ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਰੋਪੜ ਵਿਖੇ ਗ੍ਰੈਂਡ ਐਵਾਰਡਜ਼ ਸਮਾਰੋਹ, ਕੇਂਦਰੀ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਸਮੇਤ ਕੇਵਲ ਸਿੰਘ ਢਿੱਲੋਂ ਤੇ ਡਾਕਟਰ ਕੁਲਵੰਤ ਸਿੰਘ ਧਾਲੀਵਾਲ ਸਮੇਤ ਸ਼ਖ਼ਸੀਅਤਾਂ ਦਾ ਸਨਮਾਨ
ਅਜੈਵੀਰ ਸਿੰਘ ਲਾਲਪੁਰਾ ਅਤੇ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਪ੍ਰਬੰਧਾਂ ਹੇਠ ਹੋਇਆ ਸ਼ਾਨਦਾਰ ਆਯੋਜਨ, ਪੰਜਾਬ ਦੀ ਵਿਰਾਸਤ, ਬਹਾਦਰੀ ਅਤੇ ਮਨੁੱਖਤਾ ਦੀਆਂ ਮਹਾਨ ਪਰੰਪਰਾਵਾਂ ਨੂੰ ਕੀਤਾ ਸਮਰਪਿਤ
ਮਨਪ੍ਰੀਤ ਸਿੰਘ
ਰੋਪੜ, 13 ਨਵੰਬਰ 2026- ਗਲੋਬਲ ਪੰਜਾਬੀ ਐਸੋਸੀਏਸ਼ਨ ਵੱਲੋਂ ਇਕਬਾਲ ਸਿੰਘ ਲਾਲਪੁਰਾ ਦੀ ਸਰਪ੍ਰਸਤੀ ਹੇਠ ਅੱਜ ਡਾ. ਭੀਮ ਰਾਓ ਅੰਬੇਡਕਰ ਭਵਨ, ਰੂਪਨਗਰ ਵਿਖੇ ਗ੍ਰੈਂਡ ਐਵਾਰਡਜ਼ ਸਨਮਾਨ ਸਮਾਰੋਹ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਭਾਰਤ ਸਰਕਾਰ ਦੇ ਕੇਂਦਰੀ ਕਾਨੂੰਨ ਅਤੇ ਨਿਆਂ ਅਤੇ ਸੰਸਦੀ ਮਾਮਲਿਆਂ ਦੇ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਸਮੇਤ ਤਿੰਨ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਉਨ੍ਹਾਂ ਦੇ ਯੋਗਦਾਨ ਅਤੇ ਸਮਾਜ ਪ੍ਰਤੀ ਸੇਵਾਵਾਂ ਲਈ ਵੱਕਾਰੀ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।
ਸਮਾਗਮ ਦੌਰਾਨ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਨੂੰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਐਵਾਰਡ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਰਾਜਾ ਪੋਰਸ ਐਵਾਰਡ ਅਤੇ ਵਰਲਡ ਕੈਂਸਰ ਕੇਅਰ ਸੁਸਾਇਟੀ ਦੇ ਬ੍ਰਾਂਡ ਅੰਬੈਸਡਰ ਡਾ. ਕੁਲਵੰਤ ਸਿੰਘ ਧਾਲੀਵਾਲ ਨੂੰ ਭਾਈ ਕਨ੍ਹੱਈਆ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕੇਂਦਰੀ ਰਾਜ ਮੰਤਰੀ ਸ੍ਰੀ ਅਰਜੁਨ ਰਾਮ ਮੇਘਵਾਲ ਦੇ ਰੋਪੜ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਗਲੋਬਲ ਪੰਜਾਬੀ ਐਸੋ. ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਨਿੱਘਾ ਸਵਾਗਤ ਕੀਤਾ ਗਿਆ। ਕੈਨਾਲ ਰੈਸਟ ਹਾਊਸ ਵਿਖੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਭਾਜਪਾ ਆਗੂਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ।
ਇਸ ਮੌਕੇ GPA ਦੇ ਆਨਰੇਰੀ ਸਕੱਤਰ ਡਾ. ਜਸਵਿੰਦਰ ਸਿੰਘ ਢਿੱਲੋਂ, ਕਰਨਲ ਜੈਬੰਸ ਸਿੰਘ, ਰਮਨ ਜਿੰਦਲ, ਜਗਦੀਸ਼ ਕਜਲਾ ਸਮੇਤ ਹੋਰ ਪਤਵੰਤੇ ਅਤੇ ਭਾਜਪਾ ਦੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਬਾਅਦ ਸ਼ਿਵਾਲਿਕ ਕਲੱਬ ਵਿਖੇ ਸ. ਅਜੈਵੀਰ ਸਿੰਘ ਲਾਲਪੁਰਾ ਵੱਲੋਂ ਆਯੋਜਿਤ ਸਨੇਹ ਭੋਜ ਵਿੱਚ ਵੀ ਕੇਂਦਰੀ ਰਾਜ ਮੰਤਰੀ ਨੇ ਸ਼ਿਰਕਤ ਕੀਤੀ।
ਸਮਾਗਮ ਦਾ ਮੁੱਖ ਉਦੇਸ਼ ਪੰਜਾਬ ਦੀ ਅਮੀਰ ਵਿਰਾਸਤ, ਇਤਿਹਾਸਕ ਸ਼ਖ਼ਸੀਅਤਾਂ ਦੀ ਸੋਚ ਅਤੇ ਸਮਾਜ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਵਿਅਕਤੀਆਂ ਦੇ ਯੋਗਦਾਨ ਨੂੰ ਸਨਮਾਨ ਦੇਣਾ ਸੀ। ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਨੇ ਆਪਣੀ ਦੂਰਅੰਦੇਸ਼ੀ ਅਤੇ ਬਹਾਦਰੀ ਨਾਲ ਇਤਿਹਾਸ ਸਿਰਜਿਆ, ਰਾਜਾ ਪੋਰਸ ਨੇ ਅਦੁੱਤੀ ਹੌਸਲੇ ਅਤੇ ਸਵੈਮਾਣ ਦੀ ਮਿਸਾਲ ਕਾਇਮ ਕੀਤੀ ਅਤੇ ਭਾਈ ਕਨ੍ਹੱਈਆ ਜੀ ਨੇ ਨਿਰਸਵਾਰਥ ਮਨੁੱਖਤਾ ਅਤੇ ਸੇਵਾ ਦਾ ਸੰਦੇਸ਼ ਦੁਨੀਆ ਤੱਕ ਪਹੁੰਚਾਇਆ।
ਇਸ ਮੌਕੇ ਸ. ਅਜੈਵੀਰ ਸਿੰਘ ਲਾਲਪੁਰਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਬਹਾਦਰੀ, ਕੁਰਬਾਨੀ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਅਜਿਹੇ ਸਨਮਾਨ ਸਮਾਰੋਹ ਨਵੀਂ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਮਹਾਨ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਉਨ੍ਹਾਂ ਕਿਹਾ ਕਿ GPA ਦਾ ਉਦੇਸ਼ ਪੰਜਾਬੀ ਸੱਭਿਆਚਾਰ ਅਤੇ ਵਿਰਾਸਤ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਿਤ ਕਰਨ ਦੇ ਨਾਲ ਨਾਲ ਸਮਾਜ ਲਈ ਪ੍ਰੇਰਨਾ ਸਰੋਤ ਬਣੀਆਂ ਸ਼ਖ਼ਸੀਅਤਾਂ ਨੂੰ ਬਣਦਾ ਮਾਣ ਸਨਮਾਨ ਦੇਣਾ ਹੈ।
ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਵੀ ਐਸੋਸੀਏਸ਼ਨ ਦੇ ਉਦੇਸ਼ਾਂ ਨੂੰ ਅੱਗੇ ਵਧਾਉਣ ਅਤੇ ਪੰਜਾਬ ਦੀਆਂ ਮਹਾਨ ਪਰੰਪਰਾਵਾਂ ਨੂੰ ਸੰਭਾਲਣ ਲਈ ਅਜਿਹੇ ਉਪਰਾਲਿਆਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ।
ਸਮਾਗਮ ਦੌਰਾਨ ਹਾਜ਼ਰ ਪਤਵੰਤਿਆਂ ਨੇ ਐਵਾਰਡ ਪ੍ਰਾਪਤ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ। ਇਹ ਸਮਾਗਮ ਪੰਜਾਬ ਦੀ ਇਤਿਹਾਸਕ ਵਿਰਾਸਤ, ਸਮਾਜਿਕ ਸੇਵਾ ਅਤੇ ਮਨੁੱਖਤਾ ਦੇ ਉੱਚੇ ਆਦਰਸ਼ਾਂ ਨੂੰ ਸਮਰਪਿਤ ਇੱਕ ਯਾਦਗਾਰੀ ਉਪਰਾਲਾ ਬਣਿਆ।
- Download Babushahi App
-
-