ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਮੁੱਖ ਖੇਤੀਬਾੜੀ ਅਫ਼ਸਰ
- ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਕੈਂਪਸ ਵਿਚ ਪੌਦੇ ਲਗਾ ਕੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਰੋਹਿਤ ਗੁਪਤਾ
ਗੁਰਦਾਸਪੁਰ, 05 ਜੂਨ 2025 - ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਵੱਲੋਂ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ ਅਤੇ ਕਿਸਾਨਾਂ ਨੁੰ ਟਿਊਬਵੈਲਾਂ ਉਪਰ ਵੱਧ ਤੋਂ ਵੱਧ ਛਾਂਦਾਰ ਅਤੇ ਫਲਦਾਰ ਬੂਟੇ ਲਗਾਉਣ ਦੀ ਅਪੀਲ ਕੀਤੀ ।ਇਸ ਮੌਕੇ ਡਾਕਟਰ ਅੰਮ੍ਰਿਤਪਾਲ ਸਿੰਘ ਖ਼ੇਤੀਬਾੜੀ ਵਿਕਾਸ ਅਫ਼ਸਰ,ਗਗਨਦੀਪ ਸਿੰਘ ਅੰਕੜਾ ਅਫ਼ਸਰ,ਰਾਜੇਸ਼ ਜੋਸ਼ੀ ,ਮੈਡਮ ਨੀਰੂ ਸਮੇਤ ਸਮੂਹ ਸਟਾਫ ਹਾਜ਼ਰ ਸਨ।
ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਤਾਂ ਜੋਂ ਆਮ ਨਾਗਰਿਕਾਂ ਵਿਚ ਵਾਤਾਵਰਨ ਦੀ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੰਭਾਲ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਇਸ ਸਾਲ ਦਾ ਥੀਮ 'ਪਲਾਸਟਿਕ ਪ੍ਰਦੂਸ਼ਣ ਖ਼ਤਮ ਕਰੋ' ਹੈ। ਉਨ੍ਹਾਂ ਕਿਹਾ ਕਿ ਜਿਸ ਤਰਾਂ ਪਲਾਸਟਿਕ ਦੀ ਵਰਤੋਂ ਵਧ ਰਹੀ ਹੈ ,ਉਸ ਨਾਲ ਮਿੱਟੀ ਪਾਣੀ ਅਤੇ ਹਵਾ ਪ੍ਰਦੂਸ਼ਤ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਹੇਠੋਂ ਰਕਬਾ ਘਟਾ ਕੇ ਮੱਕੀ ਹੇਠ ਲਿਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋਂ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਵਿਚ ਆ ਰਹੀ ਗਿਰਾਵਟ ਨੂੰ ਰੋਕਿਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ ਵਾਤਾਵਰਨ ਦੀ ਸਿਰਜਣਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਚੌਗਿਰਦੇ ਨੂੰ ਹਰਿਆ-ਭਰਿਆ ਬਣਾਉਣਾ ਹਰੇਕ ਇਨਸਾਨ ਦਾ ਮੁਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਾ ਹੈ ਕਿ ਅਸੀਂ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਈਏ ਅਤੇ ਆਪਣੀ ਧਰਤੀ ਮਾਂ ਤੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਿਕ ਉਪਰਾਲੇ ਕਰੀਏ। ਉਨ੍ਹਾਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਸ਼ੂ, ਪੰਛੀ, ਪਵਨ, ਪਾਣੀ ਤੇ ਧਰਤੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਜੋਂ ਝੋਨੇ ਦੀ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਟੀਚੇ ਦੀ ਪੂਰਤੀ ਲਈ ਹਰ ਕਿਸਾਨ ਅਤੇ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ।