ਹਿਮਾਚਲ ਪ੍ਰਦੇਸ਼ ’ਚ ਸਿੱਖ ਵਿਦਿਆਰਥੀ ਨੂੰ ਕਕਾਰਾਂ ਕਾਰਨ ਪ੍ਰੀਖਿਆ ’ਚ ਨਾ ਬੈਠਣ ਦੇਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ
ਪ੍ਰੀਖਿਆਵਾਂ ’ਚ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 27 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪਦੇਸ਼ ਦੇ ਊਨਾ ਜ਼ਿਲ੍ਹਾ ’ਚ ਪਟਵਾਰੀ ਭਰਤੀ ਲਈ ਟੈਸਟ ਦੌਰਾਨ ਸਿੱਖ ਵਿਦਿਆਰਥੀ ਬੀਬੀ ਰਾਜਵਿੰਦਰ ਕੌਰ ਨੂੰ ਕਕਾਰ ਪਹਿਨਣ ਕਾਰਨ ਪ੍ਰੀਖਿਆ ਦੇਣ ਤੋਂ ਰੋਕੇ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਨੂੰ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੇ ਵਿਰੁੱਧ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਅੰਗ ਹਨ, ਜਿਸ ਨੂੰ ਸਿੱਖ ਕਦੇ ਵੀ ਸਰੀਰ ਤੋਂ ਵੱਖ ਨਹੀਂ ਕਰਦਾ। ਇਹ ਸਿਰਫ਼ ਧਾਰਮਿਕ ਚਿੰਨ੍ਹ ਹੀ ਨਹੀਂ, ਸਗੋਂ ਸਿੱਖ ਦੀ ਪਛਾਣ ਅਤੇ ਗੁਰੂ ਸਾਹਿਬ ਪ੍ਰਤੀ ਸਮਰਪਣ ਦਾ ਪ੍ਰਤੀਕ ਹਨ। ਭਾਰਤ ਦਾ ਸੰਵਿਧਾਨ ਹਰ ਨਾਗਰਿਕ ਨੂੰ ਆਪਣੇ ਧਰਮ ਦੀ ਪਾਲਣਾ ਕਰਨ ਦੀ ਅਜ਼ਾਦੀ ਦਿੰਦਾ ਹੈ। ਕਿਸੇ ਵੀ ਪ੍ਰੀਖਿਆ ਜਾਂ ਭਰਤੀ ਪ੍ਰਕਿਰਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਚਿੰਨ੍ਹ ਉਤਾਰਨ ਲਈ ਮਜ਼ਬੂਰ ਕਰਨਾ ਉਸ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਜਿਹੀ ਘਟਨਾ ਨਾਲ ਜਿਥੇ ਸਿੱਖ ਵਿਦਿਆਰਥੀਆਂ ਨੂੰ ਮਾਨਸਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਥੇ ਹੀ ਉਨ੍ਹਾਂ ਦੇ ਭਵਿੱਖ ਨਾਲ ਵੀ ਖਿਲਵਾੜ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਅਤੇ ਸੰਬੰਧਤ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜ਼ੁੰਮੇਵਾਰ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਹੋਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪ੍ਰਭਾਵਿਤ ਸਿੱਖ ਵਿਦਿਆਰਥੀ ਨੂੰ ਮੁੜ ਪ੍ਰੀਖਿਆ ਦੇਣ ਦਾ ਵਿਸ਼ੇਸ਼ ਮੌਕਾ ਦਿੱਤਾ ਜਾਣਾ ਚਾਹੀਦਾ ਹੈ, ਤਾਂ ਜੋ ਉਸ ਦੀ ਸਾਲਾ ਦੀ ਮਿਹਨਤ ਅਤੇ ਭਵਿੱਖ ਨਾਲ ਨਿਆਂ ਹੋ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਿੱਖ ਧਰਮ ਦੇ ਕਕਾਰਾਂ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਜਾਣ, ਤਾਂ ਜੋ ਕਿਸੇ ਵੀ ਸਿੱਖ ਵਿਦਿਆਰਥੀ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।
- Download Babushahi App
-
-