ਬਾਬੇ ਨਾਨਕ ਦੀ ਧਰਤੀ ਛੱਡ ਕੇ ਬੱਚਿਆਂ ਨੂੰ ਵਿਦੇਸ਼ ਨਾ ਭੇਜੋ : ਸੰਤ ਸੀਚੇਵਾਲ
*ਕਿਸਾਨਾਂ ਨੂੰ ਕੁਦਰਤੀ ਖੇਤੀ ਅਪਣਾਉਣ ਦਾ ਦਿੱਤਾ ਸੱਦਾ*
*‘ਹਰੇ ਨਗਰ ਕੀਰਤਨ’ ਦੌਰਾਨ ਸੰਗਤਾਂ ਨੂੰ ਵੰਡਿਆ 5100 ਬੂਟਿਆਂ ਦਾ ਪ੍ਰਸ਼ਾਦ*
*ਗੁਰਦੁਆਰਾ ਟਾਹਲੀ ਸਾਹਿਬ ਤੋਂ ਚੱਲ ਕੇ ਪਹਿਲਾਂ ਮਹਾਨ ਨਗਰ ਕੀਰਤਨ ਸੁਲਤਾਨਪੁਰ ਲੋਧੀ ਪਹੁੰਚਿਆ*
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 16 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲਾ ਮਹਾਨ ਨਗਰ ਕੀਰਤਨ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਟਾਹਲੀ ਸਾਹਿਬ ਤੋਂ ਆਰੰਭ ਹੋ ਕੇ ਦੇਰ ਰਾਤ ਸੁਲਤਾਨਪੁਰ ਲੋਧੀ ਸਥਿਤ ਨਿਰਮਲ ਕੁਟੀਆ ਦੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਪਿੰਡ ਬਲੇਰਖਾਨਪੁਰ ਤੋਂ ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਟਾਹਲੀ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਨਗਰ ਕੀਰਤਨ ਦੌਰਾਨ ਰਾਜ ਸਭਾ ਮੈਂਬਰ ਅਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਗਤਾਂ ਨੂੰ ਗੁਰਬਾਣੀ ਅਤੇ ਸ਼ਬਦ ਗੁਰੂ ਨਾਲ ਜੋੜਦਿਆਂ ਸਮਾਜਿਕ ਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੱਤਾ। ਉਨ੍ਹਾਂ ਪਿੰਡਾਂ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਦੀ ਬਜਾਏ ਆਪਣੇ ਦੇਸ਼ ਵਿੱਚ ਹੀ ਚੰਗੇ ਮੌਕੇ ਪੈਦਾ ਕਰਨ ਲਈ ਯਤਨ ਕਰਨ। ਉਨ੍ਹਾਂ ਵਿਦੇਸ਼ਾਂ ਵਿੱਚ ਨੌਜਵਾਨਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਅਤੇ ਟ੍ਰੈਵਲ ਏਜੰਟਾਂ ਵੱਲੋਂ ਕੀਤੀ ਜਾ ਰਹੀ ਲੁੱਟ-ਖਸੁੱਟ ਦਾ ਵੀ ਜ਼ਿਕਰ ਕੀਤਾ।
ਸੰਤ ਸੀਚੇਵਾਲ ਨੇ ਕਿਹਾ ਕਿ ਜਿਸ ਪਵਿੱਤਰ ਧਰਤੀ ’ਤੇ ਬਾਬੇ ਨਾਨਕ ਨੇ ਆਪਣਾ ਜੀਵਨ ਬਤੀਤ ਕੀਤਾ ਅਤੇ ਕਿਰਤ ਕਰਨ, ਵੰਡ ਛਕਣ ਤੇ ਨਾਮ ਜਪਣ ਦਾ ਸੰਦੇਸ਼ ਦਿੱਤਾ, ਉਸ ਧਰਤੀ ਨੂੰ ਛੱਡ ਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਖੱਜਲ-ਖੁਆਰ ਹੋਣ ਲਈ ਨਾ ਭੇਜੋ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਵਿੱਚ ਬੇਅੰਤ ਸੰਭਾਵਨਾਵਾਂ ਹਨ, ਲੋੜ ਸਿਰਫ਼ ਆਪਣੇ ਹੁਨਰ ਅਤੇ ਸਰੋਤਾਂ ਨੂੰ ਸਹੀ ਦਿਸ਼ਾ ਵਿੱਚ ਵਰਤਣ ਦੀ ਹੈ।
ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਪਰਤਣ ਦਾ ਸੱਦਾ ਦਿੰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਹਰੀ ਕ੍ਰਾਂਤੀ ਦੌਰਾਨ ਪੰਜਾਬ ਨੇ ਪੂਰੇ ਦੇਸ਼ ਦਾ ਢਿੱਡ ਭਰਨ ਵਿੱਚ ਅਹਿਮ ਯੋਗਦਾਨ ਪਾਇਆ, ਪਰ ਇਸ ਦੀ ਕੀਮਤ ਸੂਬੇ ਨੂੰ ਆਪਣੇ ਪਾਣੀ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਗੁਆ ਕੇ ਚੁਕਾਉਣੀ ਪੈ ਰਹੀ ਹੈ। ਰਸਾਇਣਕ ਖਾਦਾਂ ਅਤੇ ਕੀਟਨਾਸ਼ਕਾਂ ਦੀ ਅੰਨ੍ਹੇਵਾਹ ਵਰਤੋਂ ਨੇ ਧਰਤੀ ਦੀ ਕੁੱਖ ਨੂੰ ਜ਼ਹਿਰੀਲਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਕਿਸਾਨ ਖੇਤੀ ਦੇ ਅਜਿਹੇ ਤਰੀਕੇ ਅਪਣਾਉਣ, ਜੋ ਮਨੁੱਖੀ ਸਿਹਤ ਦੇ ਨਾਲ-ਨਾਲ ਵਾਤਾਵਰਨ ਲਈ ਵੀ ਲਾਹੇਵੰਦ ਹੋਣ।
ਉਨ੍ਹਾਂ ਕਿਹਾ ਕਿ ਕਿਸਾਨ ਗੁਣਵੱਤਾ ਭਰਪੂਰ ਜੈਵਿਕ ਅਤੇ ਕੁਦਰਤੀ ਖੇਤੀ ਉਤਪਾਦ ਤਿਆਰ ਕਰਨ, ਜਿਨ੍ਹਾਂ ਦੀ ਕੌਮਾਂਤਰੀ ਮੰਡੀ ਵਿੱਚ ਵੀ ਚੰਗੀ ਮੰਗ ਅਤੇ ਕੀਮਤ ਹੈ। ਪੰਜਾਬੀਆਂ ਨੂੰ ਤੰਦਰੁਸਤ ਜੀਵਨ ਦੇਣ ਲਈ ਜ਼ਹਿਰਾਂ ਅਤੇ ਰਸਾਇਣਕ ਖਾਦਾਂ ’ਤੇ ਨਿਰਭਰ ਖੇਤੀ ਨੂੰ ਤਿਆਗ ਕੇ ਕੁਦਰਤ ਪੱਖੀ ਖੇਤੀ ਵੱਲ ਵਧਣਾ ਸਮੇਂ ਦੀ ਮੁੱਖ ਲੋੜ ਹੈ।
ਨਗਰ ਕੀਰਤਨ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਰਸਤੇ ਵਿੱਚ ਪੈਂਦੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਲੰਗਰ ਤੇ ਜਲ ਦੀ ਸੇਵਾ ਕੀਤੀ ਗਈ। ਗੱਤਕਾ ਖਿਡਾਰੀਆਂ ਨੇ ਆਪਣੇ ਜੌਹਰ ਦਿਖਾ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ। ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਵੀ ਸ਼ਬਦ ਕੀਰਤਨ ਰਾਹੀਂ ਮਾਹੌਲ ਨੂੰ ਰੂਹਾਨੀ ਰੰਗ ਵਿੱਚ ਰੰਗਿਆ।
ਇਸ ਮੌਕੇ ਪਹਿਲੇ ‘ਹਰੇ ਨਗਰ ਕੀਰਤਨ’ ਦੌਰਾਨ ਸੰਗਤਾਂ ਨੂੰ 5100 ਬੂਟਿਆਂ ਦਾ ਪ੍ਰਸ਼ਾਦ ਵੰਡਿਆ ਗਿਆ।
*ਬਾਕਸ ਆਇਟਮ; ਜੈਕਾਰਿਆਂ ਦੀ ਗੂੰਜ ਨਾਲ ਸ਼ੁਰੂ ਹੋਇਆ ਨਗਰ ਕੀਰਤਨ 21 ਪਿੰਡਾਂ ਵਿੱਚੋਂ ਹੁੰਦਾ ਸੁਲਤਾਨਪੁਰ ਲੋਧੀ ਪਹੁੰਚਿਆ*
ਅੰਮ੍ਰਿਤ ਵੇਲੇ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਟਾਹਲੀ ਸਾਹਿਬ ਤੋਂ ਆਰੰਭ ਹੋਇਆ ਇਹ ਮਹਾਨ ਨਗਰ ਕੀਰਤਨ ਪਿੰਡ ਬਲੇਰਖਾਨਪੁਰ, ਧੰਦਲ, ਨੱਥੂਚਾਹਲ, ਰਜ਼ਾਪੁਰ, ਅਰਾਈਆਂਵਾਲ, ਵਰਿਆ ਦੋਨਾ, ਕੱਸੋਚਾਹਲ, ਭੰਡਾਲ ਦੋਨਾ, ਸਿੱਧਵਾਂ ਦੋਨਾ, ਕਾਹਲਵਾਂ, ਥਿਗਲੀ, ਮਾਛੀਪਾਲ, ਕਲਾਰਾਂ, ਮੋਠਾਵਾਲ, ਅੱਲਾਦਿੱਤਾ, ਡਡਵਿੰਡੀ, ਚੱਕ ਕੋਟਲਾ ਅੱਡਾ, ਜੈਨਪੁਰ ਅੱਡਾ, ਫੌਜੀ ਕਲੋਨੀ, ਝੱਲ ਲੇਈਵਾਲ ਅਤੇ ਰਣਧੀਰਪੁਰ ਸਮੇਤ 21 ਪਿੰਡਾਂ ਵਿੱਚੋਂ ਹੁੰਦਾ ਹੋਇਆ ਦੇਰ ਰਾਤ ਸੁਲਤਾਨਪੁਰ ਲੋਧੀ ਵਿਖੇ ਨਿਰਮਲ ਕੁਟੀਆ ਦੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਪਹੁੰਚ ਕੇ ਸੰਪੰਨ ਹੋਇਆ।
- Download Babushahi App
-
-