ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਦੇ ਚੌਥੇ ਬਜਟ ਨੂੰ ਦੱਸਿਆ ਮੁਲਾਜ਼ਮਾਂ ਲਈ ਪੂਰੀ ਤਰ੍ਹਾਂ ਫਿੱਕਾ
ਅਸ਼ੋਕ ਵਰਮਾ
ਬਠਿੰਡਾ, 27 ਮਾਰਚ 2025: ਡੈਮੋਕਰੇਟਿਕ ਟੀਚਰ ਫਰੰਟ ਦੀ ਅਗਵਾਈ ਵਾਲੇ ਅਧਿਆਪਕ ਆਗੂਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇਖ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੀਤੇ ਦਿਨੀਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਆਮ ਬਜਟ ਨੂੰ ਮੁਲਾਜ਼ਮਾਂ ਲਈ ਪੂਰੀ ਤਰ੍ਹਾਂ ਫਿੱਕਾ ਅਤੇ ਮੁਲਾਜ਼ਮ ਵਿਰੋਧੀ ਕਰਾਰ ਦਿੱਤਾ ਹੈ।ਡੈਮੋਕਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਬਠਿੰਡਾ ਦੇ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਜਸਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਅਤੇ ਪ੍ਰੈਸ ਸਕੱਤਰ ਗੁਰਪ੍ਰੀਤ ਸਿੰਘ ਖੇਮੋਆਣਾ ਨੇ ਕਿਹਾ ਕਿ ਸਰਕਾਰ ਵੱਲੋਂ ਆਪਣੇ ਬਜਟ ਵਿੱਚ ਮੁਲਾਜ਼ਮਾਂ ਲਈ ਕੁਝ ਵੀ ਨਹੀਂ ਹੈ ਜਿਸ ਨਾਲ ਮਹਿੰਗਾਈ ਦੀ ਮਾਰ ਤੋਂ ਕੁਝ ਰਾਹਤ ਮਿਲ ਸਕੇ। ਜਥੇਬੰਦੀ ਦੇ ਮੀਤ ਪ੍ਰਧਾਨ ਵਿਕਾਸ ਗਰਗ ,ਵਿਤ ਸਕੱਤਰ ਅਨਿਲ ਭੱਟ, ਜਥੇਬੰਦਕ ਸਕੱਤਰ ਕੁਲਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਇੱਕ ਲੰਗੜਾ ਨੋਟਿਸ ਜਾਰੀ ਕੀਤਾ ਸੀ ਜਿਸ ਦਾ ਕੋਈ ਵੀ ਲਾਭ ਨਹੀਂ ਹੋਇਆ।
ਉਹਨਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਇਦਾ ਕਰਕੇ ਆਈ ਸਰਕਾਰ ਪੁਰਾਣੀ ਪੈਨਸ਼ਨ ਦੇ ਮੁੱਦੇ ਉੱਪਰ ਬਿਲਕੁਲ ਚੁੱਪ ਧਾਰੀ ਬੈਠੀ ਹੈ ਜਿਸ ਤੋਂ ਸੰਕੇਤ ਮਿਲਦਾ ਹੈ ਕਿ ਆਮ ਆਦਮੀ ਪਾਰਟੀ ਮੁਲਾਜ਼ਮ ਵਿਰੋਧੀ ਹੈ। ਉਨਾਂ ਇਹ ਵੀ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜ ਦੇ ਮੁਲਾਜ਼ਮਾਂ ਤੋਂ ਮਹਿੰਗਾਈ ਭੱਤੇ ਵਿੱਚ ਵੀ ਬਹੁਤ ਪਿੱਛੇ ਚੱਲ ਰਹੇ ਹਨ। ਪੰਜਾਬ ਦੀਆਂ ਸਮੂਹ ਪੈਨਸ਼ਨਰ ਅਤੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਬਜਟ ਸੈਸ਼ਨ ਤੋਂ ਪਹਿਲਾਂ ਲਾ-ਮਿਸਾਲ ਇਕੱਠ ਕਰਕੇ ਪੰਜਾਬ ਸਰਕਾਰ ਤੋਂ ਆਰਥਿਕ ਮੰਗਾ ਲਈ ਆਵਾਜ਼ ਬੁਲੰਦ ਕੀਤੀ ਪਰ ਬੋਲੀ ਸਰਕਾਰ ਨੇ ਆਪਣੇ ਇਸ ਬਜਟ ਵਿੱਚ ਨਾ ਪੇਂਡੂ ਭੱਤਾ ਨਾ ਬਾਰਡਰ ਏਰੀਆ ਭੱਤਾ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ ਲਈ ਕੋਈ ਯਤਨ ਨਹੀਂ ਕੀਤਾ।
ਜ਼ਿਲ੍ਹਾ ਕਮੇਟੀ ਮੈਂਬਰ ਭੁਪਿੰਦਰ ਮਾਈਸਰਖਾਨਾ, ਭੋਲਾ ਰਾਮ, ਰਾਜਵਿੰਦਰ ਸਿੰਘ ਜਲਾਲ, ਅਸ਼ਵਨੀ ਕੁਮਾਰ, ਬਲਜਿੰਦਰ ਕੌਰ ਅਤੇ ਰਣਦੀਪ ਕੌਰ ਖਾਲਸਾ ਨੇ ਕਿਹਾ ਕਿ ਜੇਕਰ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਇਸੇ ਤਰ੍ਹਾਂ ਬੇਰੁਖੀ ਅਖਤਿਆਰ ਕਰਕੇ ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ਾਂ ਨੂੰ ਅੱਖੋਂ ਪਰੋਖੇ ਕਰਨਾ ਚਾਹੁੰਦੀ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਇਸ ਬਦਲਾਵ ਵਾਲੀ ਸਰਕਾਰ ਨੂੰ ਪੰਜਾਬ ਦੇ ਸਾਰੇ ਵਿਭਾਗਾਂ ਦੇ ਮੁਲਾਜ਼ਮ ਸਮੇਤ ਅਧਿਆਪਕ ਸਬਕ ਸਿਖਾਉਣ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਸਰਕਾਰ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ-ਨਾਲ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਰੀਆਂ ਆਰਥਿਕ ਮੰਗਾਂ ਪਹਿਲ ਦੇ ਆਧਾਰ ਤੇ ਪੂਰੀਆਂ ਕਰਨੀਆਂ ਚਾਹੀਦੀਆਂ ਹਨ।