ਡਿਪਟੀ ਕਮਿਸ਼ਨਰ ਅਤੇ ਐਸਐਸਪੀ ਬਠਿੰਡਾ ਨੇ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ ਕੀਤਾ ਪ੍ਰੇਰਿਤ
ਅਸ਼ੋਕ ਵਰਮਾ
ਬਠਿੰਡਾ, 16 ਅਕਤੂਬਰ 2025 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਮੁਕੰਮਲ ਹੱਲ ਲਈ ਪੂਰੀ ਤਰ੍ਹਾਂ ਵਚਨਵੱਧ ਅਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡੀ.ਸੀ. ਰਾਜੇਸ਼ ਧੀਮਾਨ ਨੇ ਪਿੰਡ ਹਰਰੰਗਪੁਰਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਲਗਾਏ ਗਏ ਕਿਸਾਨ ਮਿਲਣੀ ਕੈਂਪ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਇਸ ਮੌਕੇ ਡੀ.ਸੀ. ਰਾਜੇਸ਼ ਧੀਮਾਨ ਨੇ ਜਿੱਥੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕੀਤਾ ਉੱਥੇ ਹੀ ਉਹਨਾਂ ਕਿਸਾਨਾਂ ਤੇ ਪਿੰਡ ਵਾਸੀਆਂ ਦੀਆਂ ਜਾਇਜ ਸਾਂਝੀਆਂ ਸਮਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਡੀਸੀ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ। ਇਸ ਮੌਕੇ ਡੀਸੀ ਨੇ ਕਿਸਾਨਾਂ ਨੂੰ ਕਿਹਾ ਕਿ ਉਹਨਾਂ ਨੂੰ ਭਵਿੱਖ ਵਿੱਚ ਡੀਏਪੀ ਖਾਦ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।
ਡੀ.ਸੀ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ।
ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਕਿਸਾਨਾਂ ਨੂੰ ਕਿਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾ ਤਤਪਰ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜ਼ੀਹ ਦੇਣ।
ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨਾਲ ਵਡਮੁੱਲੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਜਿਵੇਂ ਕਿ ਸਟਰਾਅ ਰੇਕ, ਬੇਲਰ, ਸੁਪਰ ਐਸ.ਐਮ.ਐਸ, ਮਲਚਰ, ਪੈਡੀ ਸਟਰਾਅ ਚੌਪਰ, ਉਲਟਾਵੇ ਹਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਅਤੇ ਸਰਫੇਸ ਸੀਡਰ ਆਦਿ ਦੀ ਵਰਤੋਂ ਕਰਨ, ਇਹ ਆਧੁਨਿਕ ਸੰਦ ਖੇਤੀਬਾੜੀ ਵਿਭਾਗ ਤੋਂ ਸਬਸਿਡੀ ‘ਤੇ ਲਏ ਜਾ ਸਕਦੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡ ਹਰਰੰਗਪੁਰਾ ਦੇ ਭਾਰੀ ਗਿਣਤੀ ਵਿੱਚ ਕਿਸਾਨ ਤੇ ਪਿੰਡ ਵਾਸੀ ਆਦਿ ਹਾਜ਼ਰ ਸਨ।