ਬਟਾਲਾ, ਸ੍ਰੀ ਹਰਗੋਬਿੰਦਪੁਰ, ਕਾਦੀਆਂ, ਫ਼ਤਿਹਗੜ੍ਹ ਚੂੜੀਆਂ, ਧਾਰੀਵਾਲ ਵਿਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ
- ਯੂਰੀਆ ਖਾਦ ਦੀ ਕਾਲਾਬਜ਼ਾਰੀ ਜਾਂ ਜਮਾਂਖੋਰੀ ਕਰਨ ਵਾਲੇ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ-ਮੁੱਖ ਖੇਤੀਬਾੜੀ ਅਫਸਰ
ਰੋਹਿਤ ਗੁਪਤਾ
ਬਟਾਲਾ, 11 ਜੁਲਾਈ 2025 - ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਖਾਸ ਕਰਕੇ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਿਲ੍ਹਾ ਗੁਰਦਾਸਪੁਰ ਵਿੱਚ ਵਿਸ਼ੇਸ਼ ਮੁਹਿੰਮ ਦੂਜੇ ਦਿਨ ਵੀ ਜਾਰੀ ਰਹੀ ਜਿਸ ਤਹਿਤ ਬਲਾਕ ਬਟਾਲਾ , ਸ੍ਰੀ ਹਰਗੋਬਿੰਦਪੁਰ, ਕਾਦੀਆਂ, ਫ਼ਤਿਹਗੜ੍ਹ ਚੂੜੀਆਂ,ਧਾਰੀਵਾਲ ਵਿਚ ਖਾਦ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਯੂਰੀਆ ਖਾਦ ਦੀ ਕਾਲਾਬਜ਼ਾਰੀ ਜਾਂ ਜਮਾਂਖੋਰੀ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਵੱਖ ਵੱਖ ਖਾਦ ਵਿਕਰੇਤਾਵਾਂ ਕੋਲ ਆਈ ਯੂਰੀਆ ਖਾਦ ਦੀ ਬਰਾਬਰ ਵੰਡ ਕਿਸਾਨਾਂ ਨੁੰ ਕਰਵਾਈ ਗਈ।
ਦੂਜੇ ਦਿਨ ਦੀ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੁੰ ਸਰਕਾਰ ਵਲੋਂ ਨਿਰਧਾਰਿਤ ਮੁੱਲ ’ਤੇ ਖੇਤੀ ਸਮਗਰੀ ਖਾਸ ਕਰਕੇ ਖਾਦਾਂ ਉਪਲਬਧ ਕਰਵਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਦ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਦੁਕਾਨਾਂ ਅਤੇ ਗੁਦਾਮਾਂ ਦੀ ਚੈਕਿੰਗ ਤੋਂ ਇਲਾਵਾ ਕਾਗਜ਼ਾਤ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।
ਉਨਾਂ ਦੱਸਿਆ ਕਿ ਜਿਨ੍ਹਾਂ ਡੀਲਰਾਂ ਦੇ ਕਾਰੋਬਾਰ ਨਾਲ ਸਬੰਧਤ ਰਿਕਾਰਡ ਵਿਚ ਕੋਈ ਊਣਤਾਈ ਪਾਈ ਗਈ, ਉਨ੍ਹਾਂ ਨੂੰ ਕਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੁਲਾਈ 2025 ਤਕ ਕੁੱਲ 77 ਹਜ਼ਾਰ ਮੀਟ੍ਰਿਕ ਟਨ ਯੂਰੀਆ ਚਾਹੀਦੀ ਹੈ ਜਦ ਕਿ ਮਿਤੀ 7 ਜੁਲਾਈ ਤੱਕ ਜ਼ਿਲਾ ਗੁਰਦਾਸਪੁਰ ਵਿਚ ਤਕਰੀਬਨ 68000 ਮੀਟ੍ਰਿਕ ਟਨ ਯੂਰੀਆ ਖਾਦ ਪਹੁੰਚ ਚੁੱਕੀ ਹੈ।
ਉਨਾਂ ਦੱਸਿਆ ਕਿ ਕਿਸਾਨਾਂ ਵਲੋਂ ਝੋਨੇ ਦੀ ਫ਼ਸਲ ਨੂੰ ਯੂਰੀਆ ਖਾਦ ਸਿਫਾਰਸ਼ਾਂ ਅਨੁਸਾਰ 90 ਕਿਲੋ ਪ੍ਰਤੀ ਏਕੜ ਹੀ ਵਰਤਣੀ ਚਾਹੀਦੀ ਹੈ ਅਤੇ ਜ਼ਰੂਰਤ ਅਨੁਸਾਰ ਹੀ ਖਰੀਦਣੀ ਚਾਹੀਦੀ ਹੈ ਤਾਂ ਜੋਂ ਬਾਕੀ ਕਿਸਾਨਾਂ ਨੁੰ ਯੂਰੀਆ ਦੀ ਉਪਲਬਧਤਾ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ।
ਉਨ੍ਹਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਿਲ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ ਤਾਂ ਜੋ ਜ਼ਰੂਰਤ ਅਨੁਸਾਰ ਭਾਰਤ ਸਰਕਾਰ ਤੋਂ ਯੂਰੀਆ ਖਾਦ ਮਿਲ ਸਕੇ।
ਉਨਾਂ ਕਿਹਾ ਕਿ ਡੀਲਰਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ , ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ।
ਉੁਨਾਂ ਕਿਸਾਨਾਂ ਨੂੰਅਪੀਲ ਕੀਤੀ ਕਿ ਖਾਦਕੀਟਨਾਸ਼ਕ ਰਸਾਇਣ ਜਾਂ ਬੀਜ ਖਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ ਤਾਂ ਉਸ ਦੀ ਲਿਖਤੀ ਤੌਰ ’ਤੇ ਸ਼ਿਕਾਇਤ ਸੰਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।