ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ 20 ਤੋਂ 25 ਸਮਾਜ ਸੇਵੀ ਸੰਸਥਾਵਾਂ ਲਈ 2 ਕਰੋੜ ਰੁਪਏ ਤੋਂ ਵੱਧ ਦੀ ਗ੍ਰਾਂਟ ਦੀ ਸਿਫ਼ਾਰਸ਼
ਸੰਸਦ ਮੈਂਬਰ ਨੇ ਕਿਹਾ, ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ ਤਹਿਤ ਗ੍ਰਾਂਟਾਂ ਦੀ ਵੰਡ ਯੋਗਤਾ ਤੇ ਪਾਰਦਰਸ਼ਤਾ ਦੇ ਆਧਾਰ 'ਤੇ ਹੋਵੇਗੀ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ / ਬਰਨਾਲਾ, 19 ਨਵੰਬਰ, 2026: ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵੱਲੋਂ ਸੰਸਦ ਮੈਂਬਰ ਸਥਾਨਕ ਖੇਤਰ ਵਿਕਾਸ ਯੋਜਨਾ (ਐਮ.ਪੀ.ਐਲ.ਏ.ਡੀ.ਐੱਸ.) ਤਹਿਤ ਇਲਾਕੇ ਦੀਆਂ 20 ਤੋਂ 25 ਸਮਾਜ ਸੇਵੀ ਅਤੇ ਲੋਕ ਭਲਾਈ ਸੰਸਥਾਵਾਂ ਲਈ 2 ਕਰੋੜ ਰੁਪਏ ਤੋਂ ਵੱਧ ਦੀ ਗ੍ਰਾਂਟ ਦੀ ਸਿਫ਼ਾਰਸ਼ ਕੀਤੀ ਗਈ ਹੈ। ਇਸ ਰਾਸ਼ੀ ਦੀ ਵਰਤੋਂ ਸੰਸਥਾਵਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਨਾਲ ਸਬੰਧਤ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਕੀਤੀ ਜਾਵੇਗੀ।
ਬਰਨਾਲਾ ਵਿਖੇ ਸਥਾਨਕ ਪੱਤਰਕਾਰਾਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਭਾਈਚਾਰੇ ਦੇ ਮੋਹਤਬਰਾਂ ਨਾਲ ਹੋਏ ਵਿਚਾਰ-ਵਟਾਂਦਰੇ ਦੌਰਾਨ ਗੁਪਤਾ ਨੇ ਕਿਹਾ ਕਿ ਸੰਸਦ ਮੈਂਬਰ ਫੰਡ ਦੀ ਵੰਡ ਪੂਰੀ ਤਰ੍ਹਾਂ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਇਸ ਲਈ ਸੰਸਥਾਵਾਂ ਦੀ ਚੋਣ ਉਨ੍ਹਾਂ ਦੇ ਕੰਮ ਦੀ ਗੁਣਵੱਤਾ, ਸਮਾਜ ਪ੍ਰਤੀ ਯੋਗਦਾਨ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਦੇ ਆਧਾਰ 'ਤੇ ਹੋਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਗ੍ਰਾਂਟ ਦੀ ਸਿਫ਼ਾਰਸ਼ ਕਰਨ ਸਮੇਂ ਕਿਸੇ ਵੀ ਤਰ੍ਹਾਂ ਦੀ ਨਿੱਜੀ ਜਾਣ-ਪਛਾਣ ਜਾਂ ਸਬੰਧਾਂ ਨੂੰ ਆਧਾਰ ਨਹੀਂ ਬਣਾਇਆ ਗਿਆ। ਜਿਨ੍ਹਾਂ ਸੰਸਥਾਵਾਂ ਲਈ ਗ੍ਰਾਂਟ ਦੀ ਸਿਫ਼ਾਰਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਕਈ ਅਜਿਹੀਆਂ ਸੰਸਥਾਵਾਂ ਵੀ ਸ਼ਾਮਲ ਹਨ, ਜਿਨ੍ਹਾਂ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀ ਪਹਿਲੀ ਵਾਰ ਮੁਲਾਕਾਤ ਹੋਈ ਹੈ। ਸਾਰੇ ਪ੍ਰਸਤਾਵ ਸਰਕਾਰ ਵੱਲੋਂ ਨਿਰਧਾਰਤ ਨਿਯਮਾਂ ਅਤੇ ਪ੍ਰਸ਼ਾਸਨਿਕ ਪ੍ਰਕਿਰਿਆ ਅਨੁਸਾਰ ਹੀ ਅੱਗੇ ਭੇਜੇ ਜਾਣਗੇ।
ਗੁਪਤਾ ਨੇ ਕਿਹਾ ਕਿ ਜਨਤਕ ਪੈਸੇ ਦੀ ਵਰਤੋਂ ਵਿਆਪਕ ਲੋਕ ਹਿੱਤ ਲਈ ਹੋਣੀ ਚਾਹੀਦੀ ਹੈ ਅਤੇ ਇਸ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦ ਲੋਕਾਂ ਤੱਕ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਦਾ ਮੁੱਖ ਉਦੇਸ਼ ਅਜਿਹੀਆਂ ਭਰੋਸੇਯੋਗ ਅਤੇ ਸਮਰਪਿਤ ਸੰਸਥਾਵਾਂ ਨੂੰ ਸਹਿਯੋਗ ਦੇਣਾ ਹੈ, ਜੋ ਇਮਾਨਦਾਰੀ ਅਤੇ ਲਗਨ ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ।
ਉਨ੍ਹਾਂ ਸਥਾਨਕ ਪੱਤਰਕਾਰਾਂ, ਸਮਾਜ ਸੇਵੀ ਸੰਸਥਾਵਾਂ ਅਤੇ ਭਾਈਚਾਰੇ ਦੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਲੋਕ ਭਲਾਈ ਲਈ ਨਿਸ਼ਕਾਮ ਸੇਵਾਵਾਂ ਨਿਭਾਅ ਰਹੀਆਂ ਯੋਗ ਸੰਸਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪ੍ਰਸਤਾਵ ਸਾਹਮਣੇ ਲਿਆਉਣ। ਖ਼ਾਸ ਤੌਰ 'ਤੇ ਬਾਲ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਭਾਈਚਾਰਕ ਵਿਕਾਸ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਸ਼ਨਾਖ਼ਤ ਕਰਨ 'ਤੇ ਜ਼ੋਰ ਦਿੱਤਾ ਗਿਆ।
ਸੰਸਦ ਮੈਂਬਰ ਨੇ ਭਰੋਸਾ ਦਿਵਾਇਆ ਕਿ ਲੋਕ ਭਲਾਈ ਨਾਲ ਸਬੰਧਤ ਹਰ ਯੋਗ ਪ੍ਰਸਤਾਵ ਦਾ ਨਿਰਪੱਖ ਮੁਲਾਂਕਣ ਕੀਤਾ ਜਾਵੇਗਾ ਅਤੇ ਐਮ.ਪੀ.ਐਲ.ਏ.ਡੀ.ਐੱਸ. ਦੇ ਨਿਯਮਾਂ ਅਨੁਸਾਰ ਪ੍ਰਸ਼ਾਸਨ ਰਾਹੀਂ ਪਾਰਦਰਸ਼ੀ ਢੰਗ ਨਾਲ ਕਾਰਵਾਈ ਕੀਤੀ ਜਾਵੇਗੀ।
- Download Babushahi App
-
-