ਕਰਤਾਰਪੁਰ ਲਾਂਘਾ ਖੋਲ੍ਹਣ ਤੇ ਅਟਾਰੀ-ਵਾਹਗਾ ਰਾਹੀਂ ਵਪਾਰ ਬਹਾਲ ਕਰਨ ਦੀ ਮੰਗ, ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 23 ਨਵੰਬਰ 2026: ਪੰਜਾਬ ਦੇ ਧਾਰਮਿਕ ਅਤੇ ਆਰਥਿਕ ਹਿੱਤਾਂ ਦਾ ਹਵਾਲਾ ਦਿੰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਅਟਾਰੀ-ਵਾਹਗਾ ਸਰਹੱਦ ਰਾਹੀਂ ਭਾਰਤ-ਪਾਕਿਸਤਾਨ ਵਪਾਰ ਬਹਾਲ ਕਰਨ ਦੀ ਮੰਗ ਕੀਤੀ ਹੈ।
ਪਰਗਟ ਸਿੰਘ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿੱਖ ਸੰਗਤ ਦੀਆਂ ਧਾਰਮਿਕ ਅਤੇ ਅਧਿਆਤਮਿਕ ਭਾਵਨਾਵਾਂ ਨਾਲ ਡੂੰਘਾ ਸਬੰਧ ਰੱਖਦਾ ਹੈ। ਇਸ ਨੂੰ ਮੁੜ ਖੋਲ੍ਹਣ ਨਾਲ ਸੰਗਤ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਸਹੂਲਤ ਮਿਲ ਸਕੇਗੀ।
ਉਨ੍ਹਾਂ ਕਿਹਾ ਕਿ ਅਟਾਰੀ-ਵਾਹਗਾ ਸਰਹੱਦ ਰਾਹੀਂ ਵਪਾਰ ਬੰਦ ਹੋਣ ਦਾ ਅਸਰ ਪੰਜਾਬ ਦੀ ਆਰਥਿਕਤਾ ’ਤੇ ਵੀ ਪੈਂਦਾ ਹੈ। ਇਸ ਨਾਲ ਕਿਸਾਨਾਂ, ਵਪਾਰੀਆਂ, ਟਰਾਂਸਪੋਰਟਰਾਂ, ਮਜ਼ਦੂਰਾਂ ਅਤੇ ਸਰਹੱਦੀ ਖੇਤਰਾਂ ਨਾਲ ਜੁੜੇ ਲੋਕਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੁੰਦੀ ਹੈ।
ਕਾਂਗਰਸ ਆਗੂ ਨੇ ਕਿਹਾ ਕਿ ਦੇਸ਼ ਦੀ ਸੁਰੱਖਿਆ ਸਭ ਤੋਂ ਅਹਿਮ ਹੈ, ਪਰ ਇਸ ਦੇ ਨਾਲ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਆਰਥਿਕ ਹਿੱਤਾਂ ਨੂੰ ਵੀ ਤਰਜੀਹ ਮਿਲਣੀ ਚਾਹੀਦੀ ਹੈ।
ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਨਾਲ ਕੂਟਨੀਤਕ ਪੱਧਰ ’ਤੇ ਗੱਲਬਾਤ ਕਰਕੇ ਦੋਵਾਂ ਮੁੱਦਿਆਂ ਦੇ ਹੱਲ ਲਈ ਜਲਦ ਠੋਸ ਕਦਮ ਚੁੱਕੇ ਜਾਣ।
- Download Babushahi App
-
-