ਅਰਵਿੰਦ ਕੁਮਾਰ ਵੱਲੋਂ ADC (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ
ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੋਵੇਗਾ ਮੁੱਖ ਟੀਚਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 12 ਨਵੰਬਰ ,2026
ਪੰਜਾਬ ਸਿਵਲ ਸਰਵਿਸਿਜ਼ (ਪੀ.ਸੀ.ਐਸ.) ਦੇ 2014 ਬੈਚ ਦੇ ਅਧਿਕਾਰੀ ਸ੍ਰੀ ਅਰਵਿੰਦ ਕੁਮਾਰ ਨੇ ਵੀਰਵਾਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ਼ਹੀਦ ਭਗਤ ਸਿੰਘ ਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਉਨ੍ਹਾਂ ਦੀ ਬਦਲੀ ਉਪਰੰਤ ਖਮਾਣੋਂ ਤੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਹ ਖਮਾਣੋਂ (ਫਤਿਹਗੜ੍ਹ ਸਾਹਿਬ) ਵਿਖੇ ਉਪ ਮੰਡਲ ਮੈਜਿਸਟ੍ਰੇਟ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਅਹੁਦਾ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਸ੍ਰੀ ਅਰਵਿੰਦ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਲਾਗੂ ਕਰਵਾਉਣਾ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਰਹੇਗਾ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਆਵਾਜਾਈ, ਵਾਤਾਵਰਣ ਦੀ ਸੰਭਾਲ, ਸਿਹਤ ਸੇਵਾਵਾਂ, ਸਿੱਖਿਆ ਅਤੇ ਬਜ਼ੁਰਗ ਨਾਗਰਿਕਾਂ, ਔਰਤਾਂ ਤੇ ਬੱਚਿਆਂ ਦੀ ਸੁਰੱਖਿਆ ਵਰਗੇ ਅਹਿਮ ਖੇਤਰਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਨ੍ਹਾਂ ਖੇਤਰਾਂ ਵਿੱਚ ਲੋੜ ਅਨੁਸਾਰ ਯੋਜਨਾਵਾਂ ਉਲੀਕ ਕੇ ਉਨ੍ਹਾਂ ਨੂੰ ਅਮਲੀ ਰੂਪ ਦਿੱਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਆਪਣੇ ਦਫ਼ਤਰ ਦੇ ਸਟਾਫ ਨਾਲ ਮੁੱਢਲੀ ਮੀਟਿੰਗ ਵੀ ਕੀਤੀ ਅਤੇ ਸਮੂਹ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਯੋਗ ਲਾਭਪਾਤਰੀਆਂ ਤੱਕ ਜ਼ਮੀਨੀ ਪੱਧਰ 'ਤੇ ਪਹੁੰਚਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਸਮੇਂ ਸਿਰ ਅਤੇ ਬਿਨਾਂ ਕਿਸੇ ਮੁਸ਼ਕਲ ਤੋਂ ਲਾਭ ਮਿਲ ਸਕੇ।
- Download Babushahi App
-
-