ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ 'ਪੰਜਾਬ ਸਿੱਖਿਆ ਕ੍ਰਾਂਤੀ' ਕਾਰਗਰ ਸਾਬਿਤ ਹੋਈ: ਰੰਧਾਵਾ
ਹਰਜਿੰਦਰ ਸਿੰਘ ਭੱਟੀ
- ਤਿੰਨ ਸਕੂਲਾਂ ਵਿੱਚ 37.55 ਲੱਖ ਰੁਪਏ ਦੇ ਵਿਕਾਸ ਕਾਰਜ ਬੱਚਿਆ ਨੂੰ ਕੀਤੇ ਸਪੁਰਦ
ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 24 ਮਈ 2025: ਪੰਜਾਬ ਸਰਕਾਰ 'ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਵੱਲ ਲਗਾਤਾਰ ਵੱਡਾ ਕਦਮ ਚੁੱਕ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ, ਇਸ ਪ੍ਰੋਗਰਾਮ ਦਾ ਉਦੇਸ਼ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀ ਲਿਆਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਵੇ। ਇਸ ਪ੍ਰੋਗਰਾਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੀਜਨਪੁਰ ਵਿੱਚ 15 ਲੱਖ 2 ਹਜਾਰ ਰੁਪਏ ਦੀ ਲਾਗਤ ਨਾਲ ਦੋ ਆਧੁਨਿਕ ਕਮਰੇ,ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਤੋਫਾਪੁਰ ਵਿੱਚ 7 ਲੱਖ 51 ਹਜਾਰ ਰੁਪਏ ਦੀ ਲਾਗਤ ਨਾਲ ਇੱਕ ਆਧੁਨਿਕ ਕਮਰਾ, ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬੱਲੋਪੁਰ ਵਿੱਚ 15 ਲੱਖ 2 ਹਜਾਰ ਰੁਪਏ ਦੀ ਲਾਗਤ ਨਾਲ ਬਣੇ ਦੋ ਆਧੁਨਿਕ ਕਮਰਿਆਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਤੇ ਹੈਡ ਟੀਚਰ ਸ਼੍ਰੀਮਤੀ ਮੰਜੂ ਨੂੰ ਵਧੀਆ ਕੰਮ ਕਾਰ ਲਈ ਸਨਮਾਨਿਤ ਕੀਤਾ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਇਹ ਨਵੀਆ ਸਹੂਲਤਾਂ ਵਿਦਿਆਰਥੀਆਂ ਨੂੰ ਵਧੇਰੇ ਸੁਚਾਰੂ ਸਿੱਖਣ ਦਾ ਮਾਹੌਲ ਪ੍ਰਦਾਨ ਕਰਨਗੀਆਂ ਅਤੇ ਉਨ੍ਹਾਂ ਨੂੰ ਡਿਜੀਟਲ ਯੁੱਗ ਵਿੱਚ ਵਧਣ-ਫੁੱਲਣ ਲਈ ਜ਼ਰੂਰੀ ਹੁਨਰਾਂ ਨਾਲ ਲੈਸ ਕਰਨਗੀਆਂ। ਵਿਧਾਇਕ ਨੇ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਇਨ੍ਹਾਂ ਨਵੇਂ ਸਰੋਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿੱਦਿਅਕ ਸੰਸਥਾਵਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਕਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਕੀਤੇ ਗਏ ਇਹ ਵਿਕਾਸ ਕਾਰਜ ਅਤੇ ਸੁਧਾਰ ਨੇ ਵਿਦਿਆਰਥੀਆਂ ਨੂੰ ਸਿੱਖਣ ਦਾ ਬਿਹਤਰ ਮਾਹੌਲ ਪ੍ਰਦਾਨ ਕੀਤਾ ਹੈ ਜੋ ਉਨ੍ਹਾਂ ਨੂੰ ਅਕਾਦਮਿਕ ਤੌਰ ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਏਗਾ। ਰੰਧਾਵਾ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਸਕੂਲ ਸਿੱਖਿਆ ਦੇ ਨਾਲ-ਨਾਲ ਸਹੂਲਤਾਂ ’ਚ ਵੀ ਪ੍ਰਾਈਵੇਟ ਸਕੂਲਾਂ ਨੂੰ ਮਾਤ ਪਾਉਣਗੇ। ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਾਡੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।
ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੇ ਨਾਲ ਬੱਚਿਆਂ ਦਾ ਭਵਿੱਖ ਨਿਖਰ ਰਿਹਾ ਹੈ ਅਤੇ ਮਾਪੇ ਸਰਕਾਰੀ ਸਕੂਲਾਂ ’ਤੇ ਭਰੋਸਾ ਕਰਨ ਲੱਗ ਪਏ ਹਨ, ਜਿਸ ਨਾਲ ਸਰਕਾਰੀ ਸਕੂਲਾਂ ਵਿਚ ਦਾਖਲਿਆਂ ਵਿੱਚ ਵੀ ਕਾਫੀ ਵਾਧਾ ਹੋਇਆ ਹੈ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ, "ਮੈਨੂੰ ਇਸ ਪਹਿਲਕਦਮੀ ਦਾ ਹਿੱਸਾ ਬਣ ਕੇ ਬਹੁਤ ਖੁਸ਼ੀ ਹੋ ਰਹੀ ਹੈ ਜੋ ਸਾਡੇ ਸੂਬੇ ਦੇ ਸਿੱਖਿਆ ਖੇਤਰ ਵਿੱਚ ਇੱਕ ਸਕਾਰਾਤਮਕ ਬਦਲਾਅ ਲਿਆਏਗੀ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਸ਼੍ਰੀ ਗੁਰਪ੍ਰੀਤ ਸਿੰਘ ਵਿਰਕ ਪਿੰਡਾਂ ਦੇ ਪੰਚ ਸਰਪੰਚ ਮੋਹਤਬਰ ਪਿੰਡ ਵਾਸੀ ਤੇ ਬੱਚਿਆ ਦੇ ਮਾਪੇ ਤੇ ਅਧਿਆਪਕ ਮੌਜੂਦ ਰਹੇ।