ਡੇਂਗੂ ਲਾਰਵੇ ਦੀ ਪਛਾਣ ਕਰਨ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 17 ਅਕਤੂਬਰ 2025
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਯਤਨਸ਼ੀਲ ਹੈ।
ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਅੱਜ "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਮੌਕੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਦੇ ਡੰਗ ਤੋਂ ਲੋਕਾਂ ਨੂੰ ਬਚਾਉਣ ਲਈ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਦਾ ਦੌਰਾ ਕੀਤਾ ਤੇ ਲਾਰਵੇ ਦੀ ਜਾਂਚ ਤੇ ਪਛਾਣ ਕਰਨ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।
ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਦਾ ਮਕਸਦ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ।
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ, ਨਵਾਂਸ਼ਹਿਰ ਵਿੱਚ ਪਾਣੀ ਵਾਲੇ ਸਰੋਤਾਂ, ਫੁੱਲਾਂ ਦੇ ਗਮਲੇ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਵਲ ਸਰਜਨ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ, ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ।
ਸਿਵਲ ਸਰਜਨ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ।
ਸਿਵਲ ਸਰਜਨ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ।
ਇਸ ਮੌਕੇ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।