ਅਕਾਲੀ-ਭਾਜਪਾ ਗੱਠਜੋੜ ਬਾਰੇ ‘ਹਾਲੇ ਉਡੀਕ ਕਰੋ, ਸਭ ਠੀਕ ਹੋ ਜਾਵੇਗਾ’ : ਸ਼ਿਵਰਾਜ ਸਿੰਘ ਚੌਹਾਨ
ਸਮਾਰਟ ਸਿਟੀ ਦੇ ਵਿਕਾਸ ਕਾਰਜ ਜ਼ਮੀਨੀ ਪੱਧਰ ’ਤੇ ਨਾ ਦਿਸਣ ਬਾਰੇ ਪੁੱਛੇ ਸਵਾਲ ’ਤੇ ਕਿਹਾ, ਮੋਦੀ ਸਾਹਿਬ ਨੇ ਜੋ ਕਿਹਾ ਹੈ, ਉਹ ਜ਼ਰੂਰ ਪੂਰਾ ਕਰਨਗੇ
ਬਲਵਿੰਦਰ ਸਿੰਘ ਧਾਲੀਵਾਲ/ਪ੍ਰਦੀਪ ਸਿੰਘ
ਸੁਲਤਾਨਪੁਰ ਲੋਧੀ, 24 ਨਵੰਬਰ
- ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੀ ਸਿਆਸਤ, ਅਕਾਲੀ-ਭਾਜਪਾ ਗੱਠਜੋੜ, ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਪ੍ਰਾਜੈਕਟ ਅਤੇ ਕਿਸਾਨੀ ਨਾਲ ਜੁੜੇ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗੱਠਜੋੜ ਦੀਆਂ ਸੰਭਾਵਨਾਵਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਾਲੇ ਉਡੀਕ ਕਰੋ, ਸਭ ਠੀਕ ਹੋ ਜਾਵੇਗਾ। ਗੱਠਜੋੜ ਵਿੱਚ ਵੱਡੇ ਅਤੇ ਛੋਟੇ ਭਰਾ ਦੀ ਭੂਮਿਕਾ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਭਰਾ ਤਾਂ ਭਰਾ ਹੁੰਦਾ ਹੈ, ਵੱਡਾ ਜਾਂ ਛੋਟਾ ਹੋਣ ਨਾਲ ਕੋਈ ਫਰਕ ਨਹੀਂ ਪੈਂਦਾ। ਉਨ੍ਹਾਂ ਦੇ ਇਸ ਬਿਆਨ ਨਾਲ ਦੋਵਾਂ ਪਾਰਟੀਆਂ ਵਿਚਕਾਰ ਮੁੜ ਸਿਆਸੀ ਸਾਂਝ ਦੀ ਚਰਚਾ ਨੂੰ ਹੋਰ ਹਵਾ ਮਿਲੀ ਹੈ।
ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਦੇ ਐਲਾਨਾਂ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜ ਦਿਖਾਈ ਨਾ ਦੇਣ ਸਬੰਧੀ ਪੁੱਛੇ ਸਵਾਲ ’ਤੇ ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਕਿਹਾ ਹੈ, ਉਹ ਜ਼ਰੂਰ ਪੂਰਾ ਕਰਨਗੇ। ਇਤਿਹਾਸਕ ਨਗਰੀ ਦੇ ਵਿਕਾਸ ਸਬੰਧੀ ਲੋਕਾਂ ਦੀਆਂ ਉਮੀਦਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਇਹ ਬਿਆਨ ਅਹਿਮ ਮੰਨਿਆ ਜਾ ਰਿਹਾ ਹੈ।
ਪੰਜਾਬ ਦੀ ਸਿਆਸਤ ਬਾਰੇ ਗੱਲ ਕਰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਨ ’ਤੇ ਕਿਸਾਨਾਂ ਸਮੇਤ ਸੂਬੇ ਦੇ ਹਰ ਵਰਗ ਦੀ ਖੁਸ਼ਹਾਲੀ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ।
ਪੰਜਾਬ ਵਿੱਚ ਕਿਸਾਨਾਂ ਨੂੰ ਖਾਦ ਦੀ ਕਿੱਲਤ ਆਉਣ ਸਬੰਧੀ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ, ਪਰ ਕੇਂਦਰ ਸਰਕਾਰ ਕੋਲ ਖਾਦ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਖਾਦ ਦੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਜ਼ਿਕਰ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਮੁੱਚੀ ਮਾਨਵਤਾ ਨੂੰ 'ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ' ਦਾ ਮਹਾਨ ਸੰਦੇਸ਼ ਦਿੱਤਾ। ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾ ਕੇ ਆਪਸੀ ਪਿਆਰ, ਭਾਈਚਾਰੇ ਅਤੇ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ।
- Download Babushahi App
-
-