ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵਰੇ ਦਾ ਸਨਮਾਨ ਕਰਦੇ ਹੋਏ ਕਾਂਗਰਸ ਦੇ ਸੀਨੀਅਰ ਆਗੂ
ਦੀਦਾਰ ਗੁਰਨਾ
ਫਤਿਹਗੜ੍ਹ ਸਾਹਿਬ 8 ਫਰਵਰੀ 2026 :ਜਿਲ੍ਹਾ ਕਾਂਗਰਸ ਕਮੇਟੀ ਦੀ ਇੱਕ ਅਹਿਮ ਮੀਟਿੰਗ ਕਰਤਾਰ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਹੋਈ, ਜਿਸ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਅਤੇ ਪੰਜਾਬ ਮਾਮਲਿਆਂ ਦੀ ਸਹਿ-ਇੰਚਾਰਜ ਹੀਨਾ ਕਾਵਰੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਜਿਲ੍ਹੇ ਦੀ ਸਮੁੱਚੀ ਕਾਂਗਰਸੀ ਲੀਡਰਸ਼ਿਪ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀ
ਮੀਟਿੰਗ ਦੌਰਾਨ ਵਰਕਰਾਂ ਨੂੰ ਸੰਬੋਧਨ ਕਰਦਿਆਂ ਸਹਿ-ਇੰਚਾਰਜ ਹੀਨਾ ਕਾਵਰੇ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀ ਰਾਜਨੀਤੀ ਵਿੱਚ ਕਾਂਗਰਸ ਪਾਰਟੀ ਵੱਲੋਂ ਇੱਕ ਵੱਖਰਾ ਅਤੇ ਮਜ਼ਬੂਤ ਪਲੇਟਫਾਰਮ ਖੜਾ ਕੀਤਾ ਗਿਆ ਹੈ, ਜਿਸ ਕਾਰਨ ਕਾਂਗਰਸ ਦੇ ਡਰ ਤੋਂ ਅੱਜ ਸਾਰੀਆਂ ਸਿਆਸੀ ਪਾਰਟੀਆਂ ਕਾਂਗਰਸ ਦੀਆਂ ਕਮੀਆਂ ਲੱਭਣ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਰਕਰ ਦਿਨ-ਪ੍ਰਤੀ-ਦਿਨ ਲੋਕਾਂ ਦੇ ਮੁੱਦਿਆਂ ਲਈ ਮਿਹਨਤ ਕਰ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਪਾਰਟੀ ਲੋਕਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ
ਉਨ੍ਹਾਂ ਆਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਤੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਉਹਨਾਂ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਕਾਂਗਰਸ ਨੇ ਵੱਡੀ ਲੜਾਈ ਲੜ ਕੇ ਗਰੀਬ ਅਤੇ ਕਮਜ਼ੋਰ ਵਰਗਾਂ ਲਈ ਲਾਗੂ ਕੀਤੀਆਂ ਸਨ। ਇਸ ਲਈ ਲੋੜ ਹੈ ਕਿ ਲੋਕਾਂ ਨੂੰ ਇਨ੍ਹਾਂ “ਲੋਟੂ ਪਾਰਟੀਆਂ” ਦੀਆਂ ਨੀਤੀਆਂ ਖਿਲਾਫ ਜਾਗਰੂਕ ਕੀਤਾ ਜਾਵੇ ਅਤੇ ਨਾਲ ਹੀ ਆਮ ਲੋਕਾਂ ਦੇ ਰੁਕੇ ਹੋਏ ਕੰਮ ਕਰਵਾਉਣਾ ਕਾਂਗਰਸ ਪਾਰਟੀ ਦੀ ਪ੍ਰਾਥਮਿਕਤਾ ਰਹੇਗੀ
ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਹਰ ਮੋਰਚੇ ‘ਤੇ ਫੇਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਭ੍ਰਿਸ਼ਟਾਚਾਰ ਅਤੇ ਪੰਜਾਬ ਵਿੱਚ ਵਧ ਰਹੀ ਅਪਰਾਧਕ ਘਟਨਾਵਾਂ ਕਾਰਨ ਅੱਜ ਸੂਬੇ ਦੇ ਲੋਕ ਦਹਿਸ਼ਤ ਦੇ ਸਾਏ ਹੇਠ ਜੀ ਰਹੇ ਹਨ ਨੇਤਾਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਕਾਂਗਰਸ ਦੇ ਉਸ ਸ਼ਾਸਨਕਾਲ ਨੂੰ ਯਾਦ ਕਰ ਰਹੇ ਹਨ, ਜਿੱਥੇ ਇਕ ਪਾਸੇ ਵੱਡੇ ਪੱਧਰ ‘ਤੇ ਵਿਕਾਸ ਹੋਇਆ ਸੀ, ਉੱਥੇ ਹੀ ਭ੍ਰਿਸ਼ਟ ਨੇਤਾਵਾਂ ਅਤੇ ਅਧਿਕਾਰੀਆਂ ‘ਤੇ ਸਖ਼ਤ ਨੱਥ ਪਾਈ ਗਈ ਸੀ
ਇਸ ਦੌਰਾਨ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਖਾਸ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਜੋ ਕਾਂਗਰਸ ਪਾਰਟੀ ਵਿੱਚ ਕਾਟੋ-ਕਲੇਸ਼ ਹੋਣ ਦੇ ਦੋਸ਼ ਲਗਾ ਕੇ ਪਾਰਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ , ਉਨ੍ਹਾਂ ਕਿਹਾ ਕਿ ਕੋਈ ਵੀ ਪਾਰਟੀ ਅਜਿਹੀ ਨਹੀਂ ਜਿੱਥੇ ਅੰਦਰੂਨੀ ਵਿਚਾਰ-ਵਟਾਂਦਰਾ ਨਾ ਹੁੰਦਾ ਹੋਵੇ, ਪਰ ਜਾਣ-ਬੁੱਝ ਕੇ ਕਾਂਗਰਸ ਨੂੰ ਨਿਸ਼ਾਨਾ ਇਸ ਲਈ ਬਣਾਇਆ ਜਾ ਰਿਹਾ ਹੈ ਕਿਉਂਕਿ ਹੋਰ ਪਾਰਟੀਆਂ ਨੂੰ ਡਰ ਹੈ ਕਿ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇੱਕ ਵਾਰ ਫਿਰ ਲੋਕਾਂ ਦੀ ਪਹਿਲੀ ਪਸੰਦ ਬਣ ਕੇ ਉਭਰੇਗੀ।ਇਸ ਮੌਕੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ,ਇਸ ਮੀਟਿੰਗ ਵਿੱਚ ਵੱਖ-ਵੱਖ ਫਰੰਟਲ ਸੰਗਠਨਾਂ,ਸੇਵਾ ਦਲ,ਮਹਿਲਾਂ ਕਾਂਗਰਸ, ਯੂਥ ਕਾਂਗਰਸ, ਕਿਸਾਨ ਸੈੱਲ, ਐੱਸ. ਸੀ ਸੈੱਲ, ਬੀ.ਸੀ ਸੈੱਲ ਤੇ ਜਿਲ੍ਹਾ ਕਾਂਗਰਸ ਕਮੇਟੀ,ਬਲਾਕ ਕਾਂਗਰਸ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