ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾ ਰਿਹੈ ਜਾਗਰੂਕ – ਡਾ. ਜਮੀਲ ਉਰ ਰਹਿਮਾਨ
- ਵਿਧਾਇਕ ਮਾਲੇਰਕੋਟਲਾ ਵੱਲੋਂ ਪਿੰਡ ਫਰਵਾਲੀ, ਦੁੱਲਵਾਂ ਕਲਾਂ ਅਤੇ ਦਰਿਆਪੁਰ ਦਾ ਦੌਰਾ
ਮਾਲੇਰਕੋਟਲਾ 25 ਮਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਅਗਵਾਈ ਹੇਠ ਪਿੰਡ ਫਰਵਾਲੀ ਵਿਖੇ ‘ਨਸ਼ਾ ਮੁਕਤੀ ਯਾਤਰਾਵਾਂ’ ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਉਪਰੰਤ ਇਹ ਨਸ਼ਾ ਮੁਕਤੀ ਯਾਤਰਾ ਪਿੰਡ ਦੁੱਲਵਾਂ ਕਲਾਂ ਅਤੇ ਦਰਿਆਪੁਰ ਵਿਖੇ ਪਹੁੰਚੀ।
ਉਨ੍ਹਾਂ ਇਸ ਮੌਕੇ ਹਾਜ਼ਰੀਨ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ।
ਉਹਨਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕੀਤੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਜਾਂ ਨਸ਼ਾ ਛੱਡ ਚੁੱਕੇ ਲੋਕਾਂ ਨਾਲ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵਿੱਚ ਸਹਿਯੋਗ ਮਿਲ ਸਕੇ।
ਇਸ ਮੌਕੇ ਸਰਪੰਚ ਗੁਰਮੁੱਖ ਸਿੰਘ ਗਰੇਵਾਲ, ਬੀ.ਡੀ.ਪੀ.ਓ ਜਗਰਾਜ ਸਿੰਘ, ਪ੍ਰਧਾਨ ਟਰੱਕ ਯੂਨੀਅਨ ਸੰਦੌੜ ਸੰਤੋਖ ਸਿੰਘ ਦਸੌਂਦਾ ਸਿੰਘ ਵਾਲਾ, ਪੰਚਾਇਤ ਅਫ਼ਸਰ ਦਵਿੰਦਰ ਕੁਮਾਰ ਗੋਗੀ, ਸੈਕਟਰੀ ਸਲੀਮ ਮੁਹੰਮਦ, ਜੱਸੂ ਫਰਵਾਲੀ, ਰਣਜੀਤ ਸਿੰਘ ਮੁਨੀਮ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜਰ ਸਨ।