''ਅਨੋਖਾ ਬਦਲਾਅ ਕੇਂਦਰ ਸਰਕਾਰ ਤੋਂ ਮਿਲਦੇ ਫੰਡ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਕੱਟਣ ਤੇ ਆਈ''
*31000 ਰੁਪਏ ਪ੍ਰਤੀ ਮਹੀਨਾ ਤਨਖਾਹ ਕਟੋਤੀ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਵੱਲੋਂ ਕੱਲ ਤੋਂ ਕੰਮ ਠੱਪ ਦਾ ਐਲਾਨ*
*ਮੁਲਾਜ਼ਮਾਂ ਵੱਲੋਂ 25 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੇ ਘਿਰਾਓ ਦਾ ਐਲਾਨ*
*ਤਨਖਾਹ ਕਟੋਤੀ ਰੱਦ ਨਾ ਹੋਣ ਦੀ ਸੂਰਤ ਵਿੱਚ ਗੁਪਤ ਐਕਸ਼ਨ ਦੀ ਚਿਤਾਵਨੀ*
ਪ੍ਰਮੋਦ ਭਾਰਤੀ
ਨਵਾਂਸ਼ਹਿਰ 23 ਫ਼ਰਵਰੀ,2026
20 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਤਨਦੇਹੀ ਨਾਲ ਆਪਣੀਆ ਸੇਵਾਵਾਂ ਦੇ ਰਹੇ ਦਫਤਰੀ ਕਰਮਚਾਰੀਆ ਦੀਆ ਤਨਖਾਹਾਂ ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਾਉਣ ਤੋਂ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ ਦਫਤਰੀ ਕਰਮਚਾਰੀਆ ਨੇ ਕੱਲ ਮਿਤੀ 24 ਫਰਵਰੀ ਤੋਂ ਵਿਭਾਗ ਦਾ ਕੰਮ ਮੁਕੰਮਲ ਰੂਪ ਵਚ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਆਗੂਆ ਨੇ ਦੱਸਿਆ ਕਿ ਤਨਖਾਹ ਕਟੋਤੀ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਮਿਤੀ 17 ਫਰਵਰੀ ਨੂੰ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ ਕੀਤਾ ਸੀ ਜਿਸ ਦੋਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆ ਵੱਲੋਂ ਕਰਮਚਾਰੀਆ ਦੀ ਤਨਖਾਹ ਕਟੋਤੀ ਨਾ ਕਰਨ ਅਤੇ 01.04.2018 ਤੋਂ ਰੈਗੂਲਰ ਆਰਡਰ ਦੇਣ ਸਬੰਧੀ ਫਾਈਲ 2 ਦਿਨ ਵਿਚ ਵਿੱਤ ਵਿਭਾਗ ਨੂੰ ਭੇਜਣ ਦਾ ਵਾਅਦਾ ਕੀਤਾ ਸੀ ਪਰ ਹੁਣ ਵਿਭਾਗ ਆਪਣੇ ਵਾਅਦੇ ਤੋਂ ਪਲਟ ਰਿਹਾ ਹੈ ਅਤੇ ਕਰਮਚਾਰੀਆ ਦੀ ਫਾਈਲ 6 ਦਿਨ ਬੀਤਣ ਤੇ ਵੀ ਸਿੱਖਿਆ ਵਿਭਾਗ ਵਿਚ ਘੁੰਮ ਰਹੀ ਹੈ। ਆਗੂਆ ਨੇ ਕਿਹਾ ਕਿ ਇਹ ਫਾਈਲ 10 ਅਕਤੂਬਰ ਤੋਂ ਸ਼ੁਰੂ ਹੋਈ ਹੈ ਜੋ ਕਿ 5 ਮਹੀਨੇ ਬੀਤਣ ਤੇ ਵੀ ਸਿੱਖਿਆ ਵਿਭਾਗ ਨੇ ਵਿੱਤ ਵਿਭਾਗ ਨੂੰ ਨਹੀ ਭੇਜੀ ਜਿਸ ਕਰਕੇ ਸਮੂਹ ਮੁਲਾਜ਼ਮਾਂ ਵਿਚ ਰੋਸ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਿਸ ਵਿਭਾਗ ਨੂੰ ਉਨ੍ਹਾਂ ਆਪਣੀ ਜਿੰਦਗੀ ਦੇ 15-20 ਸਾਲ ਦਿੱਤੇ ਉਹੀ ਵਿਭਾਗ ਹੁਣ ਮੁਲਾਜ਼ਮਾਂ ਦੀ ਬਚਦੀ ਜਿੰਦਗੀ ਰੋਲਣ ਦੀ ਕੋਸ਼ਿਸ਼ ਕਰ ਰਿਹਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 08/09/2025 ਦੀ ਕੈਬਨਿਟ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਕਈ ਵਾਰ ਅਧਿਕਾਰੀਆ ਨੂੰ ਤਨਖਾਹਾਂ ਨਾ ਘਟਾਉਣ ਅਤੇ ਠੋਸ ਫੈਸਲਾ ਲੈਣ ਦੀ ਹਦਾਇਤ ਕੀਤੀ ਪ੍ਰੰਤੂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਰਕਾਰ ਦੇ ਹੁਕਮਾਂ ਨੂੰ ਅਣਗੋਲਿਆ ਕੀਤਾ ਗਿਆ। ਤਤਕਾਲੀ ਸਕੱਤਰ ਸਕੂਲ ਸਿੱਖਿਆ ਵੱਲੋਂ ਜਥੇਬੰਦੀ ਨਾਲ ਮਿਤੀ 10/10/2025 ਨੂੰ ਮੀਟਿੰਗ ਕੀਤੀ ਗਈ ਜਿਸ ਦੋਰਾਨ ਉਨ੍ਹਾ ਨਾਲ ਹੋਈ ਵਿਚਾਰ ਚਰਚਾ ਅਨੁਸਾਰ ਕਰਮਚਾਰੀਆ ਨੂੰ 01.04.2018 ਤੋਂ ਅਧਿਆਪਕਾਂ ਦੀ ਤਰ੍ਹਜ਼ ਤੇ ਰੈਗੂਲਰ ਕਰਨ ਅਤੇ ਤਨਖਾਹਾਂ ਨਾ ਘਟਾਉਣ ਸਬੰਧੀ ਗੱਲਬਾਤ ਹੋਈ ਸੀ ਜਿਸ ਦੋਰਾਨ ਉਨ੍ਹਾ ਨੂੰ ਬੇਨਤੀ ਪੱਤਰ ਵੀ ਦਿੱਤਾ ਗਿਆ ਸੀ ਪ੍ਰੰਤੂ 5 ਮਹੀਨੇ ਬੀਤਣ ਤੇ 01.04.2018 ਤੋਂ ਆਰਡਰ ਦੇਣ ਜਾਂ ਤਨਖਾਹਾਂ ਸਬੰਧੀ ਫੈਸਲਾ ਲੇਣ ਦੀ ਫਾਈਲ ਸਿੱਖਿਆ ਸਕੱਤਰ ਦਫਤਰ ਦੇ ਇਕ ਟੇਬਲ ਤੋਂ ਦੂਜੇ ਟੇਬਲ ਤੇ ਹੀ ਘੁੰਮ ਰਹੀ ਹੈ।
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਸ਼੍ਰੀ ਜਗਦੀਸ਼ ਰਾਏ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੁਲਜ਼ਮਾਂ ਦੀਆ ਤਨਖਾਹਾਂ ਦਾ 60 ਪ੍ਰਤੀਸ਼ਤ ਫੰਡ ਪ੍ਰਾਪਤ ਹੋ ਰਿਹਾ ਹੈ ਇਸ ਦੇ ਬਾਵਜੂਦ ਸੂਬਾ ਸਰਕਾਰ ਮੁਲਾਜ਼ਮਾਂ ਦੀਆ ਤਨਖਾਹਾਂ ਕੱਟਣ ਤੇ ਤੁਲੀ ਹੋਈ ਹੈ ਅਤੇ ਵਾਰ ਵਾਰ ਵਾਅਦੇ ਕਰਕੇ ਮੁਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਸਰਕਾਰ ਦੇ ਇਸ ਫੈਸਲੇ ਵਿਰੁੱਧ ਦਫਤਰੀ ਕਰਮਚਾਰੀ 25 ਫਰਵਰੀ ਨੂੰ ਸਮੂਹਿਕ ਛੁੱਟੀ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਇਕੱਤਰ ਹੋ ਕੇ ਮੁੱਖ ਮੰਤਰੀ ਦੀ ਸੰਗਰੂਰ ਰਿਹਾਇਸ਼ ਵੱਲ ਮਾਰਚ ਕਰਨਗੇ। ਆਗੂਆ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆ ਤਨਖਾਹਾਂ ਤੇ ਕੱਟ ਲਾਉਣ ਦੇ ਹੁਕਮਾਂ ਨੂੰ ਨਾ ਰੋਕਿਆ ਤਾਂ ਮੰਤਰੀਆ ਦੇ ਘਰਾਂ ਦੇ ਬਾਹਰ ਵੀ ਗੁਪਤ ਐਕਸ਼ਨ ਕੀਤੇ ਜਾਣਗੇ।ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ, ਰਜਿੰਦਰ ਸ਼ਰਮਾ, ਚੇਤਨ ਕੁਮਾਰ, ਰੀਨਾ ਰਾਏ ਅਤੇ ਹੋਰ ਸਾਥੀ ਮੌਜੂਦ ਸਨ।