ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਨਾਲ ਕੀਤੀਆਂ ਮੀਟਿੰਗਾਂ
ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੱਤੀ
ਰੋਹਿਤ ਗੁਪਤਾ
ਗੁਰਦਾਸਪੁਰ, 21 ਮਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਥਾਣੇਵਾਲ, ਤਿੱਬੜੀ ਅਤੇ ਪੰਧੇਰ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗਾਂ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਡਟ ਕੇ ਕੰਮ ਕਰਨ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ’ਚੋਂ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਣ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ।
ਸ੍ਰੀ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਪੰਜਾਬ ’ਚ ‘ਨਸ਼ਾ ਮੁਕਤੀ ਯਾਤਰਾ’ ਦੀ ਇਤਿਹਾਸਕ ਸ਼ੁਰੂਆਤ ਕੀਤੀ ਗਈ ਹੈ, ਜਿਸ ਰਾਹੀਂ 15,000 ਤੋਂ ਵੱਧ ਪਿੰਡਾਂ ਅਤੇ ਵਾਰਡਾਂ ਤੱਕ ਜਨ ਜਾਗਰੂਕਤਾ ਦਾ ਸੁਨੇਹਾ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਰੋਜ਼ਾਨਾ ਕਰੀਬ 351 ਪਿੰਡਾਂ ਵਿੱਚ ਗ੍ਰਾਮ ਸਭਾਵਾਂ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਇਸ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਨੂੰ ਤਗੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ ਦੀ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ੇ ਦੀ ਤਸਕਰੀ ਕਰਦਾ ਹੈ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਮੇਟੀ ਮੈਂਬਰਾਂ ਨੂੰ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ, ਜੋ ਨਸ਼ੇ ਛੱਡ ਕੇ ਆਮ ਜ਼ਿੰਦਗੀ ਵੱਲ ਪਰਤਣਾ ਚਾਹੁੰਦੇ ਹਨ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਖ਼ਿਲਾਫ਼ ਇਸ ਅੰਦੋਲਨ ਨਾਲ ਜੁੜਨ ਦਾ ਸੱਦਾ ਦਿੱਤਾ। ਇਸ ਮੌਕੇ ਸ੍ਰੀ ਬਹਿਲ ਵੱਲੋਂ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਨਸ਼ੇ ਨਾ ਕਰਨ, ਨਾ ਕਰਨ ਦੇਣ, ਨਸ਼ੇ ਦੀ ਵਿੱਕਰੀ ਅਤੇ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲਿਆਂ ਦਾ ਵਿਰੋਧ ਕਰਨ ਅਤੇ ਪੰਜਾਬ ਨੂੰ ਮੁੜ ਰੌਸ਼ਨ, ਸੁਰੱਖਿਅਤ ਅਤੇ ਨਸ਼ਾ ਮੁਕਤ ਕਰਨ ਦੀ ਸਹੁੰ ਚੁੱਕੀ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਕੋਆਰਡੀਨੇਟਰ ਸ੍ਰੀ ਨੀਰਜ ਸਲਹੋਤਰਾ, ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸ. ਸੁੱਚਾ ਸਿੰਘ ਮੁਲਤਾਨੀ ਸਮੇਤ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।