ਪਵਨ ਦੀਵਾਨ ਨੇ ਭੂਪੇਸ਼ ਬਘੇਲ ਨਾਲ ਮੁਲਾਕਾਤ ਕੀਤੀ, ‘ਮਨਰੇਗਾ ਬਚਾਓ ਸੰਗ੍ਰਾਮ’ ਵਿੱਚ ਅਗਵਾਈ ਦੀ ਕੀਤੀ ਸ਼ਲਾਘਾ
ਪ੍ਰਮੋਦ ਭਾਰਤੀ
ਲੁਧਿਆਣਾ, 10 ਜਨਵਰੀ,2026
ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸ ਆਗੂ ਪਵਨ ਦੀਵਾਨ ਨੇ ਅੱਜ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲਈ ਕਾਂਗਰਸ ਦੇ ਇੰਚਾਰਜ ਜਨਰਲ ਸਕੱਤਰ ਭੂਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ‘ਮਨਰੇਗਾ ਬਚਾਓ ਸੰਗਰਾਮ’ ਤਹਿਤ ਰੈਲੀ ਤੋਂ ਪਹਿਲਾਂ ਲੁਧਿਆਣਾ ਦੇ ਹੋਟਲ ਪਾਰਕ ਪਲਾਜ਼ਾ ਵਿਖੇ ਦੀਵਾਨ ਨੇ ਬਘੇਲ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਪਵਨ ਦੀਵਾਨ ਨੇ ‘ਮਨਰੇਗਾ ਬਚਾਓ ਸੰਗਰਾਮ’ ਰੈਲੀਆਂ ਦੀ ਅਗਵਾਈ ਕਰਨ ਲਈ ਭੂਪੇਸ਼ ਬਘੇਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਲਈ ਉਨ੍ਹਾਂ ਦੀ ਵਚਨਬੱਧਤਾ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਨੇ ਕਿਹਾ ਕਿ ਬਘੇਲ ਦੀ ਮਜ਼ਬੂਤ ਮੋਜੂਦਗੀ, ਤਿੱਖੇ ਬਿਆਨ ਅਤੇ ਪ੍ਰਭਾਵਸ਼ਾਲੀ ਭਾਸ਼ਣਾਂ ਨੇ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ਾਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹੰਮ ਭੂਮਿਕਾ ਨਿਭਾਈ ਹੈ।
ਇਸ ਦੌਰਾਨ ਦੀਵਾਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੀ ਗਤੀਸ਼ੀਲ ਅਗਵਾਈ ਹੇਠ ਰੈਲੀਆਂ ਨੂੰ ਵੱਡੀ ਸਫ਼ਲਤਾ ਮਿਲੀ ਹੈ ਅਤੇ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਦੀ ਜੜ੍ਹਾਂ ਹੋਰ ਮਜ਼ਬੂਤ ਹੋਈਆਂ ਹਨ। ਇਸ ਮੌਕੇ ਪਵਨ ਦੀਵਾਨ ਨੇ ਪੰਜਾਬ ਦੇ ਬਦਲਦੇ ਸਿਆਸੀ ਦ੍ਰਿਸ਼ ਦੀ ਵਿਸਤ੍ਰਿਤ ਵਿਸ਼ਲੇਸ਼ਣ ਵੀ ਪੇਸ਼ ਕੀਤੀ ਅਤੇ ਖ਼ਾਸ ਕਰਕੇ ਲੁਧਿਆਣਾ ਜ਼ਿਲ੍ਹੇ ਨਾਲ ਜੁੜੇ ਮਹੱਤਵਪੂਰਨ ਰੁਝਾਨਾਂ ਅਤੇ ਵਿਕਾਸਾਂ ਉੱਤੇ ਚਾਨਣ ਵੀ ਪਾਇਆ। ਜਿਸਨੂੰ ਲੈ ਕੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਵਨ ਦੀਵਾਨ ਦੀ ਕਾਂਗਰਸ ਪਾਰਟੀ ਪ੍ਰਤੀ ਜੀਵਨ ਭਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਵੜਿੰਗ ਨੇ ਕਿਹਾ ਕਿ ਪਵਨ ਦੀਵਾਨ ਉਹ ਆਗੂ ਹਨ, ਜਿਨ੍ਹਾਂ ਨੇ ਆਪਣੀ ਸਾਰੀ ਊਰਜਾ ਪਾਰਟੀ ਦੀ ਸੇਵਾ ਲਈ ਸਮਰਪਿਤ ਕੀਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ, ਏਆਈਸੀਸੀ ਸਕੱਤਰ ਤੇ ਸਹਿ ਇੰਚਾਰਜ ਰਵਿੰਦਰ ਦਲਵੀ, ਸਾਬਕਾ ਵਿਧਾਇਕ ਜਸਬੀਰ ਸਿੰਘ ਖੰਗੂੜਾ, ਸਾਬਕਾ ਵਿਧਾਇਕ ਸੁਰਿੰਦਰ ਡਾਵਰ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ, ਸਾਬਕਾ ਵਿਧਾਇਕ ਬਲਵਿੰਦਰ ਸਿੰਘ ਬੈਂਸ, ਸਾਬਕਾ ਵਿਧਾਇਕ ਤੇ ਜਿਲਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸੰਜੇ ਤਲਵਾੜ, ਹੈਪੀ ਲਾਲੀ ਜਿਲਾ ਯੂਥ ਕਾਂਗਰਸ ਦੇ ਪ੍ਰਧਾਨ ਵੀ ਮੌਜੂਦ ਰਹੇ।