ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਰੋਕਣ ਪਿੱਛੇ ਸਰਕਾਰਾਂ ਦੀ ਸਾਜ਼ਿਸ਼? ਮਨਪ੍ਰੀਤ ਇਆਲੀ ਨੇ CEO ਪੰਜਾਬ ਨਾਲ ਕੀਤੀ ਮੁਲਾਕਾਤ, ਲਾਏ ਗੰਭੀਰ ਇਲਜ਼ਾਮ
Prab Sidhu
ਚੰਡੀਗੜ੍ਹ 12 ਨਵੰਬਰ 2026: ਵਾਰਿਸ ਪੰਜਾਬ ਦੇ ਪਾਰਟੀ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਪਾਰਟੀ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਡੇਲੀ ਚੀਫ਼ ਇਲੈਕਟੋਰਲ ਅਫ਼ਸਰ (CEO) ਪੰਜਾਬ ਮੈਡਮ ਅਨਿੰਦਿਤਾ ਮਿੱਤਰਾ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਰਜਿਸਟ੍ਰੇਸ਼ਨ ਵਿੱਚ ਹੋ ਰਹੀ ਦੇਰੀ ਦਾ ਮੁੱਦਾ ਚੁੱਕਿਆ। ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਇਆਲੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਪਾਰਟੀ ਦੀ ਰਜਿਸਟ੍ਰੇਸ਼ਨ ਜਾਣਬੁੱਝ ਕੇ ਰੋਕਣ ਦੇ ਇਲਜ਼ਾਮ ਲਗਾਏ।
ਮਨਪ੍ਰੀਤ ਸਿੰਘ ਇਆਲੀ ਮੁਤਾਬਕ ਵਾਰਿਸ ਪੰਜਾਬ ਦੇ ਪਾਰਟੀ ਦਾ ਗਠਨ 14 ਜਨਵਰੀ 2025 ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਕੀਤਾ ਗਿਆ ਸੀ ਅਤੇ 22 ਜਨਵਰੀ ਨੂੰ ਪਾਰਟੀ ਦੀ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਦਿੱਤੀ ਗਈ ਸੀ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਵੱਲੋਂ ਸਾਰੀਆਂ ਲੋੜੀਂਦੀਆਂ ਫਾਰਮੈਲਿਟੀਜ਼ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ CEO ਪੰਜਾਬ ਵੱਲੋਂ ਵੀ ਇਸ ਸਬੰਧੀ ਰਿਪੋਰਟ ਭੇਜੀ ਗਈ ਸੀ। ਪਰ ਇਸ ਦੇ ਬਾਵਜੂਦ ਪਾਰਟੀ ਦੀ ਰਜਿਸਟ੍ਰੇਸ਼ਨ ਸਬੰਧੀ ਅਖ਼ਬਾਰਾਂ ਵਿੱਚ ਇਤਰਾਜ਼ ਮੰਗਣ ਲਈ ਹੋਣ ਵਾਲੀ ਪਬਲੀਕੇਸ਼ਨ ਨਹੀਂ ਕੀਤੀ ਗਈ।
ਚਾਰ ਮਹੀਨਿਆਂ ਤੋਂ ਹੋਮ ਡਿਪਾਰਟਮੈਂਟ ਵੱਲੋਂ ਜਵਾਬ ਨਹੀਂ ਮਿਲਿਆ
ਇਆਲੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ CEO ਪੰਜਾਬ ਰਾਹੀਂ ਪੰਜਾਬ ਸਰਕਾਰ ਦੇ ਹੋਮ ਡਿਪਾਰਟਮੈਂਟ ਤੋਂ ਪਾਰਟੀ ਖ਼ਿਲਾਫ਼ ਆਏ ਇਤਰਾਜ਼ਾਂ ਬਾਰੇ ਰਿਪੋਰਟ ਮੰਗੀ ਗਈ ਸੀ। ਉਨ੍ਹਾਂ ਅਨੁਸਾਰ CEO ਦਫ਼ਤਰ ਵੱਲੋਂ ਕਰੀਬ ਚਾਰ ਮਹੀਨੇ ਪਹਿਲਾਂ ਹੋਮ ਸੈਕਟਰੀ ਨੂੰ ਇਸ ਸਬੰਧੀ ਪੱਤਰ ਲਿਖਿਆ ਗਿਆ ਸੀ, ਪਰ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਰਿਮਾਈਂਡਰ ਅਤੇ ਡੀਓ ਲੈਟਰ ਵੀ ਭੇਜਿਆ ਗਿਆ, ਪਰ ਫਿਰ ਵੀ ਪੰਜਾਬ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ CEO ਪੰਜਾਬ ਵੱਲੋਂ ਨਿੱਜੀ ਤੌਰ 'ਤੇ ਵੀ ਇਸ ਮਾਮਲੇ ਵਿੱਚ ਜਵਾਬ ਦੇਣ ਦੀ ਅਪੀਲ ਕੀਤੀ ਗਈ ਸੀ, ਪਰ ਹੁਣ ਤੱਕ ਹੋਮ ਡਿਪਾਰਟਮੈਂਟ ਵੱਲੋਂ ਨਾ ਤਾਂ ਇਤਰਾਜ਼ਾਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਦੇ ਕਾਰਨਾਂ ਬਾਰੇ ਕੋਈ ਰਿਪੋਰਟ ਦਿੱਤੀ ਗਈ ਹੈ।
'ਦੋਵੇਂ ਸਰਕਾਰਾਂ ਨੂੰ ਵਾਰਿਸ ਪੰਜਾਬ ਦੇ ਤੋਂ ਸਿਆਸੀ ਖ਼ਤਰਾ'
ਮਨਪ੍ਰੀਤ ਇਆਲੀ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿਆਸੀ ਕਾਰਨਾਂ ਕਰਕੇ ਵਾਰਿਸ ਪੰਜਾਬ ਦੇ ਦੀ ਰਜਿਸਟ੍ਰੇਸ਼ਨ ਵਿੱਚ ਅੜਿੱਕੇ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਵਿਅਕਤੀ ਨੂੰ ਪਾਰਟੀ ਬਣਾਉਣ ਅਤੇ ਚੋਣ ਲੜਨ ਦਾ ਅਧਿਕਾਰ ਹੈ, ਜਦਕਿ ਫ਼ੈਸਲਾ ਲੋਕਾਂ ਨੇ ਆਪਣੀ ਵੋਟ ਰਾਹੀਂ ਕਰਨਾ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਦੋ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਸਰਬਜੀਤ ਸਿੰਘ ਪਹਿਲਾਂ ਹੀ ਚੋਣ ਜਿੱਤ ਕੇ ਸੰਸਦ ਵਿੱਚ ਪਹੁੰਚ ਚੁੱਕੇ ਹਨ। ਉਨ੍ਹਾਂ ਮੁਤਾਬਕ ਦੋਵੇਂ ਆਗੂ ਚੋਣ ਕਮਿਸ਼ਨ ਦੀ ਇਜਾਜ਼ਤ ਨਾਲ ਚੋਣ ਲੜੇ ਅਤੇ ਸੰਵਿਧਾਨ ਦੀ ਸਹੁੰ ਚੁੱਕ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ।
ਰਜਿਸਟ੍ਰੇਸ਼ਨ ਨਾ ਹੋਈ ਤਾਂ ਸੁਪਰੀਮ ਕੋਰਟ ਤੋਂ ਲੈ ਕੇ ਸੜਕਾਂ ਤੱਕ ਲੜਾਂਗੇ ਲੜਾਈ
ਮਨਪ੍ਰੀਤ ਇਆਲੀ ਨੇ ਕਿਹਾ ਕਿ ਪਾਰਟੀ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਨੂੰ ਆਪਣੀ ਸ਼ਿਕਾਇਤ ਭੇਜ ਚੁੱਕੀ ਹੈ। ਜੇਕਰ ਇਸ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਦਾ ਤਾਂ ਪਾਰਟੀ ਦੇ ਆਗੂ ਦਿੱਲੀ ਜਾ ਕੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਲੋੜ ਪੈਣ 'ਤੇ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ ਅਤੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਕੋਲ ਅਜੇ ਸਮਾਂ ਹੈ ਅਤੇ ਉਹ ਚੋਣ ਨਿਸ਼ਾਨ ਤੇ ਰਜਿਸਟ੍ਰੇਸ਼ਨ ਦੇ ਮਾਮਲੇ ਨੂੰ ਲੈ ਕੇ ਹਰ ਪੱਧਰ 'ਤੇ ਲੜਾਈ ਲੜੇਗੀ।
