ਸਿਹਤ ਵਿਭਾਗ ਬਠਿੰਡਾ ਨੇ ਸਪੈਸ਼ਲ ਟੀਕਾਕਰਣ ਮੁਹਿੰਮ ਤਹਿਤ ਬੱਚਿਆਂ ਨੂੰ ਲਾਏ ਟੀਕੇ
ਅਸ਼ੋਕ ਵਰਮਾ
ਬਠਿੰਡਾ, 18 ਮਾਰਚ 2026 :ਸਿਵਲ ਸਰਜਨ ਬਠਿੰਡਾ ਡਾ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਬਠਿੰਡਾ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਟੀਕਾਕਰਣ ਹਫਤਾ ਜੋ ਕਿ ਮਿਤੀ 16 ਮਾਰਚ ਤੋਂ 20 ਮਾਰਚ 2026 ਤੱਕ ਮਨਾਇਆ ਜਾ ਰਿਹਾ ਹੈ । ਇਸੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਬੱਚਿਆਂ ਨੂੰ ਟੀਕੇ ਲਗਾਏ ਗਏ। ਇਸ ਮੁਹਿੰਮ ਦਾ ਮੁੱਖ ਉਦੇਸ਼ ਉਹਨਾਂ ਬੱਚਿਆਂ ਤੱਕ ਪਹੁੰਚਣਾ ਸੀ ਜੋ ਪਹਿਲਾਂ ਟੀਕਾਕਰਣ ਤੋਂ ਵਾਂਝੇ ਰਹਿ ਗਏ ਸਨ ਜਾਂ ਜਿਨ੍ਹਾਂ ਦੇ ਟੀਕੇ ਅਧੂਰੇ ਸਨ।ਸਿਵਲ ਸਰਜਨ ਡਾ ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਐਮ.ਆਰ. 1 (ਮੀਜ਼ਲਜ਼ ਰੂਬੈਲਾ) ਟੀਕੇ ਦੀ ਪਹਿਲੀ ਖੁਰਾਕ ਅਤੇ ਐਮ.ਆਰ -II ਦੀ ਦੂਜੀ ਖੁਰਾਕ ਦੀ ਕਵਰੇਜ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ । ਨਾਲ ਹੀ ਐਮ.ਆਰ. 1 ਤੋਂ ਐਮ.ਆਰ -II ਤੱਕ ਦੇ ਡ੍ਰਾਪ ਆਉਟ ਪ੍ਰਤੀਸ਼ਤ ਨੂੰ ਘਟਾਉਣ ਲਈ ਵੀ ਖਾਸ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਹਰ ਬੱਚੇ ਨੂੰ ਪੂਰਾ ਟੀਕਾਕਰਨ ਮਿਲ ਸਕੇ।
ਜਿਲ੍ਹਾ ਟੀਕਾਕਰਣ ਅਫ਼ਸਰ ਡਾ ਮੀਨਾਕਸ਼ੀ ਸਿੰਗਲਾ ਨੇ ਦੱਸਿਆ ਕਿ ਰੂਟੀਨ ਟੀਕਾਕਰਣ ਹਰ ਹਫ਼ਤੇ ਬੁੱਧਵਾਰ ਕੀਤਾ ਜਾਂਦਾ ਹੈ । ਜਨਮ ਤੋਂ ਲੈ ਕੇ 16 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਣ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਦੇ ਵੀ ਟੈਟਨਸ ਦੇ ਟੀਕੇ ਲਗਾਏ ਜਾਂਦੇ ਹਨ। ਉਹਨਾਂ ਦੱਸਿਆ ਕਿ ਸਪੈਸ਼ਲ ਟੀਕਾਕਰਣ ਹਫਤੇ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਬੱਚਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਪਿਆਂ ਨੂੰ ਟੀਕਾਕਰਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਉਹਨਾਂ ਦੱਸਿਆ ਸਿਹਤ ਵਿਭਾਗ ਵੱਲੋਂ ਉਹਨਾਂ ਬੱਚਿਆਂ ਦੀ ਵੀ ਪਛਾਣ ਕੀਤੀ ਜਾ ਰਹੀ ਹੈ ਜਿਨ੍ਹਾਂ ਨੂੰ ਅਜੇ ਤੱਕ ਕੋਈ ਵੀ ਟੀਕਾ ਨਹੀਂ ਲੱਗਿਆ, ਜਿਨ੍ਹਾਂ ਨੂੰ ਜ਼ੀਰੋ ਡੋਜ਼ ਚਿਲਡਰਨ ਕਿਹਾ ਜਾਂਦਾ ਹੈ। ਅਜਿਹੇ ਬੱਚਿਆਂ ਨੂੰ ਟੀਕਾਕਰਨ ਦੀ ਸੇਵਾ ਨਾਲ ਜੋੜ ਕੇ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਲਈ ਖਾਸ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਆਸ਼ਾ ਵਰਕਰਾਂ, ਏ.ਐਨ.ਐਮ., ਮਲਟੀਪਰਪਜ਼ ਹੈਲਥ ਵਰਕਰਾਂ (ਫੀਮੇਲ) ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਬੱਚਿਆਂ ਦੀ ਪਛਾਣ ਕਰਨ ਅਤੇ ਮਾਪਿਆਂ ਨੂੰ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ।ਸਿਹਤ ਵਿਭਾਗ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਬੱਚਿਆਂ ਦਾ ਸਮੇਂ-ਸਿਰ ਪੂਰਾ ਟੀਕਾਕਰਣ ਜ਼ਰੂਰ ਕਰਵਾਉਣ ਅਤੇ ਸਿਹਤ ਕਰਮਚਾਰੀਆਂ ਦਾ ਸਹਿਯੋਗ ਕਰਨ।