ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ : 4 ਤੋਂ 6 ਦਸੰਬਰ ਤੱਕ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਏ ਜਾਣਗੇ ਵਿਸ਼ਾਲ ਸਮਾਗਮ
ਵਾਰਾਣਸੀ, ਜੰਮੂ, ਬਠਿੰਡਾ ਅਤੇ ਫਰੀਦਕੋਟ ਤੋਂ ਸਜਣਗੀਆਂ ਸ਼ੋਭਾ ਯਾਤਰਾਵਾਂ, 3 ਦਸੰਬਰ ਨੂੰ ਪਹੁੰਚਣਗੀਆਂ ਸ੍ਰੀ ਖੁਰਾਲਗੜ੍ਹ ਸਾਹਿਬ
ਸੰਗਤ ਦੀ ਆਮਦ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਕੀਤੇ ਜਾਣਗੇ ਇੰਤਜ਼ਾਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 20 ਨਵੰਬਰ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਵਾਰਾਣਸੀ, ਜੰਮੂ, ਬਠਿੰਡਾ ਅਤੇ ਫਰੀਦਕੋਟ ਤੋਂ ਚਾਰ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ ਜੋ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣਗੀਆਂ ਜਿਸ ਉਪਰੰਤ 4, 5 ਅਤੇ 6 ਦਸੰਬਰ ਨੂੰ ਲਗਾਤਾਰ ਵੱਡੇ ਪੱਧਰ ’ਤੇ ਧਾਰਮਿਕ ਸਮਾਗਮ ਕਰਵਾਏ ਜਾਣਗੇ।
ਸਮਾਗਮਾਂ ਦੀ ਰੂਪਰੇਖਾ ਅਨੁਸਾਰ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮੀਨਾਰ-ਏ-ਬੇਗਮਪੁਰਾ ਵਿਖੇ ਉੱਚ ਪੱਧਰੀ ਮੀਟਿੰਗ ਦੌਰਾਨ ਵੱਡੀ ਪੱਧਰ ’ਤੇ ਸੰਗਤ ਦੀ ਆਮਦ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਸਮਾਂ ਰਹਿੰਦਿਆਂ ਸਮਾਗਮਾਂ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾਵੇ। ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਦੀ ਮੌਜੂਦਗੀ ਵਿਚ ਮਾਰਕਫੈਡ ਦੇ ਐਮ.ਡੀ. ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਸੰਗਤ ਲਈ ਸੁਖਾਵੀਂ ਆਵਾਜਾਈ, ਰਿਹਾਇਸ਼ ਅਤੇ ਲੰਗਰ ਵਿਵਸਥਾ ਦੀ ਲੋੜ ’ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ 3 ਦਸੰਬਰ ਨੂੰ ਚਾਰ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸੰਪੂਰਨ ਹੋਣਗੀਆਂ ਜਿਸ ਉਪਰੰਤ 4 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੋਰ ਸ਼ਖਸੀਅਤਾਂ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਇਕੱਤਰ ਹੋਣੀਆਂ ਜਿਸ ਉਪਰੰਤ ਮੁੱਖ ਮੰਤਰੀ ਵਲੋਂ ਮੀਨਾਰ-ਏ-ਬੇਗਮਪੁਰਾ ਕੰਪਲੈਕਸ ਵਿਖੇ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ। 4 ਦਸੰਬਰ ਨੂੰ ਬਾਅਦ ਦੁਪਹਿਰ ਸੰਤ ਸੰਮੇਲਨ ਅਤੇ ਕੀਰਤਨ ਦਰਬਾਰ ਤੋਂ ਬਾਅਦ ਸ਼ਾਮ 7 ਵਜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫਲਸਫੇ ’ਤੇ ਆਧਾਰਤ ਥ੍ਰੀ ਡੀ ਪ੍ਰੋਜੈਕਸ਼ਨ ਅਤੇ ਡਰੋਨ ਸ਼ੋਅ ਹੋਵੇਗਾ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਦੁਸਰੇ ਦਿਨ 5 ਦਸੰਬਰ ਨੂੰ ਚਰਨ ਛੋਹ ਗੰਗਾ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਉਪਰੰਤ ਕੀਰਤਨ ਦਰਬਾਰ ਅਤੇ ਥ੍ਰੀ ਡੀ ਪ੍ਰੋਜੈਕਸ਼ਨ ਹੋਵੇਗੀ। ਇਸੇ ਤਰ੍ਹਾਂ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਮੁੱਖ ਮੰਤਰੀ ਵਲੋਂ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ। ਸਮਾਗਮ ਸਥਾਨ ’ਤੇ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਸ਼ਰਧਾਲੂਆਂ ਦੀ ਆਮਦ ਦੇ ਮੱਦੇਨਜ਼ਰ ਟੈਂਟਸਿਟੀ ਵਿਚ ਉਨ੍ਹਾਂ ਦੇ ਠਹਿਰਨ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਜਾਵੇਗਾ। ਸ਼ਰਧਾਲੂਆਂ ਦੀ ਸੁਖਾਵੀਂ ਆਵਾਜਾਈ ਦੇ ਮੱਦੇਨਜ਼ਰ ਸਬੰਧਤ ਵਿਭਾਗਾਂ ਨੂੰ ਸੁਚੱਜੇ ਇੰਤਜ਼ਾਮ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਜੀਤ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਆਰ.ਟੀ.ਓ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਗੁਰਕੰਵਲ ਸਿੰਘ, ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।
- Download Babushahi App
-
-