ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਬਠਿੰਡਾ ਵਿਖੇ ਜਾਗਰੂਕਤਾ ਸਮਾਗਮ 20 ਮਾਰਚ ਨੂੰ
ਅਸ਼ੋਕ ਵਰਮਾ
ਬਠਿੰਡਾ, 18 ਮਾਰਚ 2026 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ 20 ਮਾਰਚ, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਐਸ.ਐਸ.ਡੀ ਗਰਲਜ਼ ਕਾਲਜ, ਨੇੜੇ ਤਿੰਨ-ਕੋਨੀ, ਬਠਿੰਡਾ ਵਿਖੇ ਕਰਵਾਇਆ ਜਾਏਗਾ ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਮਿਸ ਅਰਸ਼ਦੀਪ ਕੌਰ ਨੇ ਦੱਸਿਆ ਕਿ ਇ; ਸਮਾਗਮ ਦਾ ਮੁੱਖ ਉਦੇਸ਼ ਨੌਜਵਾਨਾਂ ਅਤੇ ਬਜ਼ੁਰਗਾਂ ਵਿਚਕਾਰ ਪੀੜ੍ਹੀ ਦਰ ਪੀੜ੍ਹੀ ਸਾਂਝ ਨੂੰ ਮਜ਼ਬੂਤ ਕਰਨਾ ਅਤੇ ਬਜ਼ੁਰਗਾਂ ਦੇ ਤਜਰਬੇ ਨੂੰ ਸਾਂਝਾ ਕਰਨਾ ਹੈ। ਇਸ ਦੌਰਾਨ ਨੌਜਵਾਨਾਂ ਅਤੇ ਬਜ਼ੁਰਗਾਂ ਨੂੰ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਮੌਕੇ ਫਾਇਦੇਮੰਦ ਅਤੇ ਪਰੰਪਰਾਗਤ ਗਤੀਵਿਧੀਆਂ ਤਹਿਤ ਹੱਥੀ ਜੂਟ ਕੰਮ, ਕਾਗਜ਼ੀ ਕਲਾ, ਫੁਲਕਾਰੀ, ਪੇਂਟਿੰਗ, ਅਚਾਰ-ਮੁਰੱਬਾ ਤਿਆਰ ਕਰਨਾ, ਕਰੋਸ਼ੀਏ ਅਤੇ ਹੱਥੀ ਸੇਵੀਆਂ ਬਣਾਉਣ ਵਰਗੀਆਂ ਕਲਾਵਾਂ ਦੀ ਪ੍ਰਦਰਸ਼ਨੀ ਲਗਾਉਣ ਤੋਂ ਇਲਾਵਾ ਇਸ ਬਾਰੇ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਨਵੀਂ ਪੀੜ੍ਹੀ ਨੂੰ ਸੱਭਿਆਚਾਰਕ ਵਿਰਾਸਤ ਨਾਲ ਜੋੜਿਆ ਜਾ ਸਕੇ।