ਪੰਥਕ ਧਿਰਾਂ ਨਾਲ ਗੱਠਜੋੜ ਦੀ ਗੱਲਬਾਤ ਜਾਰੀ
ਇਸ ਦੌਰਾਨ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਅਤੇ ਪੰਥਕ ਸਿਆਸਤ ਬਾਰੇ ਗੱਲ ਕਰਦਿਆਂ ਇਆਲੀ ਨੇ ਕਿਹਾ ਕਿ ਪਾਰਟੀ ਦੀਆਂ ਗਤੀਵਿਧੀਆਂ ਨੂੰ ਲੈ ਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਹੈ ਅਤੇ ਕਈ ਹਲਕਿਆਂ ਵਿੱਚ ਪੰਜ ਤੋਂ ਦਸ ਤੱਕ ਉਮੀਦਵਾਰ ਚੋਣ ਲੜਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਥਕ ਸੋਚ ਵਾਲੀਆਂ ਧਿਰਾਂ ਅਤੇ ਆਗੂਆਂ ਨਾਲ ਗੱਠਜੋੜ ਸਬੰਧੀ ਗੱਲਬਾਤ ਚੱਲ ਰਹੀ ਹੈ ਅਤੇ ਇਸ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਪਾਰਟੀ ਵਿੱਚੋਂ ਕੁਝ ਆਗੂਆਂ ਦੀ ਘਰ ਵਾਪਸੀ ਬਾਰੇ ਉਨ੍ਹਾਂ ਕਿਹਾ ਕਿ ਇਸ ਨਾਲ ਪਾਰਟੀ ਦੀ ਸਿਧਾਂਤਕ ਲੜਾਈ 'ਤੇ ਕੋਈ ਫ਼ਰਕ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਪਾਰਟੀ ਪੰਥਕ ਮੁੱਦਿਆਂ ਨੂੰ ਲੈ ਕੇ ਆਪਣਾ ਸੰਘਰਸ਼ ਜਾਰੀ ਰੱਖੇਗੀ ਅਤੇ ਸਾਰੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੀ ਹੈ।
84 ਕਤਲੇਆਮ ਅਤੇ ਸਿੱਖ ਮਸਲਿਆਂ 'ਤੇ ਕਾਂਗਰਸ ਨੂੰ ਘੇਰਿਆ
ਇਸ ਤੋਂ ਇਲਾਵਾ ਮਨਪ੍ਰੀਤ ਇਆਲੀ ਨੇ 1984 ਦੇ ਸਿੱਖ ਕਤਲੇਆਮ, ਦਰਬਾਰ ਸਾਹਿਬ 'ਤੇ ਹੋਏ ਫ਼ੌਜੀ ਹਮਲੇ ਅਤੇ ਪੰਜਾਬ ਦੇ ਹੋਰ ਮੁੱਦਿਆਂ ਨੂੰ ਲੈ ਕੇ ਕਾਂਗਰਸ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਇਤਿਹਾਸ ਵਿੱਚ ਕਈ ਵਾਰ ਵਿਤਕਰਾ ਹੋਇਆ ਹੈ। ਚੰਡੀਗੜ੍ਹ ਪੰਜਾਬ ਨੂੰ ਨਾ ਮਿਲਣਾ, ਪੰਜਾਬੀ ਬੋਲਦੇ ਇਲਾਕਿਆਂ ਅਤੇ ਪਾਣੀਆਂ ਦੇ ਹੱਕਾਂ ਵਰਗੇ ਮੁੱਦੇ ਅੱਜ ਵੀ ਅਧੂਰੇ ਹਨ।
ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਪੈਰੋਲ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਸਿੱਖ ਕੈਦੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਇਆਲੀ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਪਾਰਟੀ ਆਪਣੇ ਹੱਕਾਂ ਅਤੇ ਪੰਥਕ ਮੁੱਦਿਆਂ ਦੀ ਲੜਾਈ ਲੋਕਤੰਤਰੀ ਤਰੀਕੇ ਨਾਲ ਜਾਰੀ ਰੱਖੇਗੀ।
- Download Babushahi App
-
-