ਪੰਜਾਬ ਦੀਆਂ ਬੰਦ ਕੀਤੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਜਾਵੇ: ਸੰਯੁਕਤ ਕਿਸਾਨ ਮੋਰਚਾ
ਫਿਰੋਜ਼ਪੁਰ, 13 ਨਵੰਬਰ 2026 - ਸੰਯੁਕਤ ਕਿਸਾਨ ਮੋਰਚਾ ਪੰਜਾਬ, ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਸੁਰਜ ਪ੍ਰਕਾਸ਼ ਬਾਜੇਕੇ ਅਤੇ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਭੇਜਿਆ ਗਿਆ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ 400 ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੀ ਗਈ ਹੈ, ਜਦਕਿ ਪੂਸਾ-44 ਅਤੇ 126 ਕਿਸਮ ਦਾ ਝੋਨਾ ਹਾਲੇ ਵੀ ਵੱਡੀ ਮਾਤਰਾ ਵਿੱਚ ਮੰਡੀਆਂ ਵਿੱਚ ਆ ਰਿਹਾ ਹੈ। ਫਾਜ਼ਿਲਕਾ, ਮੁਕਤਸਰ, ਮਾਨਸਾ, ਬਠਿੰਡਾ, ਫਰੀਦਕੋਟ, ਮੋਗਾ, ਬਰਨਾਲਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਦੀਆਂ ਮੰਡੀਆਂ ਵਿੱਚ 35 ਫ਼ੀਸਦੀ ਤੋਂ ਵੱਧ ਝੋਨਾ ਖਰੀਦਣ ਵਾਲਾ ਪਿਆ ਹੈ। ਜਦੋਂ ਇਸ ਵਾਰ ਝੋਨੇ ਦੀ ਪੈਦਾਵਾਰ 220 ਲੱਖ ਟਨ ਤੋਂ ਵੱਧ ਹੋਣ ਦੀ ਉਮੀਦ ਹੈ ਤਾਂ 180 ਲੱਖ ਟਨ ਖਰੀਦ ਦਾ ਟੀਚਾ ਤੈਅ ਕਰਨਾ ਕਿਸਾਨਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਪਰ ਸਰਕਾਰ ਨੇ ਹਾਲੇ ਤੱਕ ਗੰਨੇ ਦਾ ਭਾਅ ਐਲਾਨਿਆ ਨਹੀਂ। ਚੰਡੀਗੜ੍ਹ ਮੋਰਚੇ ਦੌਰਾਨ ਗੰਨੇ ਦਾ ਭਾਅ ਦੂਜੇ ਸੂਬਿਆਂ ਨਾਲੋਂ ਵੱਧ ਦੇਣ ਅਤੇ ਪੂਰੀ ਅਦਾਇਗੀ ਇੱਕੋ ਕਾਊਂਟਰ ਰਾਹੀਂ ਕਰਨ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।
ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਬੰਦ ਕੀਤੀਆਂ 400 ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ, ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਜਾਵੇ, ਪੂਰੀ ਅਦਾਇਗੀ ਇੱਕੋ ਕਾਊਂਟਰ ਰਾਹੀਂ ਕੀਤੀ ਜਾਵੇ ਅਤੇ ਗੰਨੇ ਦਾ ਪਿਛਲਾ ਬਕਾਇਆ ਤੁਰੰਤ ਦਿੱਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮੰਗਾਂ ਦਾ ਹੱਲ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ, ਲਖਵਿੰਦਰ ਸਿੰਘ ਬੱਲੇਵਾਲੀ, ਕੇਵਲ ਸਿੰਘ ਨਾਜੂ ਸ਼ਾਹ ਵਾਲਾ, ਉਡੀਕ ਸਿੰਘ ਤੁਰਨਾ, ਅਵਤਾਰ ਸਿੰਘ ਗਿੱਲ, ਸੁਖਦੇਵ ਸਿੰਘ ਮਹਿਮਾ, ਅਜੀਤ ਸਿੰਘ ਮਹਿਮਾ, ਗੁਰਭੇਜ ਸਿੰਘ ਮਹਿਮਾ, ਪਰਮਿੰਦਰ ਸਿੰਘ ਮਹਿਮਾ ਅਤੇ ਹਰਪ੍ਰੀਤ ਸਿੰਘ ਯਾਰੇਸ਼ਾਹ ਹਾਜ਼ਰ ਸਨ।
- Download Babushahi App
-
-