MLA ਸੰਗੋਵਾਲ ਵੱਲੋਂ ਪਿੰਡ ਮਾਣਕਵਾਲ, ਪ੍ਰੀਤ ਵਿਹਾਰ, ਸ਼ਹੀਦ ਭਗਤ ਸਿੰਘ ਨਗਰ, ਦੇਵ ਨਗਰ, ਥਰੀਕੇ, ਤੇਰਾ ਨਗਰ ਵਿਖੇ ਲੋਕ ਮਿਲਣੀਆਂ ਕੀਤੀਆਂ
- ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਦਿੱਤਾ ਸੱਦਾ
ਸੁਖਮਿੰਦਰ ਭੰਗੂ
ਲੁਧਿਆਣਾ, 27 ਮਈ 2025 - ਪੰਜਾਬ ਸਰਕਾਰ ਵੱਲੋਂ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗਿੱਲ ਤੋਂ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਪਿੰਡ ਪਿੰਡ ਮਾਣਕਵਾਲ, ਪ੍ਰੀਤ ਵਿਹਾਰ, ਸ਼ਹੀਦ ਭਗਤ ਸਿੰਘ ਨਗਰ, ਦੇਵ ਨਗਰ, ਪਿੰਡ ਥਰੀਕੇ, ਤੇਰਾ ਨਗਰ ਵਿਖੇ ਲੋਕ ਮਿਲਣੀਆਂ ਕੀਤੀਆਂ।
ਵਿਧਾਇਕ ਸੰਗੋਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋ ਕੇ ਨਸ਼ਿਆਂ ਦੇ ਸੌਦਾਗਰਾਂ ਨੂੰ ਨੱਥ ਪਾਉਣੀ ਪਵੇਗੀ। ਉਨ੍ਹਾਂ ਦੁਹਰਾਇਆ ਕਿ ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਮੁਹਿੰਮ ਨਿਰਣਾਇਕ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ, ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ।
ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ। ਉਨ੍ਹਾਂ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕਿਰਦਿਆਂ ਕਿਹਾ ਕਿ ਆਪੋ-ਆਪਣੇ ਇਲਾਕੇ ਵਿੱਚ ਜੇਕਰ ਕੋਈ ਸ਼ੱਕੀ ਗਤੀਵਿਧੀਆਂ ਬਾਰੇ ਪਤਾ ਲੱਗਦਾ ਹੈ ਤਾਂ ਚਲਾ ਇਸ ਵਟਸਐਪ ਨੰਬਰ ਤੇ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ ਅਤੇ ਫੋਨ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਪਤ ਰੱਖੀ ਜਾਵੇਗੀ।