MLA ਛੀਨਾ ਵੱਲੋਂ ਨੰਗਲ ਡੈਮ ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ 'ਚ ਸ਼ਮੂਲੀਅਤ
- ਕਿਹਾ! ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣਾ ਵਾਜਿਬ ਨਹੀਂ
- ਸੂਬੇ ਦੇ ਡੈਮਾਂ ਅਤੇ ਨਹਿਰਾਂ 'ਤੇ ਪੰਜਾਬ ਦਾ ਪਹਿਲਾ ਹੱਕ ਹੈ - ਰਾਜਿੰਦਰਪਾਲ ਕੌਰ ਛੀਨਾ
ਸੁਖਮਿੰਦਰ ਭੰਗੂ
ਲੁਧਿਆਣਾ, 16 ਮਈ 2025 - ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਸ਼ੁੱਕਰਵਾਰ ਨੂੰ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਦੇਣ ਦੇ ਮੁੱਦੇ 'ਤੇ ਨੰਗਲ ਡੈਮ 'ਤੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਭੇਜਣ ਦਾ ਸਖ਼ਤ ਵਿਰੋਧ ਕੀਤਾ।
ਦਿਨ-ਰਾਤ ਦੇ ਇਸ ਵਿਰੋਧ ਪ੍ਰਦਰਸ਼ਨ ਦਾ ਉਦੇਸ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਰਾਜ ਸਰਕਾਰਾਂ ਦੇ ਨਾਲ-ਨਾਲ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਪ੍ਰਤੀ ਰੋਸ ਪ੍ਰਗਟਾਉਂਦਿਆਂ ਪੰਜਾਬ ਤੋਂ ਪਾਣੀ ਛੱਡਣ 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ। ਵਿਧਾਇਕ ਛੀਨਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਆਪਣੀ ਜ਼ਮੀਨ 'ਤੇ ਕਈ ਤਰ੍ਹਾਂ ਦੇ ਡੈਮ ਅਤੇ ਨਹਿਰਾਂ ਬਣਾਈਆਂ ਅਤੇ ਦੂਜੇ ਸੂਬਿਆਂ ਨੂੰ ਮੁਫ਼ਤ ਪਾਣੀ ਮੁਹੱਈਆ ਕਰਵਾਇਆ। ਪਰ, ਰਾਜ ਦੇ ਲੋਕ ਅਜੇ ਵੀ ਆਪਣੀਆਂ ਫਸਲਾਂ ਲਈ ਭੂਮੀਗਤ ਪਾਣੀ ਦੀ ਵਰਤੋਂ ਕਰ ਰਹੇ ਹਨ। ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਦੇ ਡੈਮਾਂ ਅਤੇ ਨਹਿਰਾਂ 'ਤੇ ਪਹਿਲਾ ਹੱਕ ਪੰਜਾਬ ਦਾ ਹੈ। ਬੀ.ਬੀ.ਐਮ.ਬੀ. ਉੱਤੇ 60 ਪ੍ਰਤੀਸ਼ਤ ਕੰਟਰੋਲ ਹੋਣ ਦੇ ਬਾਵਜੂਦ, ਪ੍ਰਬੰਧਨ ਬੋਰਡ ਕੇਂਦਰ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ, ਜਿਸ ਨੂੰ ਕੀਸੇ ਵੀ ਹੀਲੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।