ਕਪੂਰਥਲਾ ਰਿਹਾ ਬੰਦ ਭਾਈਚਾਰੇ ਵਿੱਚ ਭਾਰੀ ਰੋਸ
ਬਲਵਿੰਦਰ ਸਿੰਘ ਧਾਲੀਵਾਲ
ਕਪੂਰਥਲਾ 6 ਜਨਵਰੀ 2026
ਜਲੰਧਰ ਰੋਡ ’ਤੇ ਸਥਿਤ ਜ਼ਮੀਨ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਅਤੇ ਮੰਜੂ ਰਾਣਾ ਦਰਮਿਆਨ ਚੱਲ ਰਹੇ ਵਿਵਾਦ ਕਾਰਨ ਅੱਜ ਕਪੂਰਥਲਾ ਸ਼ਹਿਰ ਵਿਚ ਬੰਦ ਰਿਹਾ। ਵਾਲਮੀਕਿ ਭਾਈਚਾਰੇ ਵੱਲੋਂ ਮੰਜੂ ਰਾਣਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੌਰਾਨ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਮੰਜੂ ਰਾਣਾ ਵੱਲੋਂ ਜ਼ਬਰਦਸਤੀ ਵਿਵਾਦ ਖੜ੍ਹਾ ਕੀਤਾ ਜਾ ਰਿਹਾ ਹੈ ਅਤੇ ਭਾਈਚਾਰੇ ਖ਼ਿਲਾਫ਼ ਅਪਸ਼ਬਦ ਬੋਲੇ ਗਏ ਹਨ।
ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਲਗਭਗ 119 ਕਨਾਲ ਜ਼ਮੀਨ ਉਨ੍ਹਾਂ ਨੂੰ ਮੰਦਰ ਬਨਾਉਣ ਲਈ ਦਾਨ ਵਿਚ ਮਿਲੀ ਸੀ ਪਰ ਉਕਤ ਆਗੂ ਵੱਲੋਂ ਹੁਣ ਉਸ ਜ਼ਮੀਨ ’ਤੇ ਆਪਣਾ ਹੱਕ ਜਤਾਇਆ ਜਾ ਰਿਹਾ ਹੈ। ਭਾਈਚਾਰੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਮੰਜੂ ਰਾਣਾ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਚੱਲਦੇ ਅੱਜ ਕਪੂਰਥਲਾ ਵਿਚ ਬਹੁਤੇ ਬਾਜ਼ਾਰ ਬੰਦ ਰਹੇ ਜਦਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਸ ਫੋਰਸ ਤਾਇਨਾਤ ਕੀਤੀ ਗਈ। ਵਾਲਮੀਕਿ ਸਮਾਜ ਵੱਲੋਂ ਡੀਸੀ ਚੌਕ ’ਤੇ ਵੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ। ਦੂਜੇ ਪਾਸੇ ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਭਾਈਚਾਰੇ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।