DC ਗੁਰਦਾਸਪੁਰ ਨੇ ਨਸ਼ਾ ਮੁਕਤੀ ਯਾਤਰਾ ਸਬੰਧੀ ਅਧਿਕਾਰੀਆਂ ਤੇ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਅਹਿਮ ਮੀਟਿੰਗ ਕੀਤੀ
- ਕਿਹਾ, ਨਸ਼ਾ ਮੁਕਤੀ ਯਾਤਰਾ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ
ਰੋਹਿਤ ਗੁਪਤਾ
ਗੁਰਦਾਸਪੁਰ, 25 ਮਈ 2025 - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਏ ਗਏ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਨਸ਼ਾ ਮੁਕਤੀ ਯਾਤਰਾ ਸਬੰਧੀ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਜੋੜਿਆ ਜਾਵੇ ਤਾਂ ਜੋ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਾ ਰਹੀਆਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਰੋਜ਼ਾਨਾ ਸ਼ਾਮ ਨੂੰ ਜਨਤਕ ਇਕੱਠ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਵੱਧ ਤੋਂ ਵੱਧ ਲੋਕ ਇਸ ਮੁਹਿੰਮ ਨਾਲ ਜੁੜਨ।
ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਮੁਕਤੀ ਯਾਤਰਾ ਦੇ ਪ੍ਰੋਗਰਾਮ ਤੋਂ ਇੱਕ ਦਿਨ ਪਹਿਲਾਂ ਸਬੰਧਿਤ ਪਿੰਡ ਜਾਂ ਸ਼ਹਿਰ ਦੇ ਵਾਰਡ ਵਿੱਚ ਅਨਾਊਂਸਮੈਂਟ ਕੀਤੀ ਜਾਵੇ। ਇਸ ਦੇ ਨਾਲ ਹੀ ਨਸ਼ਾ ਮੁਕਤੀ ਯਾਤਰਾ ਮੌਕੇ ਹਾਜ਼ਰ ਵਿਅਕਤੀਆਂ ਨੂੰ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਬਣਾਈ ਪ੍ਰਚਾਰ ਸਮਗਰੀ ਵੰਡੀ ਜਾਵੇ। ਮੀਟਿੰਗ ਦੌਰਾਨ ਨਸ਼ਾ ਮੁਕਤੀ ਯਾਤਰਾ ਤਹਿਤ ਰੋਜ਼ਾਨਾਂ ਹੋ ਰਹੇ ਜਾਗਰੂਕਤਾ ਪ੍ਰੋਗਰਾਮਾਂ ਦੀ ਗਿਣਤੀ ਵਧਾਉਣ ਉੱਪਰ ਵੀ ਵਿਚਾਰ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਨਸ਼ਾ ਮੁਕਤੀ ਯਾਤਰਾ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਤੇ ਹਲਕਾ ਕੋਆਰਡੀਨੇਟਰਾਂ ਨਾਲ ਪੂਰਾ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਸਾਰਿਆਂ ਦੇ ਸਾਂਝੇ ਯਤਨਾਂ ਸਦਕਾ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਨੂੰ ਕਾਮਯਾਬ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਤਾਂ ਜੋ ਅਸੀਂ ਸਾਰੇ ਮਿਲ ਕੇ ਆਪਣੇ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾ ਸਕੀਏ।
ਮੀਟਿੰਗ ਦੌਰਾਨ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਮਾਣਿਕ ਮਹਿਤਾ ਅਤੇ ਵੱਖ-ਵੱਖ ਹਲਕਿਆਂ ਦੇ ਕੋਆਰਡੀਨੇਟਰਾਂ ਵੱਲੋਂ ਆਪਣੇ ਕੀਮਤੀ ਸੁਝਾਅ ਤੇ ਵਿਚਾਰ ਰੱਖੇ ਗਏ। ਸ੍ਰੀ ਮਾਣਿਕ ਮਹਿਤਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਮੁਕਤੀ ਯਾਤਰਾ ਨੂੰ ਹੋਰ ਅਸਰਦਾਰ ਢੰਗ ਨਾਲ ਚਲਾਇਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਨਸ਼ਾ ਮੁਕਤ ਪੰਜਾਬ ਦਾ ਸੁਨੇਹਾ ਪਹੁੰਚਾਇਆ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਸ੍ਰੀ ਵਿਕਰਮਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਜ਼ੀਨਤ ਖੈਹਿਰਾ, ਰਾਜੀਵ ਸਿੰਘ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਟਾਲਾ ਦੇ ਕੋਆਰਡੀਨੇਟਰ ਮਨਜੀਤ ਸਿੰਘ ਬਮਰਾਹ, ਨੀਰਜ ਸਲਹੋਤਰਾ, ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ ਸੋਢੀ, ਹਨੀ ਚੌਹਾਨ, ਕਾਰਤਿਕ, ਅੰਮ੍ਰਿਤਪਾਲ ਸਿੰਘ, ਅਰਸ਼ਦੀਪ ਸਿੰਘ, ਕਰਮਜੀਤ ਸਿੰਘ ਅਤੇ ਦਵਿੰਦਰ ਸਿੰਘ (ਸਾਰੇ ਵਿਧਾਨ ਸਭਾ ਹਲਕਾ ਕੋਆਰਡੀਨੇਟਰ) ਵੀ ਹਾਜ਼ਰ ਸਨ।