ਵਿਧਾਨ ਸਭਾ ਚੋਣਾਂ 2027 ਦੌਰਾਨ ਪੰਜਾਬ ਵਿੱਚ ਬਣੇਗੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ- ਗੋਲਡੀ
ਅਸ਼ੋਕ ਵਰਮਾ
ਬਠਿੰਡਾ, 12 ਨਵੰਬਰ 2026 :ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ। ਇਹ ਦਾਅਵਾ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਸ਼ੀਲ ਗੋਲਡੀ ਨੇ ਸਮੂਹ ਪੰਜਾਬੀਆਂ ਨੂੰ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਅਤੇ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਫਤਵਾ ਜਾਰੀ ਕਰਨ ਦਾ ਸੱਦਾ ਦਿੱਤਾ। ਉਹਨਾਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਸਕਰਨ ਸਿੰਘ ਗਹਿਰੀ ਬੁੱਟਰ ਦੀ ਡਟਵੀਂ ਹਮਾਇਤ ਕਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਸਰਕਾਰ ਤੋਂ ਕੀਤੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀ ਲੀਡਰਸ਼ਿਪ ਪੰਜਾਬ ਦੇ ਮਾਮਲਿਆਂ ਵਿਚ ਦਖ਼ਲ ਦੇ ਰਹੀ ਹੈ ਅਤੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਗੋਲਡੀ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਨਸ਼ਿਆਂ ਕਾਰਨ ਕਈ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਜਿਸ ਕਾਰਨ ਪਰਿਵਾਰਾਂ ਵਿਚ ਮਾਤਮ ਛਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਆਪਣੀ ਵੋਟ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਦੇ ਕੇ, ਆਪਣੀ ਖੇਤਰੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ।
- Download Babushahi App
-
-