ਫੁੱਲਾਂ ਦੀ ਮਹਿਕ ਨਾਲ ਮਹਿਕ ਉੱਠੀ ਪਾਵਨ ਨਗਰੀ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੀ ਅਲੌਕਿਕ ਸਜਾਵਟ ਬਣੀ ਖਿੱਚ ਦਾ ਕੇਂਦਰ
ਸੁਲਤਾਨਪੁਰ ਲੋਧੀ, 20 ਨਵੰਬਰ 2026 (ਬਲਵਿੰਦਰ ਸਿੰਘ ਧਾਲੀਵਾਲ):
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਬੇਹੱਦ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਹੈ। ਇਸ ਪਵਿੱਤਰ ਦਿਹਾੜੇ ਦੀਆਂ ਤਿਆਰੀਆਂ ਤਹਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਵੱਖ-ਵੱਖ ਕਿਸਮਾਂ ਦੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ਦੀ ਅਲੌਕਿਕ ਦਿੱਖ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ ਹੋਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਦੀ ਦੇਖ-ਰੇਖ ਹੇਠ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਅੰਦਰੂਨੀ ਅਤੇ ਬਾਹਰੀ ਹਿੱਸਿਆਂ ਦੀ ਫੁੱਲਾਂ ਨਾਲ ਸਜਾਵਟ ਕਰਵਾਈ ਗਈ ਹੈ। ਇਸ ਤੋਂ ਇਲਾਵਾ ਭਾਈ ਮਰਦਾਨਾ ਜੀ ਦੀਵਾਨ ਹਾਲ ਨੂੰ ਵੀ ਫੁੱਲਾਂ ਨਾਲ ਸਜਾਇਆ ਜਾ ਰਿਹਾ ਹੈ। ਸਜਾਵਟ ਲਈ ਵਿਦੇਸ਼ਾਂ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਫੁੱਲ ਮੰਗਵਾਏ ਗਏ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਹੱਥਾਂ ਨਾਲ ਲਗਾਈ ਗਈ ਇਤਿਹਾਸਕ ਬੇਰੀ ਸਾਹਿਬ ਦੇ ਆਲੇ-ਦੁਆਲੇ ਵੀ ਵੱਖ-ਵੱਖ ਰੰਗਾਂ ਅਤੇ ਕਿਸਮਾਂ ਦੇ ਫੁੱਲਾਂ ਨਾਲ ਸੁੰਦਰ ਸਜਾਵਟ ਕੀਤੀ ਗਈ ਹੈ, ਜੋ ਇਸ ਪਾਵਨ ਅਸਥਾਨ ਦੀ ਸ਼ੋਭਾ ਨੂੰ ਹੋਰ ਵਧਾ ਰਹੀ ਹੈ। ਸਜਾਵਟ ਦੀ ਸੇਵਾ ਕਰਵਾ ਰਹੇ ਸ਼ਰਧਾਲੂਆਂ ਅਨੁਸਾਰ ਪੂਰੇ ਗੁਰਦੁਆਰਾ ਕੰਪਲੈਕਸ ਨੂੰ ਫੁੱਲਾਂ ਨਾਲ ਸਜਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਦੇਸ਼-ਵਿਦੇਸ਼ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿੱਚ ਸੰਗਤਾਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ 'ਤੇ ਪਹੁੰਚ ਰਹੀਆਂ ਹਨ। ਪੂਰੇ ਇਲਾਕੇ ਵਿੱਚ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਦਾ ਮਾਹੌਲ ਬਣਿਆ ਹੋਇਆ ਹੈ।
- Download Babushahi App
-
-