾ ਮਾਣ ਰਹੇਗਾ।
ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਰਵੇਲ ਸਿੰਘ ਨੇ ਕਿਹਾ ਕਿ ਡਾ. ਜੱਗੀ ਵੱਲੋਂ ਸਥਾਪਿਤ ਕੀਤੇ ਗਏ ਅਕਾਦਮਿਕ ਮੁੱਲਾਂ ਨੂੰ ਸੰਭਾਲਣਾ ਅਤੇ ਉਨ੍ਹਾਂ ਦੇ ਨਕਸ਼-ਏ-ਕਦਮ ਉੱਤੇ ਚੱਲਣਾ ਹੀ ਉਨ੍ਹਾਂ ਨੂੰ ਅਸਲ ਸ਼ਰਧਾਂਜਲੀ ਹੋਵੇਗੀ।
ਵਿਸ਼ੇਸ਼ ਮਹਿਮਾਨ ਵਜੋਂ ਡਾ. ਜਸਪਾਲ ਕੌਰ ਕਾਂਗ ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਨੇ ਆਪਣੀ ਸਾਰੀ ਉਮਰ ਪੰਜਾਬੀ ਭਾਸ਼ਾ, ਸਾਹਿਤ ਅਤੇ ਖੋਜ ਨੂੰ ਸਮਰਪਿਤ ਕਰ ਦਿੱਤੀ।
ਸੈਮੀਨਾਰ ਦੇ ਮੁੱਖ ਬੁਲਾਰੇ ਡਾ. ਸਤਿੰਦਰ ਸਿੰਘ (ਸਾਬਕਾ ਪ੍ਰੋ-ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ) ਨੇ ਕਿਹਾ ਕਿ ਡਾ. ਰਤਨ ਸਿੰਘ ਜੱਗੀ ਦਾ ਵਿਦਵਤਾ ਭਰਪੂਰ ਜੀਵਨ ਅਤੇ ਉਨ੍ਹਾਂ ਵੱਲੋਂ ਕੀਤਾ ਗਿਆ ਖੋਜ ਕਾਰਜ ਪੰਜਾਬੀ ਜਗਤ ਲਈ ਇੱਕ ਮੀਲ ਪੱਥਰ ਹੈ।
ਉਦਘਾਟਨੀ ਸੈਸ਼ਨ ਵਿੱਚ ਡੀਨ ਭਾਸ਼ਾਵਾਂ ਡਾ. ਸੁਰਜੀਤ ਸਿੰਘ ਨੇ ਸੈਮੀਨਾਰ ਦੀ ਰੂਪ-ਰੇਖਾ ਸਾਂਝੀ ਕੀਤੀ ਅਤੇ ਅੰਤ ਵਿੱਚ ਡਾ. ਮਾਲਵਿੰਦਰ ਸਿੰਘ ਜੱਗੀ ਨੇ ਧੰਨਵਾਦੀ ਭਸ਼ਣ ਦਿੱਤਾ।
ਇਸ ਸੈਮੀਨਾਰ ਵਿੱਚ ਦੇਸ ਭਰ ਤੋਂ ਪ੍ਰਮੁੱਖ ਵਿਦਵਾਨਾਂ, ਲੇਖਕਾਂ ਅਤੇ ਬੁੱਧੀਜੀਵੀਆਂ ਨੇ ਭਰਵੀਂ ਹਾਜ਼ਰੀ ਭਰੀ ਅਤੇ ਡਾ. ਜੱਗੀ ਦੇ ਅਕਾਦਮਿਕ ਅਤੇ ਸਾਹਿਤਕ ਯੋਗਦਾਨ ਨੂੰ ਯਾਦ ਕੀਤਾ।
ਦੁਪਹਿਰ ਸਮੇਂ ਸ਼ੁਰੂ ਹੋਏ ਅਕਾਦਮਿਕ ਸੈਸ਼ਨ ਵਿੱਚ ਉੱਘੇ ਵਿਦਵਾਨਾਂ ਨੇ ਡਾ. ਰਤਨ ਸਿੰਘ ਜੱਗੀ ਦੇ ਜੀਵਨ ਅਤੇ ਰਚਨਾਸੰਸਾਰ ਉੱਤੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਸੈਸ਼ਨ ਵਿੱਚ ਡਾ. ਮਨਮੋਹਨ, ਡਾ. ਪਰਮਜੀਤ ਸਿੰਘ ਢੀਂਗਰਾ, ਡਾ. ਗੁਰਪਾਲ ਸਿੰਘ ਸੰਧੂ, ਡਾ. ਰਾਜਿੰਦਰਪਾਲ ਬਰਾੜ ਅਤੇ ਡਾ. ਗੁਰਮੀਤ ਸਿੰਘ ਸਿੱਧੂ ਮੁੱਖ ਬੁਲਾਰੇ ਸਨ। ਇਸ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਕੀਤੀ।
ਅੰਤ ਵਿੱਚ ਵਿਭਾਗ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਵੱਲੋਂ ਸਭ ਦਾ ਰਸਮੀ ਧੰਨਵਾਦ ਕੀਤਾ ਗਿਆ।
- Download Babushahi App
-
-