ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਤਿਆਰੀਆਂ ਦਾ ਜਾਇਜ਼ਾ
- ਨਿਰਮੈਲ ਸਿੰਘ ਜੌਲਾ ਵੱਲੋਂ ਸੰਗਤਾਂ ਨੂੰ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ
ਮਲਕੀਤ ਸਿੰਘ ਮਲਕਪੁਰ
ਲਾਲੜੂ 29 ਮਈ 2025: ਹਲਕਾ ਡੇਰਾਬੱਸੀ ਤੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਨਿਰਮੈਲ ਸਿੰਘ ਜੌਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਗਲਾਸ ਪੈਲੇਸ, ਨੇੜੇ ਟੋਲ ਪਲਾਜਾ ਦੱਪਰ , ਪਿੰਡ ਘੌਲੂਮਾਜਰਾ ਵਿਖੇ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਜੌਲਾ ਨੇ ਦੱਸਿਆ ਕਿ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਏ ਹੁਕਮਨਾਮੇ ਤਹਿਤ ਇਹ ਭਰਤੀ ਸ਼ੁਰੂ ਹੋਈ ਹੈ ਅਤੇ 31 ਮਈ ਦਿਨ ਸ਼ਨੀਵਾਰ ਨੂੰ ਇਹ ਭਰਤੀ ਮੁਹਿੰਮ ਸ਼ੁਰੂ ਕਰਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ-ਨਾਲ ਭਰਤੀ ਕਰਨ ਲਈ ਬਣਾਈ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਿਲ ਮਨਪ੍ਰੀਤ ਸਿੰਘ ਇਆਲੀ, ਗੁਰਪ੍ਰਤਾਪ ਸਿੰਘ ਬਡਾਲਾ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੇਦਪੁਰੀ ਅਤੇ ਬੀਬੀ ਸਤਵੰਤ ਕੌਰ ਵੀ ਵਿਸ਼ੇਸ਼ ਤੌਰ ਉੱਤੇ ਪੁੱਜਣਗੇ। ਐਸਜੀਪੀਸੀ ਆਗੂ ਨੇ ਕਿਹਾ ਕਿ ਇਹ ਪ੍ਰੋਗਰਾਮ ਸਵੇਰੇ 10 ਵਜੇ ਸ਼ੁਰੂ ਹੋ ਜਾਵੇਗਾ ਅਤੇ ਉਹ ਸੰਗਤ ਨੂੰ ਅਪੀਲ ਕਰਦੇ ਹਨ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਗਲਾਸ ਪੈਲੇਸ ਵਿੱਚ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸਿਪ ਲਵੇ ਤਾਂ ਜੋ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਸ਼ੀਸ਼ਾ ਵਿਖਾਇਆ ਜਾ ਸਕੇ ਅਤੇ ਪੰਜਾਬ ਅੰਦਰ ਪੰਥ ਤੇ ਪੰਜਾਬ ਪੱਖੀ ਅਕਾਲੀ ਦਲ ਨੂੰ ਮੁੜ ਸੁਰਜੀਤ ਕੀਤਾ ਜਾ ਸਕੇ ।