ਸਰਕਾਰੀ ਮਿਡਲ ਸਕੂਲ ਹਾਜੀ ਰਤਨ ਵਿਖੇ ਮਨਾਇਆ ਪੇਟ ਦੇ ਕੀੜਿਆਂ ਤੋਂ ਕੌਮੀ ਮੁਕਤੀ ਦਿਵਸ
ਅਸ਼ੋਕ ਵਰਮਾ
ਬਠਿੰਡਾ, 7 ਅਗਸਤ 2025 :ਡਾ. ਤਪਿੰਦਰਜੋਤ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਜਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਅਤੇ ਸਕੂਲ ਨਾ ਜਾਣ ਵਾਲੇ 1 ਤੋ 19 ਸਾਲ ਤੱਕ ਦੇ ਲਗਭਗ 2,66,297 ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ (ਚਬਾ ਕੇ ਖਾਣ ਵਾਲੀ ਗੋਲੀ) ਖੁਵਾਈ ਜਾ ਰਹੀ ਹੈ ਤਾਂ ਜ਼ੋ ਬੱਚਿਆਂ ਨੂੰ ਪੇਟ ਦੇ ਕੀੜੇ ਹੋਣ ਕਾਰਣ ਹੋਣ ਵਾਲੇ ਨੁਕਸਾਨਾਂ ਤੋ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਬੱਚੇ ਦੇ ਪੇਟ ਵਿੱਚ ਕੀੜੇ ਹੋਣ ਕਾਰਣ ਬੱਚੇ ਵਿੱਚ ਅਨੀਮੀਆ, ਭੁੱਖ ਘੱਟ ਲੱਗਣਾ, ਕੁਪੋਸ਼ਣ, ਮਾਨਸਿਕ ਤੇ ਬੌਧਿਕ ਕਮਜੋਰੀ, ਥਕਾਵਟ, ਬੇਚੈਨੀ, ਪੇਟ ਵਿੱਚ ਦਰਦ, ਜੀਅ ਮਤਲਾਉਣਾ, ਚਿੜਚਿੜਾਪਣ, ਉਲਟੀ ਅਤੇ ਦਸਤ ਆਉਣਾ ਜਾਂ ਲੈਟਰੀਨ ਵਿੱਚ ਖੂਨ ਆਉਣਾ ਲੱਛਣ ਹੋ ਸਕਦੇ ਹਨ ਅਤੇ ਬੱਚਾ ਦਿਨੋ ਦਿਨ ਕਮਜੋਰੀ ਅਤੇ ਥਕਾਵਟ ਮਹਿਸੂਸ ਕਰਦਾ ਹੈ।
ਉਹਨਾਂ ਦੱਸਿਆ ਕਿ ਪੇਟ ਦੇ ਕੀੜਿਆਂ ਨਾਲ ਪੀੜਿਤ ਅਤੇ ਅਨੀਮਿਕ ਬੱਚੇ ਬਾਕੀ ਬੱਚਿਆਂ ਦੇ ਮੁਕਾਬਲੇ ਪੜਾਈ ਅਤੇ ਖੇਡਾਂ ਵਿੱਚ ਪਿੱਛੇ ਰਹਿ ਜਾਂਦੇ ਹਨ। ਇਸ ਲਈ ਸਰਕਾਰ ਵੱਲੋਂ ਹਰ ਸਾਲ ਵਿੱਚ ਦੋ ਵਾਰ (ਛੇ ਮਹੀਨਿਆਂ ਦੇ ਫਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਐਲਬਿੰਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ।ਉਹਨਾਂ ਦੱਸਿਆ ਕਿ ਜਿਹੜੇ ਬੱਚੇ ਕਿਸੇ ਵੀ ਕਾਰਣ ਗੋਲੀ ਖਾਣ ਤੋਂ ਵਾਂਝੇ ਰਹਿ ਗਏ ਉਹਨਾਂ ਬੱਚਿਆਂ ਨੂੰ 14 ਅਗਸਤ 2025 ਨੂੰ ਮੋਪ ਅੱਪ ਰਾਊਂਡ ਵਿੱਚ ਗੋਲੀਆਂ ਖੁਆਈਆਂ ਜਾਣਗੀਆਂ। ਪੇਟ ਦੇ ਕੀੜਿਆਂ ਤੋਂ ਬਚਣ ਲਈ ਸਾਨੂੰ ਆਪਣੇ ਹੱਥ ਖਾਣਾ ਖਾਣ ਤੋਂ ਪਹਿਲਾਂ, ਖਾਣਾ ਪਰੋਸਣ ਤੋਂ ਪਹਿਲਾਂ ਅਤੇ ਪਾਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਧੋਣੇ ਚਾਹੀਦੇ ਹਨ, ਖੁੱਲ੍ਹੇ ਵਿੱਚ ਪਾਖਾਨਾ ਜਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ, ਹਮੇਸ਼ਾ ਸਾਫ਼ ਪਾਣੀ ਪੀਣਾ ਚਾਹੀਦਾ ਹੈ, ਨੰਗੇ ਪੈਰ ਨਹੀਂ ਰਹਿਣਾ ਚਾਹੀਦਾ, ਖਾਣਾ ਢੱਕ ਕੇ ਰੱਖਣਾ ਚਾਹੀਦਾ ਹੈ, ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣੀ ਚਾਹੀਦੀ ਹੈ। ਬੱਚਿਆਂ ਨੂੰ ਹੱਥ ਧੋਣ ਦੀ ਪ੍ਰਕ੍ਰਿਆ ਬਾਰੇ ਵਿਸ਼ੇਸ ਜਾਣਕਾਰੀ ਦਿੱਤੀ ਗਈ। ਇਸ ਸਮੇਂ ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਗਗਨਦੀਪ ਸਿੰਘ ਭੁੱਲਰ ਬੀ.ਈ.ਈ, ਡਾ ਮੰਜੂ ਬਾਲਾ, ਮਨਫੂਲ ਸਿੰਘ ਆਰ.ਬੀ.ਐਸ .ਕੇ ਕੁਆਰਡੀਨੇਟਰ, ਸਕੂਲ ਮੁਖੀ ਕੁਲਪਿੰਦਰ ਕੌਰ, ਬੂਟਾ ਰਾਮ, ਦਵਿੰਦਰ ਸਿੰਘ ਅਤੇ ਹੋਰ ਅਧਿਆਪਕ ਹਾਜ਼ਰ ਸਨ ।