'ਅਜੀਤ' ਦੇ ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਰਟੀ ਆਗੂਆਂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ
ਅਸ਼ੋਕ ਵਰਮਾ
ਬਠਿੰਡਾ, 13 ਨਵੰਬਰ 2026:'ਅਜੀਤ' ਅਖ਼ਬਾਰ ਦੇ ਬਠਿੰਡਾ ਤੋਂ ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਨੂੰ ਜ਼ਿਲ੍ਹਾ ਬਠਿੰਡਾ ਦੇ ਨਵ-ਨਿਯੁਕਤ ਪਾਰਟੀ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੀ ਅਗਵਾਈ ਹੇਠ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਵਿੱਤਰ ਧਰਤੀ ਵਿਖੇ ਪਾਰਟੀ ਦੇ ਸਕੱਤਰ ਜਨਰਲ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਭਾਈ ਮਨਦੀਪ ਸਿੰਘ ਸਿੱਧੂ (ਭਰਾਤਾ ਸ਼ਹੀਦ ਭਾਈ ਦੀਪ ਸਿੰਘ ਸਿੱਧੂ), ਮਾਲਵਾ ਜ਼ੋਨ-2 ਦੇ ਇੰਚਾਰਜ ਭਾਈ ਪ੍ਰਗਟ ਸਿੰਘ ਭੋਡੀਪੁਰਾ, ਪੀ.ਏ.ਸੀ. ਮੈਂਬਰ ਅਤੇ ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਅਤੇ ਬੁਲਾਰੇ ਨਵਜੋਤ ਕੌਰ ਲੰਬੀ ਵਲੋਂ ਸ਼ਮੂਲੀਅਤ ਕਰਵਾਈ ਗਈ।ਸਿਆਸੀ ਗਲਿਆਰਿਆਂ ਵਿਚ ਚਰਚਾ ਹੈ ਕਿ ਪਾਰਟੀ ਸੱਤਪਾਲ ਸਿੰਘ ਸਿਵੀਆਂ ਨੂੰ ਜ਼ਿਲ੍ਹਾ ਬਠਿੰਡਾ ਅਧੀਨ ਪੈਂਦੇ ਰਾਖਵਾਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ ਤੋਂ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ।
ਉਨ੍ਹਾਂ ਨੇ ਬਤੌਰ ਪੱਤਰਕਾਰ ਹਲਕਾ ਭੁੱਚੋ ਦੇ ਗੋਨੇਆਣਾ ਖੇਤਰ ਵਿਚ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਹਨ ਤੇ ਹਲਕੇ ਵਿਚ ਚੰਗੀ ਜਾਣ ਪਹਿਚਾਣ ਅਤੇ ਪਕੜ ਰੱਖਦੇ ਹਨ।ਜ਼ਿਕਰਯੋਗ ਹੈ ਕਿ ਸੱਤਪਾਲ ਸਿੰਘ ਸਿਵੀਆਂ ਪਿਛਲੇ ਕਰੀਬ 20 ਸਾਲਾਂ ਤੋਂ ਪੱਤਰਕਾਰੀ ਦੇ ਖੇਤਰ ਵਿਚ ਸਰਗਰਮੀ ਨਾਲ ਕਾਰਜਸ਼ੀਲ ਹਨ ਅਤੇ ਆਪਣੀ ਨਿਧੜਕ ਤੇ ਵਿਲੱਖਣ ਪੱਤਰਕਾਰੀ ਲਈ ਜਾਣੇ ਜਾਂਦੇ ਹਨ। ਉਹ ਸਾਲ 2013 ਤੋਂ 2018 ਤੱਕ ਆਪਣੇ ਪਿੰਡ ਦੇ ਪੰਚਾਇਤ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਪਿਛਲੇ ਲੰਬੇ ਸਮੇਂ ਤੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ (ਰਾਖਵਾਂ), ਜ਼ਿਲ੍ਹਾ ਬਠਿੰਡਾ ਵਿਚ ਸਰਗਰਮ ਰਹੇ ਹਨ।
ਇਸ ਮੌਕੇ ਪਾਰਟੀ ਆਗੂਆਂ ਭਾਈ ਮਨਦੀਪ ਸਿੰਘ ਸਿੱਧੂ, ਭਾਈ ਪ੍ਰਗਟ ਸਿੰਘ ਭੋਡੀਪੁਰਾ, ਡਾ. ਪ੍ਰਗਟ ਸਿੰਘ ਵਿਰਕ, ਨਵਜੋਤ ਕੌਰ ਲੰਬੀ ਅਤੇ ਮਨਪ੍ਰੀਤ ਸਿੰਘ ਮੰਨਾ ਨੇ ਸੱਤਪਾਲ ਸਿੰਘ ਸਿਵੀਆਂ ਦਾ ਪਾਰਟੀ ਵਿਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਚਿੰਨ੍ਹ ਅਤੇ ਸਿਰੋਪਾਓ ਭੇਟ ਕੀਤਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਜਥੇਬੰਦਕ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ। ਸੱਤਪਾਲ ਸਿੰਘ ਸਿਵੀਆਂ ਨੇ ਪਾਰਟੀ ਦੇ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਸਮੁੱਚੀ ਹਾਈਕਮਾਂਡ ਤੇ ਜ਼ਿਲ੍ਹਾ ਜਥੇਬੰਦੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵੀ ਯਤਨਸ਼ੀਲ ਰਹਿਣਗੇ।
- Download Babushahi App
-
-