ਵਿਧਾਨ ਸਭਾ ਵਿੱਚ 'ਟੈੱਟ' ਖ਼ਿਲਾਫ਼ ਮਤਾ ਨਾ ਪਾਸ ਕਰਨ ਦੇ ਰੋਸ ਵਜੋਂ ਅਧਿਆਪਕਾਂ ਫੂਕਿਆ ਸਰਕਾਰ ਦਾ ਪੁਤਲਾ
ਆਪਣੀਆਂ ਨੌਕਰੀਆਂ ਦੀ ਸੁਰੱਖਿਆ ਮੰਗਦੇ ਅਧਿਆਪਕਾਂ ਉੱਤੇ ਪੁਲਿਸ ਜਬਰ ਦੀ ਕੀਤੀ ਸਖ਼ਤ ਨਿੰਦਾ
ਪ੍ਰਮੋਦ ਭਾਰਤੀ
ਨਵਾਂਸ਼ਹਿਰ 19 ਮਾਰਚ 2026
ਪੰਜਾਬ ਸਰਕਾਰ ਦੁਆਰਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਦੇ ਟੈਸਟ ਦੀ ਬੇਲੋੜੀ ਸ਼ਰਤ ਦੇ ਖ਼ਿਲਾਫ਼ ਬਿੱਲ ਨਾ ਪਾਸ ਕਰਨ ਦੇ ਰੋਸ ਵਜੋਂ ਸੂਬੇ ਭਰ ਵਿੱਚ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦੇ ਕੀਤੇ ਐਲਾਨ ਦੇ ਤਹਿਤ ਜ਼ਿਲਾ ਸ਼ ਭ ਸ ਨਗਰ ਵਿਖੇ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੇ ਤੌਰ ਤੇ ਜਸਵਿੰਦਰ ਔਜਲਾ,ਵਿਕਰਮਜੀਤ ਸਿੰਘ, ਵਿਆਸ ਲਾਲ,ਵਿਨੇ ਕੁਮਾਰ,ਨਵੀਨ ਕਰੀਹਾ ਆਦਿ ਅਧਿਆਪਕ ਆਗੂਆਂ ਦੀ ਅਗਵਾਈ ਹੇਠ ਸਥਾਨਕ ਜਿਲਾ ਹੈਡਕੁਆਟਰ ਵਿਖੇ ਸਰਕਾਰ ਖ਼ਿਲਾਫ਼ ਰੋਸ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਜਸਵਿੰਦਰ ਔਜਲਾ,ਵਿਕਰਮਜੀਤ ਸਿੰਘ, ਵਿਆਸ ਲਾਲ, ਸੁਖਦੇਵ ਡਾਨਸੀਵਾਲ, ਬਲਕਾਰ ਮਘਾਣੀਆ, ਸੋਮ ਨਾਥ ਸੜੋਆ, ਵਿਨੇ ਕੁਮਾਰ, ਮੁਕੇਸ਼ ਗੁਜਰਾਤੀ, ਪ੍ਰਸ਼ੋਤਮ ਬਲਾਚੌਰ, ਮਨਜਿੰਦਰਜੀਤ ਸਿੰਘ ਅਤੇ ਪੈਂਸ਼ਨਰ ਆਗੂ ਵਰਿੰਦਰ ਬਛੌੜੀ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ ਅਤੇ ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਦੇ ਖਿਲਾਫ ਬਿੱਲ ਨਾ ਲਿਆਉਣ ਅਤੇ ਸੁਪਰੀਮ ਕੋਰਟ ਵਿੱਚ ਟੈੱਟ ਦੇ ਖਿਲਾਫ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜਖਮੀ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿੱਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ, ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰੋਲ਼ ਦਿੱਤੇ ਗਏ ਹਨ, ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ ਗਈ, ਸਕੂਲਾਂ ਵਿੱਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵਲੋਂ ਖਜਾਨਾ ਭਰੇ ਹੋਣ ਦੇ ਦਮਗਜੇ ਮਾਰੇ ਜਾ ਰਹੇ ਹਨ, ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ, ਬਹੁਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਟੈੱਟ ਦੀ ਬੇਲੋੜੀ ਸ਼ਰਤ ਖ਼ਿਲਾਫ਼ ਮੰਤਰੀ ਮੰਡਲ ਵਿੱਚ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਵਿੱਚ ਵੀ ਇਸਦੇ ਖ਼ਿਲਾਫ਼ ਰੀਵਿਊ ਪਟੀਸ਼ਨ ਦਾਇਰ ਕਰੇ।
ਇਸ ਮੌਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸ਼ੰਕਰ ਦਾਸ, ਚੰਦਰ ਸ਼ੇਖਰ, ਸਤਨਾਮ ਮੀਰਪੁਰੀ, ਜਤਿੰਦਰ ਸਿੰਘ, ਸੁਖਜਿੰਦਰ ਰਾਮ,ਮਨਜੀਤ ਰਾਮ,ਹਰਵਿੰਦਰ ਬਲਾਚੌਰ, ਪਰਸ਼ੋਤਮ ਲਾਲ ,ਗੁਰਨਾਮ ਸਿੰਘ
ਮਨਮੋਹਨ ਸਿੰਘ ਚੱਢਾ, ਸਰਬਜੀਤ ਸਿੰਘ ,ਅਨਿਲ ਕੁਮਾਰ
ਰਾਜਵਿੰਦਰ ਕੌਰ ,ਦਲਜੀਤ,ਸਰਬਜੀਤ ਕੌਰ
ਕੁਲਵਿੰਦਰ ਕੌਰ ,ਰਮਾ ਕਾਂਤਾ ਆਦਿ ਵੀ ਮੌਜੂਦ ਸਨ।