ਫੁੱਲ ਡਰੈਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਲਹਿਰਾਇਆ ਕੌਮੀ ਝੰਡਾ
ਅਸ਼ੋਕ ਵਰਮਾ
ਬਰਨਾਲਾ, 25 ਜਨਵਰੀ 2026:ਬਾਬਾ ਕਾਲਾ ਮਹਿਰ ਬਹੁ ਮੰਤਵੀ ਖੇਡ ਸਟੇਡੀਅਮ ਬਰਨਾਲਾ ਵਿਖੇ ਅੱਜ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਦੌਰਾਨ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ ਅਤੇ ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਮਾਰਚ ਪਾਸਟ ਦੌਰਾਨ ਪਰੇਡ ਤੋਂ ਸਲਾਮੀ ਲਈ ਗਈ।
ਇਸ ਮੌਕੇ ਉਨ੍ਹਾਂ ਕਿਹਾ ਕਿ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਵੰਨਗੀਆਂ, ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਉਟੀਆਂ ਜੋ ਉਨ੍ਹਾਂ ਨੂੰ ਸੌਪੀਆਂ ਗਈਆਂ ਹਨ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਆਪਣੇ ਪਰਿਵਾਰਾਂ ਸਮੇਤ ਆਉਣ ਲਈ ਖੁੱਲਾ ਸੱਦਾ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ।
ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ। ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਡਾ. ਅਜੀਤਪਾਲ ਸਿੰਘ ਅਤੇ ਸਾਰੇ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਹਾਜ਼ਰ ਸਨ ।