ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ ਤਹਿਤ ਕਿਸਾਨਾਂ ਨੂੰ ਦਿੱਤੀ ਸਰੋਂ ਦੀ ਖੇਤੀ ਸਬੰਧੀ ਜਾਣਕਾਰੀ
ਅਸ਼ੋਕ ਵਰਮਾ
ਬਠਿੰਡਾ, 12 ਮਾਰਚ 2026 : ਨੈਸ਼ਨਲ ਮਿਸ਼ਨ ਆਨ ਏਡੀਬਲ ਆਇਲਜ਼ ਸਕੀਮ ਤਹਿਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਤਿਉਣਾ ਵਿਖੇ ਸਰੋਂ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਡਾ. ਹਰਬੰਸ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਕੀਤੀ, ਜਦਕਿ ਡਾ. ਦਵਿੰਦਰ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਕੈਂਪ ਦੌਰਾਨ ਪਿੰਡ ਅਤੇ ਆਸ-ਪਾਸ ਦੇ ਕਿਸਾਨਾਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਖੇਤੀਬਾੜੀ ਮਾਹਿਰਾਂ ਨਾਲ ਆਪਣੇ ਤਜਰਬੇ ਅਤੇ ਸਮੱਸਿਆਵਾਂ ਸਾਂਝੀਆਂ ਕੀਤੀਆਂ।
ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਹਰਜਸਪਾਲ ਸ਼ਰਮਾ ਖੇਤੀਬਾੜੀ ਅਫ਼ਸਰ ਬਠਿੰਡਾ ਨੇ ਕਿਸਾਨਾਂ ਨੂੰ ਕਣਕ ਦੇ ਘਰੇਲੂ ਬੀਜ ਤਿਆਰ ਕਰਨ ਦੇ ਤਰੀਕਿਆਂ ਅਤੇ ਘਰੇਲੂ ਬਗੀਚੀ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਘਰੇਲੂ ਬੀਜ ਤਿਆਰ ਕਰਕੇ ਕਿਸਾਨ ਆਪਣਾ ਖਰਚਾ ਘਟਾ ਸਕਦੇ ਹਨ ਅਤੇ ਉੱਚ ਗੁਣਵੱਤਾ ਵਾਲਾ ਬੀਜ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਡਾ. ਸੁਖਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫ਼ਸਲਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨਾਂ ਨੂੰ ਸਮੇਂ-ਸਿਰ ਖੇਤੀ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਡਾ. ਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਆਉਣ ਵਾਲੀ ਨਰਮੇ ਦੀ ਫ਼ਸਲ ਸਬੰਧੀ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੀ ਅਗਾਊਂ ਰੋਕਥਾਮ ਲਈ ਛਟੀਆਂ ਦੇ ਸੁਚੱਜੇ ਪ੍ਰਬੰਧਨ ਬਾਰੇ ਮਹੱਤਵਪੂਰਨ ਸੁਝਾਅ ਦਿੱਤੇ।
ਡਾ. ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਸਰੋਂ ਦੀ ਫ਼ਸਲ ਦੇ ਸੁਚੱਜੇ ਮੰਡੀਕਰਨ ਅਤੇ ਪ੍ਰੋਸੈਸਿੰਗ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਿਸਾਨ ਆਪਣੀ ਉਤਪਾਦਨ ਨੂੰ ਵਧੀਆ ਕੀਮਤ ’ਤੇ ਵੇਚ ਸਕਣ। ਇਸਦੇ ਨਾਲ ਹੀ ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਫਾਰਮਰ ਰਜਿਸਟਰੇਸ਼ਨ ਅਤੇ ਐਗਰੀ ਸਟੈਕ ਨਾਲ ਜੁੜਨ ਦੀ ਪ੍ਰਕਿਰਿਆ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ।
ਅੰਤ ਵਿੱਚ ਡਾ. ਹਰਬੰਸ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਜ਼ਿਲ੍ਹਾ ਪੱਧਰ ’ਤੇ ਚੱਲ ਰਹੀਆਂ ਖੇਤੀਬਾੜੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਖੇਤੀ ਮਾਹਿਰਾਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ, ਤਾਂ ਜੋ ਨਵੀਆਂ ਤਕਨੀਕਾਂ ਅਪਣਾ ਕੇ ਖੇਤੀ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ।