ਹਾਈਪਰਟੈਂਸ਼ਨ ਤੋਂ ਬਚਾਅ ਲਈ ਕੀਤੀ ਸਾਈਕਲ ਰੈਲੀ
ਹਰਜਿੰਦਰ ਸਿੰਘ ਭੱਟੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 28 ਮਈ 2025 - ਹਾਈ ਬਲੱਡ ਪ੍ਰੈਸ਼ਰ ਤੋਂ ਬਚਾਅ ਦਾ ਹੋਕਾ ਦਿੰਦਿਆਂ ਸਿਹਤ ਵਿਭਾਗ ਵਲੋਂ ਪਿੰਡ ਬਹਿਲੋਲਪੁਰ ਵਿਚ ਸਾਈਕਲ ਰੈਲੀ ਕੱਢੀ ਗਈ। ਡਾ. ਕਿਰਨਜੀਤ ਕੌਰ ਅਤੇ ਡਾ. ਜਯੋਤੀ ਨੇ ਦਸਿਆ ਕਿ ਸਰਕਾਰੀ ਹਾਈ ਸਕੂਲ ਬਹਿਲੋਲਪੁਰ ਦੇ ਵਿਦਿਆਰਥੀਆਂ ਨੇ ਰੈਲੀ ਵਿਚ ਹਿੱਸਾ ਲਿਆ ਅਤੇ ਲੋਕਾਂ ਨੂੰ ਹਾਈਪਰਟੈਂਸ਼ਨ ਸਮੇਤ ਹੋਰ ਗ਼ੈਰ-ਸੰਚਾਰੀ ਬੀਮਾਰੀਆਂ ਤੋਂ ਬਚਣ ਦਾ ਸੁਨੇਹਾ ਦਿਤਾ।
ਉਨ੍ਹਾਂ ਦਸਿਆ ਕਿ ਇਸ ਰੈਲੀ ਦਾ ਮੰਤਵ ਹਾਈ ਬਲੱਡ ਪ੍ਰੈਸ਼ਰ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੀ ਜਾਣਕਾਰੀ ਵਿੱਚ ਵਾਧਾ ਕਰਨਾ ਸੀ। ਉਨ੍ਹਾਂ ਦੱਸਿਆ ਕਿ ਦੁਨੀਆਂ ਦੀ 30 ਫੀਸਦੀ ਤੋਂ ਵੀ ਵੱਧ ਆਬਾਦੀ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੈ, ਜਿਸ ਕਾਰਨ ਦਿਲ ਕਿਡਨੀ ਦੀਆਂ ਬਿਮਾਰੀਆਂ ਆਦਿ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਬਦਲਦੀ ਜੀਵਨਸ਼ੈਲੀ ਕਾਰਨ ਹੁਣ ਬੱਚੇ ਵੀ ਇਸ ਬਿਮਾਰੀ ਦਾ ਸ਼ਿਕਾਰ ਹੋਣ ਲੱਗੇ ਹਨ। ਆਪਣੀ ਜੀਵਨ ਸ਼ੈਲੀ ਵਿੱਚ ਬਦਲਾਅ ਲਿਆ ਕੇ ਅਸੀ ਬਲੱਡ ਪ੍ਰੈਸ਼ਰ ਵਰਗੀਆਂ ਹੋਰ ਗੈਰ-ਸੰਚਾਰੀ ਬਿਮਾਰੀਆਂ ਜਿਵੇਂ ਸ਼ੂਗਰ, ਦਿਲ ਦਾ ਦੌਰਾ ਆਦਿ ਵਰਗੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਦੇ ਹਾਂ।