ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਨਾਕਿਆਂ ਅਤੇ ਥਾਣਾ ਲਾਡੋਵਾਲ ਦੀ ਅਚਨਚੇਤ ਚੈਕਿੰਗ
ਸੁਖਮਿੰਦਰ ਭੰਗੂ
ਲੁਧਿਆਣਾ 29 ਨਵੰਬਰ 2026
ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ, ਅਪਰਾਧਿਕ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਅਤੇ ਰਾਤ ਸਮੇਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ‘ਨਾਈਟ ਡੋਮੀਨੇਸ਼ਨ’ ਮੁਹਿੰਮ ਤਹਿਤ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਇਸ ਦੌਰਾਨ ਪੁਲਿਸ ਕਮਿਸ਼ਨਰ ਵੱਲੋਂ ਰੇਲਵੇ ਸਟੇਸ਼ਨ ਲੁਧਿਆਣਾ, ਜਲੰਧਰ ਬਾਈਪਾਸ ਅਤੇ ਲਾਡੋਵਾਲ ਟੋਲ ਪਲਾਜ਼ਾ ਵਿਖੇ ਸਥਾਪਤ ਪੁਲਿਸ ਨਾਕਿਆਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਨੇ ਇਨ੍ਹਾਂ ਸਥਾਨਾਂ ’ਤੇ ਤਾਇਨਾਤ ਪੁਲਿਸ ਫੋਰਸ ਦੀ ਤਾਇਨਾਤੀ, ਚੌਕਸੀ, ਡਿਊਟੀ ਪ੍ਰਤੀ ਸਮਰਪਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਇਸ ਮੌਕੇ ਡਿਊਟੀ ’ਤੇ ਤਾਇਨਾਤ ਪੁਲਿਸ ਕਰਮਚਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਪੂਰੀ ਮੁਸਤੈਦੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ, ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਹਰ ਸਥਿਤੀ ਵਿੱਚ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ।
ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਵੱਲੋਂ ਥਾਣਾ ਲਾਡੋਵਾਲ ਦੀ ਵੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਥਾਣੇ ਦੇ ਰਿਕਾਰਡ, ਪ੍ਰਬੰਧਾਂ ਅਤੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਪੁਲਿਸ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਥਾਣੇ ਵਿੱਚ ਆਪਣੀਆਂ ਸਮੱਸਿਆਵਾਂ ਲੈ ਕੇ ਆਉਣ ਵਾਲੇ ਆਮ ਨਾਗਰਿਕਾਂ ਨਾਲ ਸਨਮਾਨਜਨਕ ਅਤੇ ਸੰਵੇਦਨਸ਼ੀਲ ਵਿਵਹਾਰ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਯਮਾਂ ਅਨੁਸਾਰ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਥਾਣੇ ਦੇ ਅਹਾਤੇ ਵਿੱਚ ਸਫ਼ਾਈ, ਅਨੁਸ਼ਾਸਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਣ ਦੇ ਨਿਰਦੇਸ਼ ਵੀ ਦਿੱਤੇ ਗਏ।
ਪੁਲਿਸ ਕਮਿਸ਼ਨਰ ਵੱਲੋਂ ਰੋਕਥਾਮ ਆਧਾਰਿਤ ਪੁਲਿਸਿੰਗ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ, ਰਾਤ ਸਮੇਂ ਗਸ਼ਤ ਅਤੇ ਨਾਕਾਬੰਦੀ ਵਿੱਚ ਤੇਜ਼ੀ ਲਿਆਉਣ ਅਤੇ ਪੁਲਿਸ ਦੀ ਕਾਰਜਕੁਸ਼ਲਤਾ ਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।
ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ, ਅਪਰਾਧਿਕ ਅਨਸਰਾਂ ’ਤੇ ਨਕੇਲ ਕੱਸਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਅਜਿਹੀਆਂ ਚੈਕਿੰਗਾਂ ਅਤੇ ਰਾਤ ਸਮੇਂ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰਹਿਣਗੀਆਂ।
- Download Babushahi App
-
-