ਬਠਿੰਡਾ ਜ਼ਿਲ੍ਹੇ ਵਿੱਚ 68383 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਬੂੰਦਾਂ: ਡਾ ਤਪਿੰਦਰਜੋਤ ਸਿਵਲ ਸਰਜਨ
ਅਸ਼ੋਕ ਵਰਮਾ
ਬਠਿੰਡਾ, 12 ਅਕਤੂਬਰ 2025 :ਸਪੈਸ਼ਲ ਨੈਸ਼ਨਲ ਪਲਸ ਪੋਲੀਓ ਰਾਊਂਡ ਦੇ ਪਹਿਲੇ ਦਿਨ ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਵੱਲੋਂ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਦੀ ਮੌਜੂਦਗੀ ਵਿੱਚ ਬੇਅੰਤ ਨਗਰ ਵਿਖੇ ਨ੍ਹੰਨੇ ਮੁੰਨ੍ਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਵਲ ਸਰਜਨ ਬਠਿੰਡਾ ਨੇ ਸਮੂਹ ਵਿਭਾਗਾਂ ਨੂੰ ਇਸ ਨੋਬਲ ਕਾਰਜ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਕਿਹਾ। ਉਹਨਾਂ ਕਿਹਾ ਕਿ ਇਸ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਦੇ ਹਰ ਇੱਕ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਈਆ ਜਾ ਰਹੀਆਂ ਹਨ। ਉਹਨਾਂ ਸਮੂਹ ਵਿੱਭਾਗਾਂ ਅਤੇ ਆਮ ਜਨਤਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਨੂੰ ਇਸ ਮੁਹਿੰਮ ਦੇ ਦੂਜੇ ਅਤੇ ਤੀਜੇ ਦਿਨ ਵੀ ਸਹਿਯੋਗ ਦੇਣ ਤਾਂ ਜੋ ਇਸ ਮੁਹਿੰਮ ਨੂੰ ਵੀ ਸਫ਼ਲਤਾ ਨਾਲ ਨੇਪਰੇ ਚਾੜਿਆ ਜਾ ਸਕੇ।
ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਜਨਵਰੀ 2011 ਤੋਂ ਭਾਰਤ ਵਿੱਚ ਕੋਈ ਵੀ ਪੋਲੀਓ ਦਾ ਕੇਸ ਨਹੀਂ ਨਿਕਲਿਆ ਅਤੇ ਵਿਸ਼ਵ ਸਿਹਤ ਸੰਸਥਾ ਵੱਲੋਂ ਭਾਰਤ ਨੂੰ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ। ਭਾਰਤ ਨੂੰ ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਆਉਣ ਦਾ ਖਤਰਾ ਬਣਿਆ ਹੋਇਆ ਹੈ। ਅਸੀਂ ਰਲ ਮਿਲ ਕੇ ਪੋਲੀਓ ਦੀ ਬਿਮਾਰੀ ਨੂੰ ਦੇਸ਼ ਵਿੱਚੋਂ ਖਤਮ ਕੀਤਾ ਹੈ, ਇਸ ਖਾਤਮੇ ਨੂੰ ਬਰਕਰਾਰ ਰੱਖਣ ਦੀ ਜਰੂਰਤ ਹੈ। ਉਹਨਾਂ ਦੱਸਿਆ ਕਿ ਇਸ ਰਾਊਂਡ ਲਈ ਲਗਭਗ 154566 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਸੀ। ਇਸ ਰਾਊਂਡ ਵਿੱਚ ਪਹਿਲੇ ਦਿਨ 68383 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ 44.24 ਪ੍ਰਤੀਸ਼ਤ ਟੀਚਾ ਪ੍ਰਾਪਤ ਕਰ ਲਿਆ ਹੈ।
ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ ਅਤੇ ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਇਹ ਸੰਦੇਸ਼ ਪਹੁੰਚਾਉਣ ਤਾਂ ਜ਼ੋ ਕੋਈ ਵੀ 0 ਤੋਂ 5 ਸਾਲ ਤੱਕ ਦਾ ਬੱਚਾ ਪੋਲੀਓ ਦੀਆਂ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪੋਲੀਓ ਬੂੰਦਾਂ ਪਿਲਾਉਣ ਸਮੇਂ ਸਹਿਯੋਗ ਦੇਣ। ਹਰੇਕ ਪਰਿਵਾਰ ਆਪਣੇ 5 ਸਾਲ ਤੱਕ ਦੇ ਬੱਚੇ ਨੂੰ ਪੋਲੀਓ ਬੂੰਦਾਂ ਪਿਲਾਉਣੀਆਂ ਹਨ, ਭਾਵੇਂ ਬੱਚਾ ਬਿਮਾਰ ਹੋਵੇ, ਪਹਿਲਾਂ ਬੂੰਦਾਂ ਪੀ ਚੁੱਕਾ ਹੋਵੇ, ਜਾਂ ਨਵਜੰਮਿਆ ਹੋਵੇ।