ਫੂਡ ਸਪਲਾਈ ਵਿਭਾਗ ਦੀ ਕਾਰਵਾਈ ’ਤੇ ਆਰਟੀਆਈ ਕਾਰਕੁਨ ਰੋਹਿਤ ਸਭਰਵਾਲ ਤੇ ਸਮਾਜਿਕ ਕਾਰਕੁਨ ਅਰਵਿੰਦ ਸ਼ਰਮਾ ਨੇ ਚੁੱਕੇ ਸਵਾਲ, ਸਿਰਫ਼ ਛੇ ਸਿਲੰਡਰ ਫੜਨ ’ਤੇ ਜਤਾਇਆ ਇਤਰਾਜ਼
---ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਰੋਕਣ ਲਈ ਸ਼ਾਮ ਤੋਂ ਦੇਰ ਰਾਤ ਤੱਕ ਚੈਕਿੰਗ ਕਰਨ ਦੀ ਮੰਗ; ਵਿਜੀਲੈਂਸ ਕੋਲ ਵੀ ਕੀਤੀ ਸ਼ਿਕਾਇਤ
ਸੁਖਮਿੰਦਰ ਭੰਗੂ
ਲੁਧਿਆਣਾ 20 ਨਵੰਬਰ 2026
ਸ਼ਹਿਰ ਵਿੱਚ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਨੂੰ ਰੋਕਣ ਲਈ ਫੂਡ ਸਪਲਾਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਕਾਰਵਾਈ ’ਤੇ ਉੱਘੇ ਆਰਟੀਆਈ ਕਾਰਕੁਨ ਰੋਹਿਤ ਸਭਰਵਾਲ ਤੇ ਸਮਾਜਿਕ ਕਾਰਕੁਨ ਅਰਵਿੰਦ ਸ਼ਰਮਾ ਨੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਭਾਗ ਵੱਲੋਂ ਕੀਤੀ ਜਾ ਰਹੀ ਚੈਕਿੰਗ ਸਿਰਫ਼ ਦਿਖਾਵੇ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਅੰਜਾਮ ਦਿੱਤਾ ਜਾਣਾ ਚਾਹੀਦਾ ਹੈ।
ਰੋਹਿਤ ਸਭਰਵਾਲ ਨੇ ਕਿਹਾ ਕਿ ਸ਼ਹਿਰ ਵਿੱਚ ਖਾਣ-ਪੀਣ ਦਾ ਕਾਰੋਬਾਰ ਮੁੱਖ ਤੌਰ ’ਤੇ ਸ਼ਾਮ 6 ਤੋਂ 7 ਵਜੇ ਦੇ ਦਰਮਿਆਨ ਸ਼ੁਰੂ ਹੁੰਦਾ ਹੈ ਅਤੇ ਰਾਤ 12 ਤੋਂ 1 ਵਜੇ ਤੱਕ ਜਾਰੀ ਰਹਿੰਦਾ ਹੈ। ਅਜਿਹੇ ਵਿੱਚ ਜੇਕਰ ਵਿਭਾਗ ਵੱਲੋਂ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਰੋਕਣ ਲਈ ਸੱਚਮੁੱਚ ਗੰਭੀਰਤਾ ਨਾਲ ਕਾਰਵਾਈ ਕਰਨੀ ਹੈ ਤਾਂ ਚੈਕਿੰਗ ਵੀ ਇਸੇ ਸਮੇਂ ਦੌਰਾਨ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਸ਼ਿਕਾਇਤਕਰਤਾ ਕਿਸੇ ਖ਼ਾਸ ਇਲਾਕੇ ਜਾਂ ਸਮੇਂ ਬਾਰੇ ਜਾਣਕਾਰੀ ਦਿੰਦਾ ਹੈ ਤਾਂ ਵਿਭਾਗ ਦੀ ਟੀਮ ਨੂੰ ਉਸ ਸਮੇਂ ਮੌਕੇ ’ਤੇ ਪਹੁੰਚ ਕੇ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਵਿਭਾਗ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਵਿਜੇਤਾ ਸਵਾਮੀ ਰੋਡ ਸਮੇਤ ਸ਼ਹਿਰ ਦੇ ਕਈ ਖਾਣ-ਪੀਣ ਵਾਲੇ ਬਾਜ਼ਾਰਾਂ ਵਿੱਚ ਸ਼ਾਮ ਤੋਂ ਦੇਰ ਰਾਤ ਤੱਕ ਚੈਕਿੰਗ ਕੀਤੀ ਜਾਵੇ ਤਾਂ ਘਰੇਲੂ ਗੈਸ ਸਿਲੰਡਰਾਂ ਦੀ ਕਮਰਸ਼ੀਅਲ ਵਰਤੋਂ ਸਾਹਮਣੇ ਆ ਸਕਦੀ ਹੈ। ਉਨ੍ਹਾਂ ਨੇ ਹੋਰ ਵੀ ਕਈ ਇਲਾਕਿਆਂ ਅਤੇ ਬਾਜ਼ਾਰਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਵਿਭਾਗ ਨੂੰ ਇਨ੍ਹਾਂ ਥਾਵਾਂ ’ਤੇ ਵੀ ਜਾਂਚ ਕਰਨੀ ਚਾਹੀਦੀ ਹੈ।
ਸ਼ਰਮਾ ਨੇ ਦੋਸ਼ ਲਾਇਆ ਕਿ ਵਿਭਾਗ ਵੱਲੋਂ ਪ੍ਰੈੱਸ ਨੋਟ ਜਾਰੀ ਕਰਕੇ ਆਪਣੀ ਕਾਰਵਾਈ ਦਾ ਪ੍ਰਚਾਰ ਕਰਨਾ ਕਾਫ਼ੀ ਨਹੀਂ ਹੈ। ਜੇਕਰ ਸ਼ਹਿਰ ਵਿੱਚ ਵੱਡੇ ਪੱਧਰ ’ਤੇ ਚੈਕਿੰਗ ਲਈ ਟੀਮਾਂ ਬਣਾਈਆਂ ਗਈਆਂ ਹਨ ਤਾਂ ਉਨ੍ਹਾਂ ਦਾ ਨਤੀਜਾ ਵੀ ਉਸੇ ਅਨੁਸਾਰ ਦਿਖਾਈ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਸਬੰਧੀ ਉਨ੍ਹਾਂ ਵੱਲੋਂ ਵਿਜੀਲੈਂਸ ਸਮੇਤ ਸਬੰਧਤ ਵਿਭਾਗਾਂ ਕੋਲ ਸ਼ਿਕਾਇਤਾਂ ਵੀ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਦੇ ਇੱਕ ਅਧਿਕਾਰੀ ਵੱਲੋਂ ਫੋਨ ਕਰਕੇ ਅਗਲੇ ਦਿਨ ਸ਼ਾਮ ਸਮੇਂ ਟੀਮ ਭੇਜ ਕੇ ਜਾਂਚ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਹੁਣ ਦੇਖਣਾ ਹੋਵੇਗਾ ਕਿ ਵਿਭਾਗ ਵੱਲੋਂ ਇਸ ਭਰੋਸੇ ਅਨੁਸਾਰ ਕੀ ਕਾਰਵਾਈ ਕੀਤੀ ਜਾਂਦੀ ਹੈ।
ਰੋਹਿਤ ਸਭਰਵਾਲ ਨੇ ਵਿਭਾਗ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਪ੍ਰੈੱਸ ਨੋਟ ’ਤੇ ਵੀ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇੰਨੇ ਵੱਡੇ ਸ਼ਹਿਰ ਵਿੱਚ ਟੀਮਾਂ ਬਣਾਉਣ ਅਤੇ ਚੈਕਿੰਗ ਮੁਹਿੰਮ ਚਲਾਉਣ ਦੇ ਬਾਵਜੂਦ ਸਿਰਫ਼ ਛੇ ਸਿਲੰਡਰ ਫੜੇ ਜਾਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਵਿਭਾਗ ਸਿਰਫ਼ ਪ੍ਰੈੱਸ ਨੋਟ ਜਾਰੀ ਕਰਨ ਦੀ ਬਜਾਏ ਖਾਣ-ਪੀਣ ਦੇ ਬਾਜ਼ਾਰਾਂ ਵਿੱਚ ਸ਼ਾਮ ਅਤੇ ਰਾਤ ਦੇ ਸਮੇਂ ਅਚਨਚੇਤ ਚੈਕਿੰਗ ਕਰੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ।
- Download Babushahi App
-
-