ਨਸ਼ਾ ਮੁਕਤੀ ਯਾਤਰਾ ਨੂੰ ਮਿਲ ਰਿਹਾ ਹੈ ਲੋਕਾਂ ਦਾ ਭਰਵਾਂ ਹੁੰਗਾਰਾ: ਰੁਪਿੰਦਰ ਸਿੰਘ ਹੈਪੀ
ਦੀਦਾਰ ਗੁਰਨਾ
- ਸ਼ਮਸਪੁਰ ਸਿੰਘਾਂ ਤੇ ਰਾਏਪੁਰ ਰਾਈਆਂ ਦੇ ਵਸਨੀਕਾਂ ਨੂੰ ਕੀਤਾ ਸੰਬੋਧਨ
ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਮਈ 2025 - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖਮਾਣੋ ਬਲਾਕ ਦੇ ਪਿੰਡ ਸਮਸਪੁਰ ਸਿੰਘਾਂ ਤੇ ਰਾਏਪੁਰ ਰਾਈਆਂ ਵਿਖੇ ਨਸ਼ਾ ਮੁਕਤੀ ਯਾਤਰਾ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਪ੍ਰੇਰਿਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਲੋਕਾਂ ਦਾ ਭਰਵਾਂ ਸਹਿਯੋਗ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਇਸ ਅਹਿਮ ਮੁਹਿੰਮ ਵਿੱਚ ਸਰਕਾਰ ਦੇ ਨਾਲ ਹਨ।
ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਆਪਸੀ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ ਤੇ ਸਾਨੂੰ ਸਭ ਨੂੰ ਇਸ ਮੁਹਿੰਮ ਵਿੱਚ ਜਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।
ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਗਿਆ ਹੈ।
ਵਿਧਾਇਕ ਹੈਪੀ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਵੀ ਕੀਤਾ।
ਹਲਕਾ ਵਿਧਾਇਕ ਨੇ ਸਮੂਹ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਵੀ ਚੁਕਾਈ।