ਕੈਮਿਸਟ ਭਾਈਚਾਰੇ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਸਬੰਧੀ ਪੁਲਿਸ ਦੀ ਸ਼ਲਾਘਾ
ਅਸ਼ੋਕ ਵਰਮਾ
ਬਠਿੰਡਾ, ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ ਪ੍ਰੀਗਾਬਾਲਿਨ ਕੈਪਸੂਲ ਅਤੇ ਟ੍ਰਾਮਾਡੋਲ ਸਮੇਤ ਗ੍ਰਿਫ਼ਤਾਰ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ, ਬਠਿੰਡਾ ਨੇ ਬਠਿੰਡਾ ਪੁਲਿਸ ਦੀ ਸ਼ਲਾਘਾ ਕੀਤੀ ਹੈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਬਾਹਰੀ ਲੋਕਾਂ ਵੱਲੋਂ ਪਾਬੰਦੀਸ਼ੁਦਾ ਦਵਾਈਆਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਸੰਦੀਪ ਉਰਫ਼ ਸੰਜੀਵ, ਜੋ ਕਿ ਮੇਰਠ ਦਾ ਰਹਿਣ ਵਾਲਾ ਹੈ ਅਤੇ ਉਸਦੇ ਸਾਥੀ, ਜਿਸਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਦਾ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਨਾਲ ਕੋਈ ਸਬੰਧ ਨਹੀਂ ਹੈ। ਨਾ ਹੀ ਉਹ ਹੋਲਸੇਲ ਜਾਂ ਰਿਟੇਲ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕੁਝ ਬਾਹਰੀ ਲੋਕ ਨਸ਼ਿਆਂ ਦੀ ਤਸਕਰੀ ਕਰਕੇ ਕੈਮਿਸਟ ਭਾਈਚਾਰੇ ਨੂੰ ਬਦਨਾਮ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਸ਼ੋਕ ਬਾਲਿਆਂਵਾਲੀ ਨੇ ਕਿਹਾ ਕਿ ਪੁਲਿਸ ਵਿਭਾਗ ਨੂੰ ਦੋਸ਼ੀਆਂ ਤੋਂ ਪੂਰੀ ਤਰ੍ਹਾਂ ਪੁੱਛਗਿੱਛ ਕਰਨੀ ਚਾਹੀਦੀ ਹੈ, ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਪਾਬੰਦੀਸ਼ੁਦਾ ਦਵਾਈਆਂ ਦੀ ਸਪਲਾਈ ਅਤੇ ਵਿਕਰੀ ਕੌਣ ਕਰ ਰਿਹਾ ਸੀ, ਤਾਂ ਜੋ ਉਨ੍ਹਾਂ ਸਾਰਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਕਿਸੇ ਵੀ ਨਸ਼ਾ ਤਸਕਰੀ ਦਾ ਸਮਰਥਨ ਨਹੀਂ ਕਰਦੀ, ਸਗੋਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦਾ ਪੂਰਾ ਸਮਰਥਨ ਕਰਦੀ ਹੈ ਅਤੇ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਜ਼ਿਲ੍ਹਾ ਪ੍ਰਧਾਨ ਅਸ਼ੋਕ ਬਾਲਿਆਂਵਾਲੀ ਨੇ ਕੈਮਿਸਟ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਨਾਰਕੋਟਿਕ ਡਰੱਗਜ਼ ਅਤੇ ਸ਼ਡਿਊਲ H1 ਦੇ ਸੇਲ ਪਰਚੇਜ਼ ਦਾ ਪੂਰਾ ਰਿਕਾਰਡ ਰੱਖਣ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ।
ਇਸ ਮਾਮਲੇ 'ਤੇ ਚਿੰਤਾ ਪ੍ਰਗਟ ਕਰਦੇ ਹੋਏ, ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲੇ ਸਮਾਜ ਦੇ ਦੁਸ਼ਮਣ ਹਨ ਅਤੇ ਉਨ੍ਹਾਂ ਦਾ ਪੀਸੀਏ ਜਾਂ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ, ਬਠਿੰਡਾ ਨਾਲ ਕੋਈ ਸਬੰਧ ਨਹੀਂ ਹੈ।
ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਨਸ਼ੀਲੇ ਪਦਾਰਥਾਂ ਅਤੇ ਪਾਬੰਦੀਸ਼ੁਦਾ ਦਵਾਈਆਂ ਦੀ ਤਸਕਰੀ ਵਿੱਚ ਸ਼ਾਮਲ ਦੋਸ਼ੀਆਂ ਦੇ ਨਾਲ-ਨਾਲ ਉਨ੍ਹਾਂ ਦੇ ਸਾਥੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਇਸ ਗੈਰ-ਕਾਨੂੰਨੀ ਵਪਾਰ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕੇ।
ਸੁਰਿੰਦਰ ਦੁੱਗਲ ਨੇ ਕਿਹਾ ਕਿ ਪੰਜਾਬ ਕੈਮਿਸਟ ਐਸੋਸੀਏਸ਼ਨ ਅਤੇ ਇਸ ਦੀਆਂ ਸਾਰੀਆਂ ਇਕਾਈਆਂ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਵਿੱਚ ਪੂਰਾ ਸਹਿਯੋਗ ਕਰ ਰਹੀਆਂ ਹਨ ਅਤੇ ਇਹ ਸਹਿਯੋਗ ਭਵਿੱਖ ਵਿੱਚ ਵੀ ਜਾਰੀ ਰਹੇਗਾ।