ਬਠਿੰਡਾ ਦੀ ਧੋਬੀਆਣਾ ਬਸਤੀ ਵਿੱਚ ਪੀਸੀ-ਪੀਐਨਡੀਟੀ ਐਕਟ ਤਹਿਤ ਜਾਗਰੂਕਤਾ ਮੁਹਿੰਮ ਚਲਾਈ
ਅਸ਼ੋਕ ਵਰਮਾ
ਬਠਿੰਡਾ, 10 ਜਨਵਰੀ 2026 :ਸਿਹਤ ਵਿਭਾਗ ਬਠਿੰਡਾ ਵੱਲੋਂ ਸਿਵਲ ਸਰਜਨ ਡਾ. ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਧੋਬੀਆਣਾ ਬਸਤੀ ਵਿੱਚ ਪੀਸੀ-ਪੀਐਨਡੀਟੀ ਐਕਟ ਤਹਿਤ ਜਾਗਰੂਕਤਾ ਮੀਟਿੰਗ ਆਯੋਜਿਤ ਕੀਤੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਤਪਿੰਦਰਜੋਤ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣਾ ਅਤੇ ਭਰੂਣ ਹੱਤਿਆ ਵਰਗੇ ਗੰਭੀਰ ਅਪਰਾਧ ਬਾਰੇ ਲੋਕਾਂ ਨੂੰ ਸੂਚਿਤ ਕਰਨਾ ਹੈ। ਧੀਆਂ ਪ੍ਰਤੀ ਸਤਿਕਾਰ ਵਧਾਉਣ ਅਤੇ ਕੁੜੀ ਅਤੇ ਮੁੰਡੇ ਵਿਚ ਬਰਾਬਰਤਾ ਦਾ ਸੁਨੇਹਾ ਦੇਣ ਲਈ ਜਾਗਰੂਕਤਾ ਉਪਰਾਲੇ ਕੀਤੇ ਜਾ ਰਹੇ ਹਨ।ਇਸ ਸਮਾਜ ਨੂੰ ਬਦਲਣ ਦੀ ਮੁਹਿੰਮ ਤਹਿਤ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਅਗਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ ਤਾਂ ਜੋ ਲੋਕਾਂ ਵਿੱਚ ਕਾਨੂੰਨੀ ਜਾਣਕਾਰੀ ਵਧੇ ਅਤੇ ਧੀ ਬਚਾਓ–ਧੀ ਪੜ੍ਹਾਓ ਦੇ ਸੰਦੇਸ਼ ਨੂੰ ਹੋਰ ਮਜ਼ਬੂਤੀ ਮਿਲੇ।
ਇਸ ਜਾਗਰੂਕਤਾ ਮੀਟਿੰਗ ਦੌਰਾਨ ਬਲਾਕ ਐਜੂਕੇਟਰ ਪਵਨਜੀਤ ਕੌਰ ਅਤੇ ਹਰਜਿੰਦਰ ਕੌਰ ਵੱਲੋਂ ਸਾਂਝੇ ਤੌਰ ‘ਤੇ ਸਥਾਨਕ ਲੋਕਾਂ ਨੂੰ ਦੱਸਿਆ ਗਿਆ ਕਿ ਗਰਭ ਅਵਸਥਾ ਦੌਰਾਨ ਲਿੰਗ ਦੀ ਜਾਂਚ ਕਰਵਾਉਣਾ ਕਾਨੂੰਨੀ ਤੌਰ ’ਤੇ ਜੁਰਮ ਹੈ ਅਤੇ ਇਸ ਲਈ ਸਖ਼ਤ ਸਜ਼ਾਵਾਂ ਦਾ ਪ੍ਰਾਵਧਾਨ ਹੈ। ਉਨ੍ਹਾਂ ਕਿਹਾ ਕਿ ਪੀਸੀ-ਪੀਐਨਡੀਟੀ ਐਕਟ ਤਹਿਤ ਲਿੰਗ ਜਾਂਚ ਕਰਨ ਅਤੇ ਕਰਵਾਉਣ ਦੋਵਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਦਾ ਹੱਕ ਦਿੱਤਾ ਜਾਵੇ ਅਤੇ ਸਮਾਜ ਵਿੱਚ ਲਿੰਗ ਭੇਦਭਾਵ ਨੂੰ ਖਤਮ ਕਰਨ ਲਈ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਵੱਲੋਂ ਗਰਭਵਤੀ ਮਹਿਲਾਵਾਂ ਲਈ ਉਪਲਬਧ ਸੁਰੱਖਿਅਤ ਅਤੇ ਕਾਨੂੰਨੀ ਮੈਡੀਕਲ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਇਹ ਅਪੀਲ ਕੀਤੀ ਗਈ ਕਿ ਜੇ ਕਿਤੇ ਵੀ ਲਿੰਗ ਜਾਂਚ ਸਬੰਧੀ ਕੋਈ ਗ਼ੈਰਕਾਨੂੰਨੀ ਕਾਰਵਾਈ ਦੀ ਜਾਣਕਾਰੀ ਮਿਲੇ, ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।ਇਸ ਮੌਕੇ ਮਹਿਲਾ ਅਰੋਗਿਆ ਸਮਿਤੀ ਦੀ ਚੇਅਰਮੈਨ ਅੰਮ੍ਰਿਤ ਕੌਰ ਅਤੇ ਆਸ਼ਾ ਵਰਕਰ ਮੰਜੂ ਦੇਵੀ ਹਾਜ਼ਰ ਸਨ।