ਪਾਰਟੀ ਪ੍ਰਤੀ ਵਫਾਦਾਰੀ ਅਤੇ ਜਿੱਤਣ ਦੀ ਸਮਰਥਾ ਤੇਜ ਤੇ ਵੰਡੈਗੀ ਕਾਂਗਰਸ ਟਿਕਟਾਂ, ਨੌਜਵਾਨਾਂ ਤੇ ਨਵੇਂ ਚਿਹਰਿਆਂ ਨੂੰ ਮਿਲੇਗਾ ਮੌਕਾ_ਪਾਇਲਟ ਦਾ ਐਲਾਨ
ਪੰਜਾਬ ਵਿੱਚ 'ਆਪ' ਸਰਕਾਰ ਦੀ ਕਾਰਗੁਜ਼ਾਰੀ ਤੋਂ ਲੋਕ ਅੱਕ ਚੁੱਕੇ ਹਨ, ਕਾਂਗਰਸ ਹੀ ਇੱਕੋ-ਇੱਕ ਮਜ਼ਬੂਤ ਅਤੇ ਸਥਿਰ ਬਦਲ: ਸਚਿਨ ਪਾਇਲਟ
ਰੋਹਿਤ ਗੁਪਤਾ
ਗੁਰਦਸਪੁਰ ,13 ਨਵੰਬਰ 2026:
ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਹੁਣ ਸੂਬੇ ਵਿੱਚ ਇੱਕ ਮਜ਼ਬੂਤ, ਸਥਿਰ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਵਾਲੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਪੰਜਾਬ ਨੂੰ ਮੁੜ ਵਿਕਾਸ ਅਤੇ ਤਰੱਕੀ ਦੀ ਲੀਹ 'ਤੇ ਲਿਆਉਣ ਦੇ ਸਮਰੱਥ ਇੱਕੋ-ਇੱਕ ਬਦਲ ਹੈ।ਸਚਿਨ ਪਾਇਲਟ ਅੱਜ ਗੁਰਦਾਸਪੁਰ ਵਿਖੇ ਲੋਕ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਗੁਰਦਾਸਪੁਰ ਤੋਂ ਸੰਸਦ ਮੈਂਬਰ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਸੂਬਾ ਸਹਿ-ਇੰਚਾਰਜ ਵੀ ਮੌਜੂਦ ਸਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਪਾਇਲਟ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਦੋਸ਼ ਲਾਇਆ ਕਿ ਪਿਛਲੇ ਲਗਭਗ ਪੌਣੇ ਪੰਜ ਸਾਲਾਂ ਦੌਰਾਨ ਸੂਬੇ ਵਿੱਚ ਨਸ਼ਿਆਂ, ਫਿਰੌਤੀ ਅਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੀ ਬਜਾਏ ਅਸਲ ਇਨਸਾਫ਼, ਸੁਰੱਖਿਆ ਅਤੇ ਵਿਕਾਸ ਚਾਹੁੰਦੇ ਹਨ। ਉਨ੍ਹਾਂ ਰਾਹੁਲ ਗਾਂਧੀ ਵੱਲੋਂ ਸੰਗਰੂਰ ਵਿਖੇ ਕੀਤੇ ਗਏ ਐਲਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਦਮ 'ਤੇ ਚੋਣਾਂ ਲੜ ਕੇ ਸਰਕਾਰ ਬਣਾਉਣ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ 'ਤੇ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ।
ਮੁੱਖ ਮੰਤਰੀ ਭਗਵੰਤ ਮਾਨ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੇ ਅਹਿਮ ਫੈਸਲੇ ਦਿੱਲੀ ਦੇ ਆਗੂਆਂ ਦੇ ਇਸ਼ਾਰਿਆਂ 'ਤੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਹਿੱਤਾਂ ਨਾਲ ਜੁੜੇ ਫੈਸਲਿਆਂ ਦੀ ਤਾਕਤ ਦਿੱਲੀ ਦੇ ਆਗੂਆਂ ਦੇ ਹਵਾਲੇ ਕਰ ਦਿੱਤੀ ਹੈ। ਪੰਜਾਬ ਦੇ ਲੋਕਾਂ ਦੀ ਮਿਹਨਤ ਨਾਲ ਕਮਾਏ ਪੈਸੇ ਦੀ ਵਰਤੋਂ ਸੂਬੇ ਦੇ ਵਿਕਾਸ ਦੀ ਬਜਾਏ ਪਾਰਟੀ ਦੇ ਪ੍ਰਚਾਰ ਅਤੇ ਆਪਣੇ ਆਗੂਆਂ ਨੂੰ ਬਚਾਉਣ ਲਈ ਕੀਤੇ ਜਾਣ ਦੇ ਦੋਸ਼ ਵੀ ਉਨ੍ਹਾਂ ਲਗਾਏ।ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਸੂਚੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ੍ਰੀ ਪਾਇਲਟ ਨੇ ਕਿਹਾ ਕਿ 92 ਵਿਧਾਇਕਾਂ ਨਾਲ ਸਰਕਾਰ ਬਣਾਉਣ ਵਾਲੀ ਪਾਰਟੀ ਅੱਜ ਅੰਦਰੂਨੀ ਕਲੇਸ਼ ਅਤੇ ਬਿਖਰਾਅ ਦਾ ਸਾਹਮਣਾ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦੇ ਕੁਝ ਵਿਧਾਇਕ ਭਾਜਪਾ ਵਿੱਚ ਜਾ ਚੁੱਕੇ ਹਨ, ਕੁਝ ਮੁਅੱਤਲ ਹਨ ਅਤੇ ਕਈ ਆਗੂ ਕਾਨੂੰਨੀ ਮਾਮਲਿਆਂ ਕਾਰਨ ਜੇਲ੍ਹਾਂ ਵਿੱਚ ਹਨ। ਉਨ੍ਹਾਂ ਸਵਾਲ ਕੀਤਾ ਕਿ ਜਿਨ੍ਹਾਂ ਆਗੂਆਂ ਨੂੰ ਪੰਜ ਸਾਲ ਮੰਤਰੀ ਅਤੇ ਅਹਿਮ ਅਹੁਦਿਆਂ 'ਤੇ ਰੱਖਿਆ ਗਿਆ, ਅੱਜ ਉਨ੍ਹਾਂ ਨੂੰ ਹੀ ਚੋਣ ਲੜਨ ਦੇ ਯੋਗ ਕਿਉਂ ਨਹੀਂ ਸਮਝਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹ ਸਥਿਤੀ 'ਆਪ' ਦੀ ਅੰਦਰੂਨੀ ਹਾਲਤ ਨੂੰ ਬਿਆਨ ਕਰਦੀ ਹੈ।ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਸਬੰਧੀ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਰੋਕਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਸਰਹੱਦ ਤੋਂ ਨਸ਼ੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਤੱਕ ਪਹੁੰਚਣ ਅਤੇ ਉਨ੍ਹਾਂ ਦੀ ਵੰਡ ਹੋਣ ਲਈ ਪ੍ਰਸ਼ਾਸਨਿਕ, ਪੁਲਿਸ ਅਤੇ ਸਿਆਸੀ ਪੱਧਰ 'ਤੇ ਜਵਾਬਦੇਹੀ ਤੈਅ ਹੋਣੀ ਲਾਜ਼ਮੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀ ਵੱਡੀ ਪੱਧਰ ਦੀ ਨਸ਼ਾ ਤਸਕਰੀ ਸਥਾਨਕ ਪੱਧਰ 'ਤੇ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ।ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਗਠਜੋੜ ਦੀਆਂ ਚਰਚਾਵਾਂ ਬਾਰੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਪਾਇਲਟ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਨ੍ਹਾਂ ਦਾ ਪੁਰਾਣਾ ਗਠਜੋੜ ਕਿਹੜੇ ਕਾਰਨਾਂ ਕਰਕੇ ਟੁੱਟਿਆ ਸੀ ਅਤੇ ਕੀ ਉਹ ਕਾਰਨ ਹੁਣ ਖ਼ਤਮ ਹੋ ਚੁੱਕੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਦਾ ਮੁੱਖ ਮੁਕਾਬਲਾ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਨਾਲ ਹੀ ਹੋਵੇਗਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਅਤੇ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਬਾਰੇ ਗੱਲ ਕਰਦਿਆਂ ਸ੍ਰੀ ਪਾਇਲਟ ਨੇ ਦੱਸਿਆ ਕਿ ਉਹ ਤਰਨਤਾਰਨ, ਅੰਮ੍ਰਿਤਸਰ ਤੋਂ ਬਾਅਦ ਹੁਣ ਗੁਰਦਾਸਪੁਰ ਵਿੱਚ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵੱਖ-ਵੱਖ ਸਰਵੇਖਣਾਂ ਰਾਹੀਂ ਫੀਡਬੈਕ ਹਾਸਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ ਅਤੇ ਸ੍ਰੀ ਰਾਹੁਲ ਗਾਂਧੀ ਦੀ ਸੋਚ ਅਨੁਸਾਰ ਉਮੀਦਵਾਰਾਂ ਦੀ ਚੋਣ ਪੂਰੀ ਪਾਰਦਰਸ਼ਤਾ ਨਾਲ ਮੈਰਿਟ, ਜਿੱਤਣ ਦੀ ਸਮਰੱਥਾ ਅਤੇ ਪਾਰਟੀ ਪ੍ਰਤੀ ਵਫ਼ਾਦਾਰੀ ਨੂੰ ਮੁੱਖ ਆਧਾਰ ਬਣਾ ਕੇ ਕੀਤੀ ਜਾਵੇਗੀ। ਇਸ ਪ੍ਰਕਿਰਿਆ ਵਿੱਚ ਨੌਜਵਾਨਾਂ ਅਤੇ ਨਵੇਂ ਚਿਹਰਿਆਂ ਨੂੰ ਵੀ ਬਣਦਾ ਮੌਕਾ ਦਿੱਤਾ ਜਾਵੇਗਾ।ਅੰਤ ਵਿੱਚ ਉਨ੍ਹਾਂ ਕਿਹਾ ਕਿ ਮਾਝੇ ਸਮੇਤ ਪੂਰੇ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਮਜ਼ਬੂਤ ਮਾਹੌਲ ਬਣ ਰਿਹਾ ਹੈ। ਪਾਰਟੀ ਕਿਸੇ ਇੱਕ ਆਗੂ ਦੀ ਬਜਾਏ ਸਮੂਹਿਕ ਲੀਡਰਸ਼ਿਪ ਅਤੇ ਵਰਕਰਾਂ ਦੀ ਮਿਹਨਤ ਨਾਲ ਚੋਣ ਮੈਦਾਨ ਵਿੱਚ ਉਤਰੇਗੀ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਵਿੱਚ ਸਰਕਾਰ ਬਣਾਏਗੀ।
- Download Babushahi App
-
-