‘ਆਪ’ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 2 ਮੌਜੂਦਾ ਲੋਕ ਸਭਾ ਮੈਂਬਰ ਵੀ ਲੜਨਗੇ ਵਿਧਾਨ ਸਭਾ ਚੋਣ
ਚੱਬੇਵਾਲ ਪਰਿਵਾਰ ਨੂੰ ਮਿਲੀਆਂ ਦੋ ਟਿਕਟਾਂ
ਚੰਡੀਗੜ੍ਹ, 12 ਨਵੰਬਰ, 2026 (ਰਵੀ ਜੱਖੂ): ਆਮ ਆਦਮੀ ਪਾਰਟੀ (AAP) ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵੱਲੋਂ ਜਾਰੀ ਇਸ ਸੂਚੀ ਵਿੱਚ ਦੋ ਮੌਜੂਦਾ ਲੋਕ ਸਭਾ ਮੈਂਬਰਾਂ (ਜੋ ਕਿ ਪਹਿਲਾਂ ਵਿਧਾਇਕ ਵੀ ਰਹਿ ਚੁੱਕੇ ਹਨ) ਨੂੰ ਮੁੜ ਵਿਧਾਨ ਸਭਾ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।
ਪਾਰਟੀ ਦੇ ਐਲਾਨ ਅਨੁਸਾਰ, ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ, ਜਦਕਿ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਉਮੀਦਵਾਰ ਬਣਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਡਾ. ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਡਾ. ਇਸ਼ਾਂਕ ਚੱਬੇਵਾਲ ਮੌਜੂਦਾ ਸਮੇਂ ਵਿੱਚ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਮੁੜ ਚੱਬੇਵਾਲ ਹਲਕੇ ਤੋਂ ਹੀ ਉਮੀਦਵਾਰ ਐਲਾਨਿਆ ਗਿਆ ਹੈ। ਇਸ ਤਰ੍ਹਾਂ ਪਾਰਟੀ ਵੱਲੋਂ ਚੱਬੇਵਾਲ ਪਰਿਵਾਰ ਦੇ ਦੋ ਮੈਂਬਰਾਂ (ਪਿਤਾ ਅਤੇ ਪੁੱਤਰ) ਨੂੰ ਵੱਖ-ਵੱਖ ਹਲਕਿਆਂ ਤੋਂ ਵਿਧਾਨ ਸਭਾ ਦੀਆਂ ਟਿਕਟਾਂ ਦਿੱਤੀਆਂ ਗਈਆਂ ਹਨ। ਹੁਣ ਚੋਣਾਂ ਦੌਰਾਨ ਜਨਤਾ ਕਿਸ ਦੇ ਹੱਕ ਵਿੱਚ ਫ਼ਤਵਾ ਦਿੰਦੀ ਹੈ, ਇਹ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ।
- Download Babushahi App
-
-