ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚਲਾਈ ਗਈ “ਨਸ਼ਾ ਮੁਕਤੀ ਯਾਤਰਾ” ਦਾ ਮੰਤਵ ਸੂਬੇ ਨੂੰ ਨਸ਼ਾ ਮੁਕਤ ਕਰਨਾ - ਰੰਧਾਵਾ
ਹਰਜਿੰਦਰ ਸਿੰਘ ਭੱਟੀ
ਡੇਰਾਬੱਸੀ (ਐਸ.ਏ.ਐਸ ਨਗਰ) 28 ਮਈ 2025 - ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ “ਨਸ਼ਾ ਮੁਕਤੀ ਯਾਤਰਾ” ਦਾ ਮੰਤਵ ਸੂਬੇ ਨੂੰ ਨਸ਼ਾ ਮੁਕਤ ਕਰਨਾ ਹੈ। ਇਸ ਲਈ ਜਿੱਥੇ ਨਸ਼ੇ ਦੇ ਤਸਕਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਦਾ ਸਹੀ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਰੰਧਾਵਾ ਨੇ ਡੇਰਾਬੱਸੀ ਹਲਕਾ ਦੇ ਪਿੰਡ ਹੈਬਤਪੁਰ, ਕੂੜਾਵਾਲਾ, ਹਰੀਪੁਰ ਹਿੰਦੂਆ, ਨਿੰਬੂਆਂ,ਸੁੰਡਰਾ ਵਿੱਖੇ “ਨਸ਼ਾ ਮੁਕਤੀ ਯਾਤਰਾ” ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਹਰੇਕ ਵਿਅਕਤੀ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਨਸ਼ਾ ਤਸਕਰ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਇਸ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੇਂਡੂ ਸੁਰੱਖਿਆ ਕਮੇਟੀਆਂ ਦੇ ਮੈਂਬਰ ਪਿੰਡ ਦੇ ਪਹਿਰੇਦਾਰ ਵਜੋਂ ਨਸ਼ਿਆਂ ਖਿਲਾਫ ਆਪਣਾ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ, ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ, ਤੇ ਲੋਕਾਂ ਵਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਏ ਵੀ ਜਾ ਰਹੇ ਹਨ, ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ, ਨਸ਼ੇ ਵੇਚ ਕੇ, ਨਸ਼ਾ ਤਸਕਰਾਂ ਵਲੋਂ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਲਈ ਹੁਣ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਅਤੇ ਉਨ੍ਹਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਵਿਧਾਇਕ ਰੰਧਾਵਾ
ਵੱਲੋਂ ਪਿੰਡ ਦੇ ਸਰਪੰਚ ਸਹਿਬਾਨਾਂ ਦੀ ਮੌਜੂਦਗੀ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ ਗਈ। ਇਸ ਮੌਕੇ ਪ੍ਰਸਾਸ਼ਨਿਕ ਅਧਿਕਾਰੀਆਂ ਸਮੇਤ ਪਾਰਟੀ ਦੇ ਬਲਾਕ ਪ੍ਰਧਾਨ ਤੇ ਟੀਮ ਉਚੇਚੇ ਤੌਰ ਤੇ ਹਾਜਰੀ ਰਹੀ।