ਪਟਵਾਰੀਆਂ, ਪੰਚਾਇਤ ਸਕੱਤਰਾਂ ਅਤੇ ਅਧਿਆਪਕਾਂ ਨੇ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ ਕਮਾਨ ਸੰਭਾਲੀ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 31 ਅਗਸਤ ਮਾਲ ਤੇ ਮੁੜ ਵਸੇਬਾ ਵਿਭਾਗ ਤੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਦੇ ਨਾਲ ਸਿੱਖਿਆ ਵਿਭਾਗ ਦੇ ਅਧਿਆਪਕ ਵੀ ਹੜ੍ਹਾਂ ਦੌਰਾਨ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਡੇਰਾ ਬਾਬਾ ਨਾਨਕ ਬੀ.ਡੀ.ਪੀ.ਓ. ਦਫ਼ਤਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਫਲੱਡ ਓਪਰੇਸ਼ਨ ਕੈਂਪ ਵਿੱਚ ਹੋਰ ਵਿਭਾਗਾਂ ਦੇ ਕਰਮਚਾਰੀਆਂ ਦੇ ਨਾਲ ਪਟਵਾਰੀ, ਪੰਚਾਇਤ ਸਕੱਤਰ ਅਤੇ ਅਧਿਆਪਕ ਵੀ ਰਾਹਤ ਕਾਰਜਾਂ ਵਿਚ ਦਿਨ-ਰਾਤ ਲੱਗੇ ਹੋਏ ਹਨ।
ਡੇਰਾ ਬਾਬਾ ਨਾਨਕ ਦੇ ਤਹਿਸੀਲਦਾਰ ਸ. ਲਛਮਣ ਸਿੰਘ ਰੰਧਾਵਾ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਵਿਖੇ ਬਣਾਏ ਗਏ ਓਪਰੇਸ਼ਨ ਕੈਂਪ ਵਿੱਚ ਜਦੋਂ ਵੀ ਕੋਈ ਸਹਾਇਤਾ ਲਈ ਕਾਲ ਆਉਂਦੀ ਹੈ ਤਾਂ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਉਸ ਉੱਪਰ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਡੇਰਾ ਬਾਬਾ ਨਾਨਕ ਦੇ 100 ਦੇ ਕਰੀਬ ਪਿੰਡ ਹੜ੍ਹਾਂ ਦੀ ਮਾਰ ਹੇਠ ਆਏ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਪਿੰਡਾਂ ਵਿੱਚ ਰਾਹਤ ਕਾਰਜ ਜਾਰੀ ਹਨ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲੋੜਵੰਦਾਂ ਤੱਕ ਖਾਣ-ਪੀਣ ਦਾ ਸਮਾਨ ਪਹੁੰਚਾਉਣ ਦੇ ਨਾਲ ਪਸ਼ੂਆਂ ਲਈ ਚਾਰਾ ਵੀ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਹਤ ਪਹੁੰਚਾਉਣ ਦਾ ਇਹ ਕਾਰਜ ਨਿਰਵਿਘਨ ਜਾਰੀ ਰਹੇਗਾ। ਪ੍ਰਭਾਵਿਤ ਪਿੰਡਾਂ ਤੱਕ ਮੈਡੀਕਲ ਸਹਾਇਤਾ ਦੇਣ ਲਈ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਏ ਜਾ ਰਹੇ ਹਨ।